ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਅਧਿਕਾਰੀਆਂ ਨੂੰ ਯੋਜਨਾਵਾਂ ਲਾਗੂ ਕਰਨ ਤੇ ਕਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ‘ਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ‘ਚ ਪੱਛੜੀਆਂ ਸ਼੍ਰੇਣੀਆਂ (ਬੀ.
ਵ
ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨਾਲ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਤੇ ਹੋਰ।
02-09-2026
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ‘ਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ‘ਚ ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਨਾਲ ਸੰਬੰਧਿਤ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਭਲਾਈ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਸਮੀਖਿਆ ਕੀਤੀ ਗਈ। ਚੇਅਰਮੈਨ ਮਲਕੀਤ ਥਿੰਦ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਉਦੇਸ਼ ਤਾਂ ਹੀ ਪੂਰਾ ਹੁੰਦਾ ਹੈ, ਜਦੋਂ ਉਨ੍ਹਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀ.ਸੀ. ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਯੋਗਤਾ ਅਨੁਸਾਰ ਯੋਜਨਾਵਾਂ ਦਾ ਲਾਭ ਦਿਵਾਉਣ ਵਿਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ। ਮੀਟਿੰਗ ਦੌਰਾਨ ਚੇਅਰਮੈਨ ਨੇ ਵੱਖ-ਵੱਖ ਵਿਭਾਗਾਂ ਵਲੋਂ ਹੁਣ ਤੱਕ ਪੱਛੜੀਆਂ ਸ਼੍ਰੇਣੀਆਂ ਲਈ ਲਾਗੂ ਕੀਤੀਆਂ ਯੋਜਨਾਵਾਂ ਤਹਿਤ ਦਿੱਤੇ ਗਏ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਪਲਬਧ ਅੰਕੜਿਆਂ ਦੇ ਆਧਾਰ ‘ਤੇ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਯੋਜਨਾਵਾਂ ਦੇ ਲਾਗੂ ਕਰਨ ਵਿਚ ਸਾਹਮਣੇ ਆਈਆਂ ਕਮੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਤਰਜੀਹ ਦੇ ਆਧਾਰ ‘ਤੇ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸਿੱਧਾ ਸੰਵਾਦ ਵੀ ਕੀਤਾ ਗਿਆ। ਚੇਅਰਮੈਨ ਨੇ ਉਨ੍ਹਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਦੇ ਨਿਪਟਾਰੇ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਮਲਕੀਤ ਥਿੰਦ ਨੇ ਅਧਿਕਾਰੀਆਂ ਨੂੰ ਕਿਹਾ ਕਿ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਪਿੰਡ-ਪਿੰਡ ਅਤੇ ਸ਼ਹਿਰੀ ਖੇਤਰਾਂ ਵਿਚ ਵਿਆਪਕ ਪੱਧਰ ‘ਤੇ ਪਹੁੰਚਾਈ ਜਾਵੇ। ਇਸ ਦੌਰਾਨ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਨੇ ਕਮਿਸ਼ਨ ਦੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਭਲਾਈ ਯੋਜਨਾਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ‘ਚ ਐਸ. ਪੀ. ਨਵਨੀਤ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਹਰਪਾਲ ਸਿੰਘ ਗਿੱਲ, ਜ਼ਿਲ੍ਹਾ ਚੇਅਰਮੈਨ ਰਾਮਗੜ੍ਹੀਆ ਵੈੱਲਫੇਅਰ ਬੋਰਡ ਹਰਪ੍ਰੀਤ ਸਿੰਘ, ਚੇਅਰਮੈਨ ਸੈਣੀ ਵੈੱਲਫੇਅਰ ਕਮੇਟੀ ਚੱਬੇਵਾਲ ਗੁਰਮੀਤ ਸਿੰਘ ਸੈਣੀ, ਚੇਅਰਮੈਨ ਸੈਣੀ ਵੈੱਲਫੇਅਰ ਕਮੇਟੀ ਹੁਸ਼ਿਆਰਪੁਰ ਨਰਿੰਦਰ ਸਿੰਘ, ਬਲਾਕ ਕਮੇਟੀ ਮੈਂਬਰ ਟਾਂਡਾ ਕਮਲਜੀਤ ਸਿੰਘ, ਪਰਮਜੀਤ ਸਿੰਘ ਦਸੂਹਾ, ਹਰਜੀਤ ਕੁਮਾਰ, ਹਰਮਨ ਸਿੰਘ, ਪ੍ਰਦੀਪ ਕੁਮਾਰ, ਲਵਲੀ, ਮਨੀ ਨਾਰੂ ਨੰਗਲ, ਗੁਰਨਾਮ ਸਿੰਘ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਗਠਨਾਂ ਤੇ ਪੱਛੜੀਆਂ ਸ਼੍ਰੇਣੀਆਂ ਸਮਾਜ ਦੇ ਨੁਮਾਇੰਦੇ ਮੌਜੂਦ ਸਨ।