ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਮਿਤ ਸ਼ਾਹ ਦੇਸ਼ ਭਰ ਦਾ ਦੌਰਾ ਕਰਦੇ ਹਨ ਤੇ ਵੱਖ-ਵੱਖ ਰਾਜਾਂ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਹੋਣ ਦਾ ਦਾਅਵਾ ਕਰਦੇ ਹਨ, ਪਰ ਉਨ੍ਹਾਂ ਨੂੰ ਪੰਜਾਬ ਆਉਣ ਤੋਂ ਪਹਿਲਾਂ, ਗੈਂਗਸਟਰਵਾਦ, ਨਸ਼ਾ ਤਸਕਰੀ, ਫਿਰੌਤੀ ਤੇ ਆਮ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਉਸ ਵਿਰੁੱਧ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਤਲ, ਫਿਰੌਤੀ ਅਤੇ ਕਿਡਨੈਪਿੰਗ ਵਰਗੇ ਗੰਭੀਰ ਮਾਮਲੇ ਦਰਜ ਹਨ। ਇਸ ਦੇ ਬਾਵਜੂਦ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿਚ ਬੰਦ ਹੋਣ ਦੇ ਬਾਵਜੂਦ ਉਸ ਦੇ ਨਾਮ ’ਤੇ ਕਥਿਤ ਤੌਰ ’ਤੇ ਅਪਰਾਧਿਕ ਗਤੀਵਿਧੀਆਂ ਤੇ ਧਮਕੀ ਭਰੇ ਫ਼ੋਨ ਆਉਣ ਦੇ ਮਾਮਲੇ ਸਾਹਮਣੇ ਆਉਣਾ ਬਹੁਤ ਹੀ ਗੰਭੀਰ ਵਿਸ਼ਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਜੇਲ੍ਹਾਂ ਦੇ ਅੰਦਰੋਂ ਵੀ ਅਪਰਾਧਿਕ ਨੈੱਟਵਰਕ ਚਲਾਏ ਜਾਣ ਦੇ ਦੋਸ਼ ਲੱਗ ਰਹੇ ਹਨ, ਤਾਂ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਸੰਬੰਧਿਤ ਰਾਜ ਸਰਕਾਰਾਂ ਇਸ ਦੀ ਜਵਾਬਦੇਹੀ ਕਿਉਂ ਨਹੀਂ ਤੈਅ ਕਰਦੀਆਂ? ਅਮਿਤ ਸ਼ਾਹ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੇ ਨੈੱਟਵਰਕ ਨੂੰ ਨੱਥ ਪਾਉਣ ਲਈ ਕੀ ਠੋਸ ਕਦਮ ਚੁੱਕੇ ਗਏ ਹਨ। ਹਰਪਾਲ ਚੀਮਾ ਨੇ ਮੁੰਬਈ ਵਿਚ ਅਦਾਕਾਰ ਟਾਈਗਰ ਸ਼ਰਾਫ ’ਤੇ ਹੋਈ ਗੋਲੀਬਾਰੀ ਦੀਆਂ ਖ਼ਬਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਵਿਚ ਵੱਡੇ ਕਲਾਕਾਰਾਂ, ਕਾਰੋਬਾਰੀਆਂ ਤੇ ਪ੍ਰਭਾਵਸ਼ਾਲੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਚੀਮਾ ਨੇ ਭਾਜਪਾ ਸਰਕਾਰ ਵਾਲੇ ਰਾਜਾਂ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਹਰਿਆਣਾ, ਗੁਜਰਾਤ, ਰਾਜਸਥਾਨ ਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਰਾਜਾਂ ਤੋਂ ਗੈਂਗਵਾਰ, ਗੋਲੀਬਾਰੀ, ਫਿਰੌਤੀ ਅਤੇ ਨਸ਼ਾ ਤਸਕਰੀ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਭਰ ਵਿਚ ਮਜ਼ਬੂਤ ਕਾਨੂੰਨ-ਵਿਵਸਥਾ ਦੇਣ ਦੇ ਦਾਅਵੇ ਕਰਦੀ ਹੈ, ਪਰ ਇਨ੍ਹਾਂ ਘਟਨਾਵਾਂ ਦੇ ਵਿਚਕਾਰ ਜਨਤਾ ਇਹ ਜਾਣਨਾ ਚਾਹੁੰਦੀ ਹੈ ਕਿ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸਲ ਵਿਚ ਕੀ ਕੀਤਾ ਜਾ ਰਿਹਾ ਹੈ। ਚੀਮਾ ਮੁਤਾਬਕ, ਕੇਵਲ ਸਿਆਸੀ ਭਾਸ਼ਣਾਂ ਨਾਲ ਅਪਰਾਧ ਨੂੰ ਨਹੀਂ ਰੋਕਿਆ ਜਾ ਸਕਦਾ, ਇਸ ਲਈ ਜਵਾਬਦੇਹੀ, ਪ੍ਰਭਾਵਸ਼ਾਲੀ ਜਾਂਚ ਅਤੇ ਅਪਰਾਧੀਆਂ ਵਿਰੁੱਧ ਫੈਸਲਾਕੁਨ ਕਾਰਵਾਈ ਜ਼ਰੂਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ ਤੇ ਪੰਜਾਬ ਪੁਲਿਸ ਅਪਰਾਧੀਆਂ ਤੇ ਗੈਂਗਸਟਰ ਨੈੱਟਵਰਕ ਵਿਰੁੱਧ ਕਾਰਵਾਈ ਕਰ ਰਹੀ ਹੈ। ਸਰਕਾਰ ਅਪਰਾਧ ਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਮੰਨਦੀ। ਹਰਪਾਲ ਚੀਮਾ ਨੇ ਅਮਿਤ ਸ਼ਾਹ ਤੋਂ ਸਵਾਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਸਾਬਰਮਤੀ ਜੇਲ੍ਹ ਵਿਚ ਬੰਦ ਲਾਰੈਂਸ ਬਿਸ਼ਨੋਈ ਨਾਲ ਜੁੜੇ ਕਥਿਤ ਅਪਰਾਧਿਕ ਨੈੱਟਵਰਕ ਨੂੰ ਨੱਥ ਪਾਉਣ ਲਈ ਕੇਂਦਰ ਅਤੇ ਗੁਜਰਾਤ ਸਰਕਾਰ ਨੇ ਕੀ ਕਦਮ ਚੁੱਕੇ ਹਨ। ਉਨ੍ਹਾਂ ਪੁੱਛਿਆ ਕਿ ਜੇਲ੍ਹ ਤੋਂ ਧਮਕੀ ਭਰੇ ਫ਼ੋਨ ਤੇ ਫਿਰੌਤੀ ਦੀਆਂ ਸ਼ਿਕਾਇਤਾਂ ਨੂੰ ਰੋਕਣ ਲਈ ਕੀ ਪ੍ਰਭਾਵਸ਼ਾਲੀ ਪ੍ਰਣਾਲੀ ਲਾਗੂ ਕੀਤੀ ਗਈ ਹੈ ਤੇ ਅਜਿਹੇ ਮਾਮਲਿਆਂ ਵਿਚ ਕਿਸ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ।
ਗੈਂਗਸਟਰਵਾਦ, ਨਸ਼ਾ ਤਸਕਰੀ ਤੇ ਫਿਰੌਤੀ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ ਅਮਿਤ ਸ਼ਾਹ-ਚੀਮਾ
ਗੈਂਗਸਟਰਵਾਦ, ਨਸ਼ਾ ਤਸਕਰੀ ਤੇ ਫਿਰੌਤੀ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ ਅਮਿਤ ਸ਼ਾਹ-ਚੀਮਾ
ਅਜੀਤ ਡੈਸਕ
20-10-2026