ਅੰਮ੍ਰਿਤਸਰ, 2 ਨਵੰਬਰ--ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਮ੍ਰਿਤਸਰ ਵਿਚ ਨਸ਼ਾ ਤਸਕਰੀ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 5 ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਮੁੱਢਲੀ ਜਾਂਚ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਅਣਪਛਾਤੇ ਸਾਥੀਆਂ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਇਸ ਨੂੰ ਪੰਜਾਬ ਵਿੱਚ ਵੱਖ-ਵੱਖ ਵਿਅਕਤੀਆਂ ਤੱਕ ਪਹੁੰਚਾਉਂਦੇ ਸਨ।
ਇਸ ਮਾਮਲੇ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵਲੋਂ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਾਮਲੇ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।