ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਏਕਤਾ ਦੀ ਘਾਟ ਹੈ ਅਤੇ ਇਸ ਦੇ ਆਗੂ ਆਪੋ-ਆਪਣੇ ਰਾਹ ਤੁਰ ਰਹੇ ਹਨ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਨੂੰ ਬਾਟੇ ਵਾਂਗ ਮਾਂਜ ਦੇਣਗੇ।
ਇਸ ਤੋਂ ਪਹਿਲਾਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਦੇਰ ਸ਼ਾਮ ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 5 ਵਿੱਚ 'ਮਾਨ ਦੇ ਮੁਨਾਫ਼ੇ' ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ 'ਮਾਨ ਦੇ ਮੁਨਾਫ਼ੇ' ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਦੌਰਾਨ ਮਾਵਾਂ-ਭੈਣਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਤਿਕਾਰ ਤੋਂ ਉਹ ਬੇਹੱਦ ਖੁਸ਼ ਹਨ।
ਰਾਜਾ ਵੜਿੰਗ ਵੱਲੋਂ ਇੱਕ ਮੀਟਿੰਗ ਦੌਰਾਨ ਦਿੱਤੇ ਗਏ ਬਿਆਨ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਅੰਦਰੂਨੀ ਏਕਤਾ ਨਜ਼ਰ ਨਹੀਂ ਆ ਰਹੀ। ਪਾਰਟੀ ਦੇ ਆਗੂਆਂ ਵਿਚਕਾਰ ਆਪਸੀ ਤਾਲਮੇਲ ਦੀ ਕਮੀ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਦੇ ਆਗੂਆਂ ਦੀ ਆਪਸੀ ਖਿੱਚੋਤਾਣ ਲੋਕਾਂ ਤੋਂ ਲੁਕੀ ਹੋਈ ਨਹੀਂ ਹੈ।
ਆਪਣੇ ਬਿਆਨ ਨੂੰ ਹੋਰ ਤਿੱਖਾ ਕਰਦਿਆਂ ਵਿਧਾਇਕ ਧਾਲੀਵਾਲ ਨੇ ਮੌਕੇ ’ਤੇ ਮੌਜੂਦ ਇਕ ਨਿਹੰਗ ਸਿੰਘ ਦਾ ਬਾਟਾ ਦਿਖਾ ਕੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਵੀ ਇਸ ਬਾਟੇ ਵਾਂਗ ਮਾਂਜ ਦੇਣਗੇ। ਉਨ੍ਹਾਂ ਕਿਹਾ ਕਿ ਲੋਕ ਸਭ ਕੁਝ ਦੇਖ ਅਤੇ ਸਮਝ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਆਪਣੇ ਵੋਟ ਦੇ ਅਧਿਕਾਰ ਰਾਹੀਂ ਫ਼ੈਸਲਾ ਸੁਣਾਉਣਗੇ।
ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਕੌਂਸਲਰ ਨੰਬਰਦਾਰ ਇੰਦਰਪਾਲ ਸਿੰਘ ਸ਼ਾਹ, ਸਾਬਕਾ ਕੌਂਸਲਰ ਗੁਰਦੇਵ ਸਿੰਘ, ਦਵਿੰਦਰ ਸਿੰਘ ਸੋਨੂੰ ਅਤੇ ਅਵਿਨਾਸ਼ ਮਸੀਹ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।