ਚੰਡੀਗੜ੍ਹ, 13 ਨਵੰਬਰ (ਅਜੈਬ ਔਜਲਾ)- ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਵੀ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਕਿਸਾਨ ਆਪਣੀ ਜਿਨਸ ਨੂੰ ਲੈ ਕੇ ਮੰਡੀਆਂ ਵਿਚ ਰੁਲ ਰਿਹਾ ਹੈ ਅਤੇ 400 ਦੇ ਕਰੀਬ ਮੰਡੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ ਜਿਸ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਨੇ ਫੈਸਲਾ ਕੀਤਾ ਕਿ 15 ਨਵੰਬਰ ਨੂੰ ਡੀ.ਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।
ਉਨ੍ਹਾਂ ਵਲੋਂ ਸਹਿਕਾਰੀ ਸਭਾਵਾਂ ਸਬੰਧੀ ਦਿੱਤੇ ਜਾ ਰਹੇ ਧਰਨਿਆ ਦੀ ਗੱਲ ਕਰਦਿਆ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਕਰਜ਼ੇ ਸਬੰਧੀ ਵਨ ਟਾਈਮ ਸੈਟਲਮੈਂਟ ਲਿਆਉਣੀ ਚਾਹੀਦੀ ਹੈ ਜਿਸ ਤਰ੍ਹਾਂ ਕਿ ਦੂਜੀਆਂ ਬੈਂਕਾਂ ਲਿਆਉਂਦੀਆਂ ਹਨ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਵੀ ਕੀਤੀ ਕਿ ਮੰਡੀਆਂ ਵਿਚ ਰੁਲ ਰਹੇ ਕਿਸਾਨਾਂ ਦੇ ਝੋਨੇ ਦੀ ਸਾਰ ਲਈ ਜਾਵੇ।