ਤਲਵਾੜਾ, 4 ਸਤੰਬਰ (ਐੱਚ. ਐੱਸ. ਮਿੱਠੂ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਦਸੂਹਾ ਵਿਚ ਪੈਂਦੇ ਪਿੰਡ ਭਟੇੜ ਤੋਂ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਰਵਾਨਾ ਕੀਤੀ ਗਈ। ਵਿਧਾਇਕ ਕਰਮਬੀਰ ਸਿੰਘ ਘੁੰਮਣ ਵਲੋਂ ਹਰੀ ਝੰਡੀ ਦਿਖਾ ਕੇ ਬੱਸ ਰਵਾਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਇਸ ਸਕੀਮ ਰਾਹੀਂ ਲੱਖਾਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਘੁੰਮਣ ਨੇ ਕਿਹਾ ਕਿ ਦਸੂਹਾ ਦੇ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਵਰਗੀਆਂ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲਦੀ ਹੈ ਅਤੇ ਸੰਗਤ ਨੂੰ ਬਿਨਾਂ ਕਿਸੇ ਵੱਡੀ ਆਰਥਿਕ ਚਿੰਤਾ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੁਮਾਰ, ਅਜੇ ਕੁਮਾਰ ਸ਼ਰਮਾ, ਸਰਪੰਚ ਧਰਮਵੀਰ, ਪੁਸ਼ਪਿੰਦਰ ਜੋਗੀ ਬਲਾਕ ਪ੍ਰਧਾਨ ਹਾਜ਼ਰ ਸਨ।