ਔਰਤ ਸਮੇਤ 5 ਦੀ ਮੌਤ, ਮ੍ਰਿਤਕਾਂ 'ਚ 3 ਬੱਚੇ ਵੀ ਸ਼ਾਮਲ
ਫ਼ਾਜ਼ਿਲਕਾ, 15 ਨਵੰਬਰ (ਪ੍ਰਦੀਪ ਕੁਮਾਰ)- ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਪਿੰਡ ਥੇਹ ਕਲੰਦਰ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਪਿਕਅੱਪ ਗੱਡੀ ਅਤੇ ਕਲੂਜ਼ਰ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋਈ ਦੱਸੀ ਜਾ ਰਹੀ ਹੈ। ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇੱਕ ਔਰਤ ਅਤੇ ਤਿੰਨ ਬੱਚੇ ਵੀ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਕਲੂਜ਼ਰ ਗੱਡੀ 'ਚ ਸਵਾਰ ਇਕ ਪਰਿਵਾਰ ਪਿੰਡ ਕਰਨੀਖੇੜਾ ਤੋਂ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆਪਣੇ ਘਰ ਜਲਾਲਾਬਾਦ ਦੇ ਪਿੰਡ ਟਿਵਾਣਾ ਲਈ ਜਾਂ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪਿੰਡ ਥੇਹ ਕਲੰਦਰ ਨੇੜੇ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ ਅਤੇ ਕਲੁਜਰ ਗੱਡੀ ਬੂਰੀ ਤਰ੍ਹਾਂ ਨਾਲ ਖ਼ਤਮ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦੀ ਕਾਰਵਾਈ ਕੀਤੀ। ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।