13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਡਕਾਲਾ ਵਿਚ ਦਿਨ-ਦਿਹਾੜੇ ਨੌਜਵਾਨ ਦਾ ਕਤਲ

ਡਕਾਲਾ (ਪਟਿਆਲਾ), 23 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਡਕਾਲਾ ਵਿਖੇ ਹਿੰਦੁਸਤਾਨ ਪੈਟਰੋਲੀਅਮ ਪੰਪ ਨੇੜੇ ਦਿਨ-ਦਿਹਾੜੇ ਇਕ...

ਅਜੀਤ ਡੈਸਕ 23-10-2026

ਡਕਾਲਾ (ਪਟਿਆਲਾ), 23 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਡਕਾਲਾ ਵਿਖੇ ਹਿੰਦੁਸਤਾਨ ਪੈਟਰੋਲੀਅਮ ਪੰਪ ਨੇੜੇ ਦਿਨ-ਦਿਹਾੜੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੱਡੀ ਵਿਚ ਬਿਠਾ ਕੇ ਲਿਜਾਣ ਅਤੇ ਬਾਅਦ ਵਿਚ ਉਸ ਦੀ ਲਾਸ਼ ਭਵਾਨੀਗੜ੍ਹ ਰੋਡ ’ਤੇ ਪਿੰਡ ਚਨੋ ਨੇੜੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਨੌਜਵਾਨ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਨਵਾਬ ਖਾਨ (30), ਪੁੱਤਰ ਦਰਸ਼ਨ ਖਾਨ, ਵਾਸੀ ਡਕਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪਟਿਆਲਾ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਕਾਲੇ ਰੰਗ ਦੀ ਸਕਾਰਪੀਓ ਗੱਡੀ ਵਿਚ ਸਵਾਰ ਵਿਅਕਤੀਆਂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਨਵਾਬ ਖਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਹਮਲੇ ਵਿਚ ਜ਼ਖ਼ਮੀ ਹੋਣ ਮਗਰੋਂ ਹਮਲਾਵਰ ਉਸ ਨੂੰ ਗੱਡੀ ਵਿਚ ਬਿਠਾ ਕੇ ਆਪਣੇ ਨਾਲ ਲੈ ਗਏ। ਮੁੱਢਲੀ ਜਾਣਕਾਰੀ ਅਨੁਸਾਰ ਬਾਅਦ ਵਿਚ ਉਸ ਦੀ ਲਾਸ਼ ਭਵਾਨੀਗੜ੍ਹ ਰੋਡ ’ਤੇ ਪਿੰਡ ਚਨੋ ਨੇੜੇ ਮਿਲੀ। ਇਸ ਘਟਨਾ ਸਬੰਧੀ ਸਾਰੀ ਵਾਰਦਾਤ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਪ੍ਰਸ਼ਾਸਨ ਦੀਆਂ ਸੀਨੀਅਰ ਟੀਮਾਂ ਵਲੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ-ਪੜਤਾਲ ਕਰਦਿਆਂ ਘਟਨਾ ਦੇ ਪੂਰੇ ਕ੍ਰਮ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਦਿਨ-ਦਿਹਾੜੇ ਵਾਪਰੀ ਇਸ ਗੰਭੀਰ ਘਟਨਾ ਕਾਰਨ ਇਲਾਕੇ ਵਿਚ ਚਿੰਤਾ ਦਾ ਮਾਹੌਲ ਹੈ। ਹਮਲੇ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਸਬੰਧੀ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।

ਪਿਛਲੀ ਖ਼ਬਰ ਝੋਟਾ ਹੱਤਿਆ ਮਾਮਲਾ: 12 ਮੰਗਾਂ ਮੰਨਣ ਦੇ ਬਾਵਜੂਦ ਅਸਤੀਫ਼ਿਆਂ ’ਤੇ ਅੜੀ ਐਕਸ਼ਨ ਕਮੇਟੀ ਅਗਲੀ ਖ਼ਬਰ ਰਜਵਾਹੇ ਵਿਚੋਂ ਮਿਲੀ ਨੌਜਵਾਨ ਦੀ ਲਾਸ਼ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ