ਟਾਂਡਾ ਉੜਮੁੜ, 1 ਨਵੰਬਰ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਪਿੰਡ ਹਰਸੀ ਦੇ ਪੰਚਾਇਤ ਮੈਂਬਰ ਰਾਮਪਾਲ ਸਿੰਘ ਖ਼ਿਲਾਫ਼ ਧਾਰਾ 107/151 ਤਹਿਤ ਕਾਰਵਾਈ ਕਰਦਿਆਂ ਉਸ ਨੂੰ ਹਿਰਾਸਤ ਵਿਚ ਲਏ ਜਾਣ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਇਲਾਕਾ ਵਾਸੀਆਂ ਵਲੋਂ ਥਾਣਾ ਟਾਂਡਾ ਦੇ ਸਾਹਮਣੇ ਲਗਾਇਆ ਧਰਨਾ ਲਗਾਤਾਰ ਜਾਰੀ ਹੈ। ਧਰਨਾਕਾਰੀਆਂ ਵਲੋਂ ਪੁਲਿਸ ਦੀ ਇਸ ਕਾਰਵਾਈ ਨੂੰ ਸਿਆਸੀ ਦਬਾਅ ਹੇਠ ਕੀਤੀ ਗਈ ਕਾਰਵਾਈ ਕਰਾਰ ਦਿੰਦਿਆਂ ਰਾਮਪਾਲ ਸਿੰਘ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।
ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਮਪਾਲ ਸਿੰਘ ਖ਼ਿਲਾਫ਼ ਪਹਿਲਾਂ ਵੀ ਪੁਲਿਸ ਵਲੋਂ ਇਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਸ ਨੂੰ ਸੈਸ਼ਨ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਅਦਾਲਤੀ ਹੁਕਮਾਂ ਅਨੁਸਾਰ ਜਾਂਚ ਵਿੱਚ ਸ਼ਾਮਲ ਹੋਣ ਲਈ ਜਦੋਂ ਉਹ ਥਾਣੇ ਪਹੁੰਚਿਆ ਤਾਂ ਪੁਲਿਸ ਵੱਲੋਂ ਉਸ ਖ਼ਿਲਾਫ਼ ਧਾਰਾ 107/151 ਤਹਿਤ ਕਾਰਵਾਈ ਕਰਦਿਆਂ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਕਾਰਵਾਈ ਨੂੰ ਲੈ ਕੇ ਇਲਾਕੇ ਵਿਚ ਰੋਸ ਪਾਇਆ ਜਾ ਰਿਹਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਬਾਠ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਥਾਣਾ ਟਾਂਡਾ ਦੇ ਬਾਹਰ ਧਰਨਾ ਲਗਾਇਆ ਹੋਇਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਭੁੱਲਾ ਬਾਠ ਨੇ ਕਿਹਾ ਕਿ ਪੁਲਿਸ ਵਲੋਂ ਸਿਆਸੀ ਦਬਾਅ ਹੇਠ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਲੋਂ ਰਾਮਪਾਲ ਸਿੰਘ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਲੋਕਾਂ ਖ਼ਿਲਾਫ਼ ਕਥਿਤ ਤੌਰ ’ਤੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਰਾਮਪਾਲ ਸਿੰਘ ਨੂੰ ਜਲਦ ਰਿਹਾਅ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ।