25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕੀਤਾ

ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕੀਤਾ

ਅਜੀਤ ਡੈਸਕ 26-11-2026

ਕਿਸਾਨਾਂ ਦੀ ਸਖ਼ਤ ਮਿਹਨਤ ਦਾ ਮੁੱਲ ਦੇਣ ਲਈ ਸਰਕਾਰ ਵਚਨਬੱਧ-ਮੁੱਖ ਮੰਤਰੀ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ, ਜੋ ਪੂਰੇ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਹੈ। ਇੱਥੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕਿਸਾਨ ਭਾਈਚਾਰੇ ਦੀ ਭਲਾਈ ਅਤੇ ਆਰਥਿਕ ਖ਼ੁਸ਼ਹਾਲੀ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਦਰਸਾਉਂਦਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ। ਸਾਡੀ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਪੂਰੇ ਦੇਸ਼ ਵਿਚ ਸਭ ਤੋਂ ਵੱਧ ਹੈ । ਕਿਸਾਨਾਂ ਲਈ ਸਹੂਲਤ ਯਕੀਨੀ ਬਣਾਉਣ ਵਾਸਤੇ ਸੂਬੇ ਭਰ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਕੰਮਕਾਜ ਸ਼ੁਰੂ ਕਰਨਗੀਆਂ । ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਦੇ ਮਿਹਨਤੀ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਵੱਡੀ ਪਹਿਲਕਦਮੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦਾ ਢਿੱਡ ਭਰਨ ਤੇ ਮੁਲਕ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰਦੇ ਹਨ । ਉਨ੍ਹਾਂ ਅੱਗੇ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਬਣਦਾ ਪੂਰਾ ਮੁੱਲ ਮਿਲੇ । ਉਨ੍ਹਾਂ ਕਿਹਾ ਕਿ ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਤੇ ਪੰਜਾਬ ਦੀ ਸਮੁੱਚੀ ਤਰੱਕੀ ਤੇ ਆਰਥਿਕ ਖ਼ੁਸ਼ਹਾਲੀ ਲਈ ਕਿਸਾਨਾਂ ਦਾ ਖ਼ੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ । ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ, ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਖੇਤੀਬਾੜੀ ਖੇਤਰ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਉਪਜ ਦਾ ਲਾਹੇਵੰਦ ਭਾਅ ਦੇਣਾ ਅਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਨਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ । ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ 25 ਨਵੰਬਰ ਤੋਂ ਖੰਡ ਮਿੱਲਾਂ ਦੇ ਸ਼ੁਰੂ ਹੋਣ ਨਾਲ ਗੰਨਾ ਉਤਪਾਦਕ ਕਿਸਾਨਾਂ ਨੂੰ ਆਪਣੀ ਫ਼ਸਲ ਸਮੇਂ ਸਿਰ ਅਤੇ ਸੁਖਾਲੇ ਢੰਗ ਨਾਲ ਮਿੱਲਾਂ ਵਿਚ ਲਿਆਉਣ ਦੀ ਸਹੂਲਤ ਮਿਲੇਗੀ ।

ਪਿਛਲੀ ਖ਼ਬਰ ਗੁਰਪੁਰਬ ਨੂੰ ਸਮਰਪਿਤ ਮੀਰਪੁਰ ਵਿਖੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੇਂਦਰੀ ਮੰਤਰੀ ਮੰਡਲ ਵਲੋਂ ਡਾਕਘਰਾਂ ਨੂੰ ਮੁੜ ਨਵਿਆਉਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।