ਸਰਕਾਰ ਦੀ ਅਣਦੇਖੀ ਅਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਲੋਕ ਪ੍ਰੇਸ਼ਾਨ - ਵਰਿੰਦਰ ਲਗਵਾਲ, ਇੰਦਰਜੀਤ ਸਿੰਘ ਕਾਹਲੋਂ
ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)- ਵਿਧਾਨ ਸਭਾ ਹਲਕਾ ਮੁਕੇਰੀਆਂ ਅਧੀਨ ਪੈਂਦੀ ਦੁੱਗਰੀ–ਬਹਿਬਲ ਮੰਜ ਸੜਕ ਦੀ ਪਿਛਲੇ ਲਗਭਗ ਅੱਠ ਮਹੀਨਿਆਂ ਤੋਂ ਖਸਤਾ ਹਾਲਤ ਅਤੇ ਅਧੂਰੇ ਪਏ ਨਿਰਮਾਣ ਕਾਰਜ ਨੂੰ ਲੈ ਕੇ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਖ਼ਿਲਾਫ਼ ਭਾਰੀ ਰੋਸ ਪ੍ਰਗਟ ਕੀਤਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਕੇਰੀਆਂ ਇੰਚਾਰਜ ਵਰਿੰਦਰ ਸਿੰਘ ਲਗਵਾਲ ਅਤੇ ਜਿਲ੍ਹਾ ਜਨਰਲ ਸਕੱਤਰ ਹੁਸ਼ਿਆਰਪੁਰ ਇੰਦਰਜੀਤ ਸਿੰਘ ਕਾਹਲੋਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਵਿਕਾਸ ਵੱਲ ਧਿਆਨ ਨਾ ਦੇਣਾ ਬਹੁਤ ਹੀ ਮੰਦਭਾਗਾ ਅਤੇ ਚਿੰਤਾਜਨਕ ਹੈ।
ਦ
ਦੁੱਗਰੀ–ਬਹਿਬਲ ਮੰਜ ਸੜਕ ਦੀ ਖਸਤਾ ਹਾਲਤ ਅਤੇ ਅੱਠ ਮਹੀਨਿਆਂ ਤੋਂ ਅਧੂਰੇ ਪਏ ਨਿਰਮਾਣ ਕਾਰਜ ਨੂੰ ਲੈ ਕੇ ਰੋਸ ਪ੍ਰਗਟ ਕਰਦੇ ਹੋਏ ਇਲਾਕੇ ਦੇ ਪਿੰਡ ਵਾਸੀ। ਤਸਵੀਰ : ਰਾਮਗੜ੍ਹੀਆ
15-11-2026
ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)- ਵਿਧਾਨ ਸਭਾ ਹਲਕਾ ਮੁਕੇਰੀਆਂ ਅਧੀਨ ਪੈਂਦੀ ਦੁੱਗਰੀ–ਬਹਿਬਲ ਮੰਜ ਸੜਕ ਦੀ ਪਿਛਲੇ ਲਗਭਗ ਅੱਠ ਮਹੀਨਿਆਂ ਤੋਂ ਖਸਤਾ ਹਾਲਤ ਅਤੇ ਅਧੂਰੇ ਪਏ ਨਿਰਮਾਣ ਕਾਰਜ ਨੂੰ ਲੈ ਕੇ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਖ਼ਿਲਾਫ਼ ਭਾਰੀ ਰੋਸ ਪ੍ਰਗਟ ਕੀਤਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਕੇਰੀਆਂ ਇੰਚਾਰਜ ਵਰਿੰਦਰ ਸਿੰਘ ਲਗਵਾਲ ਅਤੇ ਜਿਲ੍ਹਾ ਜਨਰਲ ਸਕੱਤਰ ਹੁਸ਼ਿਆਰਪੁਰ ਇੰਦਰਜੀਤ ਸਿੰਘ ਕਾਹਲੋਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਵਿਕਾਸ ਵੱਲ ਧਿਆਨ ਨਾ ਦੇਣਾ ਬਹੁਤ ਹੀ ਮੰਦਭਾਗਾ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਦੁੱਗਰੀ–ਬਹਿਬਲ ਮੰਜ ਸੜਕ ਦਾ ਕੰਮ ਪਿਛਲੇ ਅੱਠ ਮਹੀਨਿਆਂ ਤੋਂ ਅਧੂਰਾ ਪਿਆ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਉੱਤੇ ਖਿੱਲਰੇ ਪੱਥਰਾਂ ਅਤੇ ਉੱਬੜ-ਖਾਬੜ ਰਸਤੇ ਕਾਰਨ ਸਕੂਲੀ ਬੱਚਿਆਂ, ਬਜ਼ੁਰਗਾਂ, ਕਿਸਾਨਾਂ, ਦੋਪਹੀਆ ਵਾਹਨ ਚਾਲਕਾਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਲਈ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਨਾ ਤਾਂ ਸੜਕ ਦਾ ਕੰਮ ਮੁਕੰਮਲ ਕਰਵਾਇਆ ਗਿਆ ਅਤੇ ਨਾ ਹੀ ਕੰਮ ਵਿੱਚ ਦੇਰੀ ਲਈ ਜ਼ਿੰਮੇਵਾਰ ਠੇਕੇਦਾਰ ਖ਼ਿਲਾਫ਼ ਕੋਈ ਠੋਸ ਕਾਰਵਾਈ ਸਾਹਮਣੇ ਆਈ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਅੱਠ ਮਹੀਨਿਆਂ ਤੋਂ ਅਧੂਰੀ ਪਈ ਸੜਕ ਲਈ ਜ਼ਿੰਮੇਵਾਰ ਕੌਣ ਹੈ? ਕੀ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਹੇ ਹਨ? ਵਰਿੰਦਰ ਸਿੰਘ ਲਗਵਾਲ ਅਤੇ ਇੰਦਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਵਧੀਆ ਸੜਕਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਨੂੰ ਜ਼ਮੀਨੀ ਹਕੀਕਤ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਦੁੱਗਰੀ–ਬਹਿਬਲ ਮੰਜ ਸੜਕ ਦਾ ਨਿਰਮਾਣ ਕਾਰਜ ਤੁਰੰਤ ਸ਼ੁਰੂ ਕਰਵਾ ਕੇ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਕੰਮ ਵਿੱਚ ਹੋਈ ਦੇਰੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਲਾਪਰਵਾਹੀ ਸਾਬਤ ਹੋਣ ’ਤੇ ਸਬੰਧਤ ਠੇਕੇਦਾਰ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੋਵਾਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਇਸ ਗੰਭੀਰ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਇਲਾਕਾ ਨਿਵਾਸੀਆਂ ਦੇ ਹੱਕ ਵਿੱਚ ਖੜ੍ਹ ਕੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਬੁਨਿਆਦੀ ਸਹੂਲਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।