ਤਲਵਾੜਾ, 28 ਨਵੰਬਰ (ਐੱਚ.ਐੱਸ.ਮਿੱਠੂ)- ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਸੰਚਾਲਿਤ ਬੀ.ਬੀ.ਐਮ.ਬੀ. ਹਸਪਤਾਲ ਤਲਵਾੜਾ ਵਿਖੇ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ (ਆਯੁਸ਼ਮਾਨ ਭਾਰਤ ਸਿਹਤ ਯੋਜਨਾ) ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਬੋਰਡ ਦੇ ਮੁੱਖ ਇੰਜੀਨੀਅਰ ਰਾਕੇਸ਼ ਗੁਪਤਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੀ.ਬੀ.ਐਮ.ਬੀ. ਹਸਪਤਾਲ ਤਲਵਾੜਾ ਪੰਜਾਬ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਅਤੇ ਪੰਜਾਬ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਖੇਤਰਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਿਹਤ ਬੀਮਾ ਯੋਜਨਾਵਾਂ ਤਹਿਤ ਹੁਣ ਯੋਗ ਲਾਭਪਾਤਰੀ ਇਸ ਹਸਪਤਾਲ ਵਿਚ ਨਿਰਧਾਰਿਤ ਪੈਕੇਜਾਂ ਅਨੁਸਾਰ ਨਕਦੀ ਰਹਿਤ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਮੁੱਖ ਇੰਜੀਨੀਅਰ ਨੇ ਦੱਸਿਆ ਕਿ ਹਸਪਤਾਲ ਵਿਖੇ ਜਨਰਲ ਮੈਡੀਸਨ, ਜਨਰਲ ਸਰਜਰੀ, ਅੱਖਾਂ ਦੇ ਆਪ੍ਰੇਸ਼ਨ, ਹੱਡੀਆਂ ਅਤੇ ਦੰਦਾਂ ਨਾਲ ਸਬੰਧਿਤ ਬਿਮਾਰੀਆਂ ਦੇ ਯੋਜਨਾ ਅਧੀਨ ਕਵਰ ਕੀਤੇ ਇਲਾਜ ਪੈਕੇਜਾਂ ਦੀ ਸਹੂਲਤ ਉਪਲਬਧ ਹੈ। ਮਰੀਜ਼ਾਂ ਦੀ ਸਹਾਇਤਾ ਲਈ ਹਸਪਤਾਲ ਵਿਚ ਅਰੋਗਿਆ ਮਿੱਤਰ ਵੀ ਤਾਇਨਾਤ ਕੀਤਾ ਗਿਆ ਹੈ, ਜੋ ਲਾਭਪਾਤਰੀਆਂ ਨੂੰ ਯੋਜਨਾ ਸਬੰਧੀ ਜਾਣਕਾਰੀ, ਕਾਰਡ ਅਤੇ ਇਲਾਜ ਦੀ ਪ੍ਰਕਿਰਿਆ ਵਿਚ ਹਰ ਸੰਭਵ ਮਦਦ ਪ੍ਰਦਾਨ ਕਰਦਾ ਹੈ।