17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਿਲਕਿਸ ਬਾਨੋ ਨੇ ਛੱਡਿਆ ਗੁਜਰਾਤ ਕਿਹਾ, ਅੱਜ ਫਿਰ ਡਰ ਸਤਾ ਰਿਹੈ

ਬਿਲਕਿਸ ਬਾਨੋ ਨੇ ਛੱਡਿਆ ਗੁਜਰਾਤ ਕਿਹਾ, ਅੱਜ ਫਿਰ ਡਰ ਸਤਾ ਰਿਹੈ

ਅਜੀਤ ਡੈਸਕ 18-11-2026

ਨਵੀਂ ਦਿੱਲੀ, 17 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਵਲੋਂ 2002 ਦੇ ਗੁਜਰਾਤ ਦੰਗਿਆਂ ਦੌਰਾਨ ਸਮੂਹਿਕ ਜਬਰ-ਜਨਾਹ ਅਤੇ ਪਰਿਵਾਰਕ ਮੈਂਬਰਾਂ ਦੇ ਕਤਲ ਮਾਮਲੇ ਦੇ ਦੋ ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਕੇ ਜ਼ਮਾਨਤ ਦਿੱਤੇ ਜਾਣ ’ਤੇ ਬਿਲਕਿਸ ਬਾਨੋ ਨੇ ਪਰਿਵਾਰ ਸਮੇਤ ਗੁਜਰਾਤ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਉਸ ਨੇ ਡੂੰਘਾ ਦੁੱਖ, ਸਦਮਾ ਅਤੇ ਦਹਿਸ਼ਤ ਪ੍ਰਗਟ ਕੀਤੀ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਜਾਰੀ ਬਿਆਨ ’ਚ ਕਿਹਾ ਕਿ ਉਹ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਮੁੜ ਡਰ ਗਈ ਹੈ। ਬਿਲਕਿਸ ਬਾਨੋ ਨੇ ਆਪਣੇ ਵਕੀਲ ਸ਼ੋਭਾ ਗੁਪਤਾ ਰਾਹੀਂ ਜਾਰੀ ਬਿਆਨ ’ਚ ਕਿਹਾ ਕਿ ਇਹ ਦੂਜੀ ਵਾਰ ਹੈ ਜਦੋਂ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਬੁਲਾਏ ਜਾਂ ਉਨ੍ਹਾਂ ਦਾ ਪੱਖ ਸੁਣੇ ਬਿਨਾਂ ਦੋਸ਼ੀਆਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਇਸ ਹੁਕਮ ਬਾਰੇ ਮੀਡੀਆ ਦੀਆਂ ਰਿਪੋਰਟਾਂ ਰਾਹੀਂ ਪਤਾ ਲੱਗਾ। ਉਨ੍ਹਾਂ ਕਿਹਾ ਕਿ 24 ਸਾਲਾਂ ਦੀ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਉਨ੍ਹਾਂ ਨੇ ਆਪਣੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਂਦਾ ਸੀ, ਪਰ ਇਸ ਫ਼ੈਸਲੇ ਨੇ ਪੁਰਾਣੇ ਡਰ ਨੂੰ ਫਿਰ ਤੋਂ ਜ਼ਿੰਦਾ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ, ਆਪਣੇ ਬੱਚਿਆਂ ਅਤੇ ਪਰਿਵਾਰ ਲਈ ਡਰ ਜਤਾਇਆ।ਬਿਲਕਿਸ ਬਾਨੋ ਨੇ ਸਪਸ਼ਟ ਕੀਤਾ ਕਿ ਉਹ ਇਸ ਹੁਕਮ ਵਿਰੁੱਧ ਕਾਨੂੰਨੀ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਉਹ ਇਹ ਲੜਾਈ ਆਪਣੇ ਬੱਚਿਆਂ, ਆਪਣੀ ਮ੍ਰਿਤਕ ਧੀ ਸਾਲੇਹਾ ਅਤੇ ਦੇਸ਼ ਦੀਆਂ ਸਾਰੀਆਂ ਔਰਤਾਂ ਦੇ ਨਿਆਂ ਲਈ ਜਾਰੀ ਰੱਖਣਗੇ। ਦੱਸਣਯੋਗ ਹੈ ਕਿ ਬੀਤੇ ਸੋਮਵਾਰ ਨੂੰ ਜਸਟਿਸ ਐਮ. ਐਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੀ ਬੈਂਚ ਨੇ ਦੋ ਦੋਸ਼ੀਆਂ, ਬਿਪਿਨਚੰਦ ਕਨ੍ਹਈਆਲਾਲ ਜੋਸ਼ੀ ਅਤੇ ਪ੍ਰਦੀਪ ਰਮਨਲਾਲ ਮੋਧੀਆ ਦੀਆਂ ਅਪੀਲਾਂ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਦੀ ਸਜ਼ਾ ਮੁਅੱਤਲ ਕਰ ਦਿੱਤੀ ਸੀ। ਅਦਾਲਤ ਨੇ ਨੋਟ ਕੀਤਾ ਕਿ ਦੋਵੇਂ ਦੋਸ਼ੀ 17 ਸਾਲਾਂ ਤੋਂ ਵੱਧ ਸਮਾਂ ਜੇਲ੍ਹ ’ਚ ਕੱਟ ਚੁੱਕੇ ਹਨ ਅਤੇ ਉਨ੍ਹਾਂ ’ਚੋਂ ਇਕ ਗੰਭੀਰ ਰੂਪ ’ਚ ਅਪਾਹਜ ਹੈ।

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਬਾਰੇ ਫ਼ੈਸਲਾ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਹੀ ਕਰਨਗੇ-ਪਾਟਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।