ਅਜਨਾਲਾ (ਅੰਮ੍ਰਿਤਸਰ), 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਹਲਕਾ ਅਜਨਾਲਾ ਦੀ ਸਿਆਸਤ ਵਿਚ ਅੱਜ ਉਸ ਸਮੇਂ ਨਵੀਂ ਚਰਚਾ ਛਿੜ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਚਾਨਕ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਦੀ ਸਿਆਸਤ ਦੇ ਸੀਨੀਅਰ ਆਗੂ ਡਾ. ਰਤਨ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਪਹੁੰਚ ਗਏ। ਉਨ੍ਹਾਂ ਦਾ ਇਹ ਅਚਨਚੇਤ ਦੌਰਾ ਸਿਰਫ਼ ਇਕ ਰਸਮੀ ਮੁਲਾਕਾਤ ਤੱਕ ਸੀਮਤ ਨਹੀਂ ਰਿਹਾ, ਸਗੋਂ ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪੰਥਕ ਸਿਆਸਤ ਦੀ ਦਿਸ਼ਾ, ਅਕਾਲੀ ਦਲ ਦੀ ਭਵਿੱਖੀ ਰਣਨੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖੁੱਲ੍ਹ ਕੇ ਵਿਚਾਰਾਂ ਹੋਈਆਂ। ਡਾ. ਰਤਨ ਸਿੰਘ ਅਜਨਾਲਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਆਪਣੇ ਗ੍ਰਹਿ ਵਿਖੇ ਅਚਾਨਕ ਪਹੁੰਚਣ ਨੂੰ ਆਪਣੇ ਲਈ ਵੱਡਾ ਮਾਣ ਦੱਸਦਿਆਂ ਕਿਹਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਦੇ ਘਰ ਆ ਕੇ ਉਨ੍ਹਾਂ ਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਸ ਮੌਕੇ ਦੋਵਾਂ ਆਗੂਆਂ ਵਿਚਾਲੇ ਹੋਈ ਗੱਲਬਾਤ ਨੇ ਅਕਾਲੀ ਸਿਆਸਤ ਨਾਲ ਜੁੜੇ ਵੱਖ-ਵੱਖ ਪਹਿਲੂਆਂ ਨੂੰ ਮੁੜ ਚਰਚਾ ਵਿਚ ਲਿਆ ਦਿੱਤਾ ਹੈ।
ਇਸ ਮੌਕੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਡਾ. ਰਤਨ ਸਿੰਘ ਅਜਨਾਲਾ ਦੀ ਸਿਆਸੀ ਤਜ਼ਰਬੇਕਾਰ ਸ਼ਖ਼ਸੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡਾ. ਅਜਨਾਲਾ ਲੰਬੇ ਸਮੇਂ ਤੋਂ ਅਕਾਲੀ ਸਿਆਸਤ ਵਿਚ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਅਕਾਲੀ ਸਿਆਸਤ ਦੀ ਨਬਜ਼ ਦੀ ਡੂੰਘੀ ਸਮਝ ਹੈ। ਉਨ੍ਹਾਂ ਕਿਹਾ ਕਿ ਭਾਵੇਂ ਡਾ. ਅਜਨਾਲਾ ਪੇਸ਼ੇ ਵਜੋਂ ਡਾਕਟਰ ਹਨ, ਪਰ ਅਕਾਲੀ ਸਿਆਸਤ ਦੇ ਮਾਮਲੇ ਵਿਚ ਵੀ ਉਹ ਇਕ ਤਜ਼ਰਬੇਕਾਰ ਡਾਕਟਰ ਵਾਂਗ ਸਿਆਸੀ ਹਾਲਾਤਾਂ ਦੀ ਬਾਰੀਕੀ ਨਾਲ ਸਮਝ ਰੱਖਦੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਲਾਨੌਰ ਦੇ ਡੇਰਾ ਬਾਬਾ ਨਾਨਕ ਹਲਕੇ ਵਿਚ ਇਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਗਏ ਹੋਏ ਸਨ। ਉੱਥੋਂ ਹੀ ਉਨ੍ਹਾਂ ਦੇ ਮਨ ਵਿਚ ਡਾ. ਰਤਨ ਸਿੰਘ ਅਜਨਾਲਾ ਨੂੰ ਮਿਲਣ, ਉਨ੍ਹਾਂ ਨਾਲ ਬੈਠ ਕੇ ਚਾਹ ਪੀਣ ਅਤੇ ਸਿਆਸਤ ਦੇ ਤਜ਼ਰਬੇ ਤੋਂ ਕੁਝ ਸਿੱਖਣ ਦੀ ਇੱਛਾ ਹੋਈ, ਜਿਸ ਕਾਰਨ ਉਹ ਅਚਾਨਕ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਕਿਹਾ ਕਿ ਡਾ. ਅਜਨਾਲਾ ਨਾਲ ਹੋਈ ਗੱਲਬਾਤ ਦੌਰਾਨ ਕਈ ਅਹਿਮ ਸਿਆਸੀ ਪਹਿਲੂਆਂ ਬਾਰੇ ਸੇਧ ਮਿਲੀ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਅਕਾਲੀ ਸਿਆਸਤ ਵਿਚ ਪੰਥਕ ਸੋਚ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਸੀ। ਪੰਥਕ ਸਿਆਸਤ ਅਤੇ ਨੈਤਿਕਤਾ ਇਕੋ ਸਿੱਕੇ ਦੇ ਦੋ ਪਹਿਲੂ ਸਨ, ਜਿਨ੍ਹਾਂ ਨੂੰ ਇਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ ਸੀ। ਪਰ ਅੱਜ ਦੀ ਪੰਥਕ ਅਤੇ ਅਕਾਲੀ ਸਿਆਸਤ ਵਿਚੋਂ ਨੈਤਿਕਤਾ ਕਿਤੇ ਗਾਇਬ ਹੁੰਦੀ ਜਾ ਰਹੀ ਹੈ, ਜਿਸ ਦੀ ਚਿੰਤਾ ਡਾ. ਰਤਨ ਸਿੰਘ ਅਜਨਾਲਾ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਵਿਚਾਲੇ ਇਸ ਗੱਲ 'ਤੇ ਸਹਿਮਤੀ ਸੀ ਕਿ ਨੌਜਵਾਨ ਪੀੜ੍ਹੀ ਨੂੰ ਸਾਫ਼-ਸੁਥਰੀ, ਸਿਧਾਂਤਕ ਅਤੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਸਿਆਸਤ ਨਾਲ ਜੋੜਨਾ ਸਮੇਂ ਦੀ ਲੋੜ ਹੈ।
ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਸੰਭਾਵੀ ਗੱਠਜੋੜ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਾਂਝ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਸਾਂਝ ਸਭ ਤੋਂ ਪਹਿਲਾਂ ਗੁਰੂ ਸਾਹਿਬ ਨਾਲ ਹੈ, ਜੋ ਪੱਥਰ 'ਤੇ ਲਕੀਰ ਹੈ। ਸਿਆਸਤ ਵਿਚ ਗੱਠਜੋੜ ਪਹਿਲਾਂ ਵੀ ਹੁੰਦੇ ਰਹੇ ਹਨ ਅਤੇ ਭਵਿੱਖ ਵਿਚ ਵੀ ਹੋਣਗੇ, ਪਰ ਗੱਠਜੋੜ ਸਿਰਫ਼ ਸੱਤਾ ਪ੍ਰਾਪਤੀ ਲਈ ਨਹੀਂ, ਸਗੋਂ ਪੰਜਾਬ, ਪੰਥ ਅਤੇ ਕੌਮ ਦੇ ਭਲੇ ਨਾਲ ਜੁੜੇ ਮੁੱਦਿਆਂ ਦੇ ਆਧਾਰ 'ਤੇ ਹੋਣੇ ਚਾਹੀਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਨਾਲ ਪੰਜਾਬ ਅਤੇ ਪੰਥ ਦੇ ਮੁੱਦਿਆਂ ਨੂੰ ਲੈ ਕੇ ਗੱਲਬਾਤ ਜ਼ਰੂਰ ਚੱਲ ਰਹੀ ਹੈ, ਪਰ ਇਸ ਨੂੰ ਸਿਆਸੀ ਭਾਈਵਾਲੀ ਦਾ ਨਾਂਅ ਦੇਣਾ ਹਾਲੇ ਠੀਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਕੋਈ ਸਿਆਸੀ ਭਾਈਵਾਲੀ ਹੁੰਦੀ ਹੈ ਤਾਂ ਉਸ ਬਾਰੇ ਤਜ਼ਰਬੇਕਾਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਹੀ ਫ਼ੈਸਲਾ ਲਿਆ ਜਾਵੇਗਾ। ਇਸ ਸਮੇਂ ਭਾਜਪਾ ਨਾਲ ਗੱਲਬਾਤ ਦਾ ਕੇਂਦਰ ਸਿਰਫ਼ ਪੰਜਾਬ ਅਤੇ ਪੰਥ ਦੇ ਮੁੱਦੇ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਦੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਪੰਥਕ ਫ਼ੈਸਲਿਆਂ ਤੋਂ ਬੇਮੁਖ ਹੋਏ ਹਨ, ਉਨ੍ਹਾਂ ਨਾਲ ਬੈਠਣਾ ਉਹ ਕਿਸੇ ਵੀ ਕੀਮਤ 'ਤੇ ਮੁਨਾਸਬ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਰੋਧ ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਨਾਲ ਨਹੀਂ, ਸਗੋਂ ਉਨ੍ਹਾਂ ਆਗੂਆਂ ਨਾਲ ਹੈ ਜਿਨ੍ਹਾਂ ਨੂੰ ਉਹ ਪੰਥਕ ਫ਼ੈਸਲਿਆਂ ਤੋਂ ਭਗੌੜਾ ਮੰਨਦੇ ਹਨ। ਇਸ ਸੰਬੰਧੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਦਰਵਾਜ਼ੇ ਉਨ੍ਹਾਂ ਲਈ ਬੰਦ ਨਹੀਂ ਹਨ, ਸਗੋਂ ਇਹ ਪੰਥ ਦੀ ਜਮਾਤ ਹੈ ਅਤੇ ਉਹ ਆਪਣੇ ਆਪ ਨੂੰ ਵੀ ਇਸੇ ਜਮਾਤ ਦਾ ਹਿੱਸਾ ਮੰਨਦੇ ਹਨ।
ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਹਲਕਾ ਅਜਨਾਲਾ ਤੋਂ ਉਮੀਦਵਾਰ ਸੰਬੰਧੀ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਡਾ. ਰਤਨ ਸਿੰਘ ਅਜਨਾਲਾ ਪਿਛਲੇ 45 ਸਾਲਾਂ ਤੋਂ ਸਿਆਸਤ ਵਿਚ ਸਰਗਰਮ ਹਨ ਅਤੇ ਇਸ ਹਲਕੇ ਵਿਚ ਉਨ੍ਹਾਂ ਦਾ ਲੰਮਾ ਸਿਆਸੀ ਤਜ਼ਰਬਾ ਹੈ। ਇਸ ਲਈ ਹਲਕਾ ਅਜਨਾਲਾ ਤੋਂ ਉਨ੍ਹਾਂ ਲਈ ਡਾ. ਰਤਨ ਸਿੰਘ ਅਜਨਾਲਾ ਹੀ ਮੋਹਰੀ ਆਗੂ ਹਨ ਤੇ ਸਾਡੇ ਉਹੀ ਉਮੀਦਵਾਰ ਰਹਿਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਏਜੰਡੇ ਵਿਚ ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.), ਕਿਸਾਨਾਂ ਦੇ ਕਰਜ਼ੇ ਅਤੇ ਮਜ਼ਦੂਰਾਂ ਦੇ ਮਸਲੇ ਪ੍ਰਮੁੱਖ ਹਨ। ਇਸ ਤੋਂ ਇਲਾਵਾ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦਾ ਮਸਲਾ ਵੀ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਉਨ੍ਹਾਂ ਨਵੇਂ ਉਭਰ ਰਹੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਰਤਾਰਪੁਰ ਲਾਂਘੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਚੰਡੀਗੜ੍ਹ ਯੂਨੀਵਰਸਿਟੀ ਨਾਲ ਸੰਬੰਧਿਤ ਮਸਲਿਆਂ ਨੂੰ ਵੀ ਅਹਿਮ ਦੱਸਿਆ।
ਇਸ ਦੇ ਨਾਲ ਹੀ ਉਨ੍ਹਾਂ ਜੰਮੂ-ਕਸ਼ਮੀਰ ਵਿਚ ਕਸ਼ਮੀਰੀ ਪੰਡਤਾਂ ਲਈ ਰਾਖਵੀਆਂ ਦੋ ਸੀਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖਾਂ ਨੂੰ ਵੀ ਉੱਥੇ ਰਾਜਨੀਤਿਕ ਨੁਮਾਇੰਦਗੀ ਲਈ ਰਾਖਵਾਂਕਰਨ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਨੂੰ ਵੀ ਪਾਰਟੀ ਆਪਣੇ ਏਜੰਡੇ ਵਿਚ ਤਰਜੀਹ ਦੇਵੇਗੀ। ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਸੰਭਾਵੀ ਗੱਠਜੋੜ ਸੰਬੰਧੀ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਵੀ ਗੱਲਬਾਤ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸਭ ਸਥਿਤੀ ਸਪਸ਼ਟ ਹੋ ਜਾਵੇਗੀ। ਪਾਰਟੀ ਛੱਡ ਕੇ ਗਏ ਕੁਝ ਆਗੂਆਂ ਬਾਰੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਆਪਣਾ ਫ਼ੈਸਲਾ ਹੈ ਅਤੇ ਕਿਸੇ ਨੂੰ ਵੀ ਪਾਰਟੀ ਵਿਚ ਰਹਿਣ ਜਾਂ ਛੱਡਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਦਿੱਲੀ ਵਿਖੇ ਵੀ ਵੱਖ-ਵੱਖ ਆਗੂਆਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਕੁਝ ਆਗੂ ਇਸ ਸੰਬੰਧੀ ਵਿਚਾਰ-ਵਟਾਂਦਰਾ ਕਰਕੇ ਆਏ ਸਨ।