ਗੁਹਾਟੀ, 3 ਨਵੰਬਰ (ਪੀ.ਟੀ.ਆਈ.)- ਅਸਾਮ ਦੇ ਮੁੱਖ ਮੰਤਰੀ ਹੇਮੰਤਾ ਬਿਸਵਾ ਸਰਮਾ ਨੇ ਮੰਗਲਵਾਰ ਨੂੰ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਸਿਰਫ਼ ਇੱਕ ‘ਮੌਕ ਸੰਸਦ’ ਵਿਚ ਹੀ ਪ੍ਰਧਾਨ ਮੰਤਰੀ ਬਣ ਸਕਦੇ ਹਨ, ਜਦਕਿ ਅਸਲ ਸੰਸਦ ਵਿਚ ਨਰਿੰਦਰ ਮੋਦੀ ਹੀ ਪ੍ਰਧਾਨ ਮੰਤਰੀ ਰਹਿਣਗੇ।
ਇੱਥੇ ਭਾਜਪਾ ਦੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਮਾਂ ਸੋਨੀਆ ਗਾਂਧੀ ਬਹੁਤ ਜ਼ਿਆਦਾ ਚਾਹੁੰਦੀ ਸੀ ਕਿ ਉਹ ਪ੍ਰਧਾਨ ਮੰਤਰੀ ਬਣਨ ਅਤੇ ਉਨ੍ਹਾਂ ਦੀ ਇਸ ਇੱਛਾ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਜਦੋਂ ਸਾਰੀਆਂ ਕੋਸ਼ਿਸ਼ਾਂ ਅਸਫਲ ਹੋ ਗਈਆਂ, ਤਾਂ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ ਦੇ ਸਾਹਮਣੇ ਵਾਲੇ ਮੈਦਾਨ ਨੂੰ ਇੱਕ ‘ਮੌਕ ਸੰਸਦ’ ਵਜੋਂ ਵਰਤਿਆ ਗਿਆ ਤਾਂ ਜੋ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਇਆ ਜਾ ਸਕੇ।’ ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਹਾਲਾਤ ਅਜਿਹੇ ਹਨ ਕਿ ਰਾਹੁਲ ਗਾਂਧੀ ‘ਮੌਕ ਸੰਸਦ’ ਵਿਚ ਪ੍ਰਧਾਨ ਮੰਤਰੀ ਹੋਣਗੇ ਅਤੇ ਅਸਲ ਸੰਸਦ ਵਿਚ ਨਰਿੰਦਰ ਮੋਦੀ ਹੀ ਪ੍ਰਧਾਨ ਮੰਤਰੀ ਰਹਿਣਗੇ।