ਖਡੂਰ ਸਾਹਿਬ, 20 ਨਵੰਬਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਅਦਾਲਤ ਵਲੋਂ ਮਨੁੱਖੀ ਆਧਾਰ ’ਤੇ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਉਹ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿਚ ਸ਼ਾਮਲ ਹੋਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੱਤ ਵਾਹਨਾਂ ਦੇ ਕਾਫ਼ਲੇ ਰਾਹੀਂ ਹਵਾਈ ਅੱਡੇ ਪਹੁੰਚਾਇਆ ਗਿਆ। ਇਹ ਹਵਾਈ ਅੱਡਾ ਜੇਲ੍ਹ ਤੋਂ ਕਰੀਬ 15 ਕਿਲੋਮੀਟਰ ਦੂਰ ਸਥਿਤ ਹੈ। ਉੱਥੋਂ ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ, ਜਿੱਥੋਂ ਅਗਲੇ ਪੜਾਅ ਵਿਚ ਪੰਜਾਬ ਲਿਆਂਦਾ ਜਾਵੇਗਾ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਜਸਬੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਲਿਆਂਦਾ ਗਿਆ ਹੈ। ਉਹ 21 ਨਵੰਬਰ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਪੰਜਾਬ ਜਾਣਗੇ। ਤੈਅ ਪ੍ਰਬੰਧਾਂ ਅਨੁਸਾਰ 22 ਨਵੰਬਰ ਨੂੰ ਉਨ੍ਹਾਂ ਨੂੰ ਮੁੜ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਰਿਵਾਰ ਲੰਮੇ ਸਮੇਂ ਤੋਂ ਉਡੀਕ ਕਰ ਰਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋ ਸਕਣ। ਜ਼ਿਕਰਯੋਗ ਹੈ ਕਿ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ।
ਅਦਾਲਤ ਨੇ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ
ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਸਬੰਧੀ ਨਵਾਂ ਹੁਕਮ 17 ਨਵੰਬਰ ਨੂੰ ਪੰਜਾਬ ਦੀ ਅਦਾਲਤ ਵਲੋਂ ਜਾਰੀ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 14 ਨਵੰਬਰ ਨੂੰ ਵੀ ਉਨ੍ਹਾਂ ਨੂੰ ਪੰਜਾਬ ਲਿਆਉਣ ਦੀ ਯੋਜਨਾ ਬਣਾਈ ਗਈ ਸੀ, ਪਰ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਵਿਚਾਲੇ ਢੁਕਵੀਆਂ ਹਵਾਈ ਉਡਾਣਾਂ ਅਤੇ ਆਵਾਜਾਈ ਦੇ ਸਾਧਨ ਉਪਲਬਧ ਨਾ ਹੋਣ ਕਾਰਨ ਇਹ ਪ੍ਰਬੰਧ ਸਿਰੇ ਨਹੀਂ ਚੜ੍ਹ ਸਕਿਆ ਸੀ।
ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਹਾਜ਼ਰ ਰੱਖਿਆ ਜਾਵੇ। ਅਦਾਲਤ ਨੇ ਇਹ ਰਾਹਤ ਮਨੁੱਖੀ ਆਧਾਰ ’ਤੇ ਦਿੱਤੀ ਹੈ, ਪਰ ਇਸ ਦੌਰਾਨ ਉਨ੍ਹਾਂ ਦਾ ਪੁਲੀਸ ਹਿਰਾਸਤ ਵਿਚ ਰਹਿਣਾ ਲਾਜ਼ਮੀ ਹੋਵੇਗਾ।
ਅਦਾਲਤੀ ਹੁਕਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ, ਰਾਜਾਸਾਂਸੀ ਵਿਖੇ ਲਿਆਂਦਾ ਜਾਵੇਗਾ। ਉੱਥੋਂ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ।
ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵਲੋਂ ਅਜੇ ਤੱਕ ਇਹ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਕਿ ਪਿੰਡ ਵਿਚ ਉਨ੍ਹਾਂ ਨੂੰ ਕਿਸ ਥਾਂ ਰੱਖਿਆ ਜਾਵੇਗਾ ਅਤੇ ਆਵਾਜਾਈ ਦੇ ਕੀ ਪ੍ਰਬੰਧ ਹੋਣਗੇ। ਤੈਅ ਸਮਾਂ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ।