ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 3 ਨਵੰਬਰ (ਕਪਿਲ ਕੰਧਾਰੀ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਅੱਜ ਸਥਾਨਕ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਐੱਸ.ਡੀ.ਐੱਮ. ਹਰਦੀਪ ਸਿੰਘ ਅਤੇ ਡੀ.ਐੱਸ.ਪੀ. ਤਜਿੰਦਰ ਪਾਲ ਸਿੰਘ ਨੇ ਪਟਾਕਾ ਵਿਕਰੇਤਾਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਅਧਿਕਾਰੀਆਂ ਨੇ ਪਟਾਕਾ ਵਿਕਰੇਤਾਵਾਂ ਅਤੇ ਦੁਕਾਨਦਾਰਾਂ ਨੂੰ ਸਪੱਸ਼ਟ ਕੀਤਾ ਕਿ ਉਹ ਪਟਾਕੇ ਵੇਚਣ ਲਈ ਲਾਜ਼ਮੀ ਆਰਜ਼ੀ ਲਾਇਸੈਂਸ ਜ਼ਰੂਰ ਪ੍ਰਾਪਤ ਕਰਨ ਅਤੇ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਿਤ ਕੀਤੀ ਗਈ ਥਾਂ ’ਤੇ ਹੀ ਪਟਾਕਿਆਂ ਦੀ ਵਿਕਰੀ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਦੁਕਾਨਦਾਰ ਮੁੱਖ ਬਾਜ਼ਾਰ ਜਾਂ ਸ਼ਹਿਰ ਦੇ ਹੋਰ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਪਟਾਕਿਆਂ ਦੀ ਵਿਕਰੀ ਨਾ ਕਰੇ।
ਅਧਿਕਾਰੀਆਂ ਨੇ ਪਟਾਕਾ ਵਿਕਰੇਤਾਵਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਵੀ ਵਿਅਕਤੀ ਪ੍ਰਸ਼ਾਸਨ ਵਲੋਂ ਜਾਰੀ ਨਿਯਮਾਂ ਅਤੇ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਸੁਪਰਡੈਂਟ ਕੇਵਲ ਕ੍ਰਿਸ਼ਨ ਸਮੇਤ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।