19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ

ਨਵਾਂਸ਼ਹਿਰ, 19 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

ਅਜੀਤ ਡੈਸਕ 20-11-2026
ਨਵਾਂਸ਼ਹਿਰ, 19 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਦੇ ਨੋਡਲ ਅਫ਼ਸਰਾਂ ਨਾਲ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਇਹ ਮੁਹਿੰਮ ਜ਼ਿਲ੍ਹੇ ਵਿੱਚ 22 ਤੋਂ 24 ਨਵੰਬਰ, ਤੱਕ ਚਲਾਈ ਜਾਵੇਗੀ। ਇਸ ਤਹਿਤ 0 ਤੋਂ 5 ਸਾਲ ਤੱਕ ਦੇ 57,010 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰਪਿੰਦਰ ਸਿੰਘ ਨੇ ਦੱਸਿਆ ਕਿ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਵਿੱਚ 228 ਪੋਲੀਓ ਬੂਥ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ 456 ਘਰ-ਘਰ ਜਾਣ ਵਾਲੀਆਂ ਟੀਮਾਂ, 15 ਟ੍ਰਾਂਜ਼ਿਟ ਟੀਮਾਂ ਅਤੇ 7 ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਦਕਿ ਮੁਹਿੰਮ ਦੀ ਸੁਚਾਰੂ ਨਿਗਰਾਨੀ ਲਈ 46 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਡਾ. ਹਰਪਿੰਦਰ ਸਿੰਘ ਨੇ ਦੱਸਿਆ ਕਿ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1,38,015 ਘਰਾਂ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ 18 ਦਾਣਾ ਮੰਡੀਆਂ, 13 ਫੈਕਟਰੀਆਂ, 55 ਇੱਟਾਂ ਦੇ ਭੱਠਿਆਂ ਅਤੇ 81 ਉੱਚ ਜੋਖਮ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪ੍ਰਵਾਸੀ ਮਜ਼ਦੂਰਾਂ, ਝੁੱਗੀਆਂ-ਝੌਂਪੜੀਆਂ, ਫੈਕਟਰੀਆਂ , ਇੱਟਾਂ ਦੇ ਭੱਠਿਆਂ ਅਤੇ ਹੋਰ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਰਹਿੰਦੇ ਪਰਿਵਾਰਾਂ ਦੇ ਬੱਚਿਆਂ ਨੂੰ ਮੁਹਿੰਮ ਤਹਿਤ ਵਿਸ਼ੇਸ਼ ਤੌਰ ’ਤੇ ਕਵਰ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਬੱਚਾ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਮੁਹਿੰਮ ਦੇ ਪਹਿਲੇ ਦਿਨ ਪੋਲੀਓ ਬੂਥਾਂ ’ਤੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ 23 ਅਤੇ 24 ਨਵੰਬਰ ਨੂੰ ਘਰ-ਘਰ ਜਾਣ ਵਾਲੀਆਂ ਟੀਮਾਂ ਬੂਥਾਂ ’ਤੇ ਆਉਣ ਤੋਂ ਰਹਿ ਗਏ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ। ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਫੈਕਟਰੀਆਂ ਅਤੇ ਇੱਟਾਂ ਦੇ ਭੱਠਿਆਂ ਦੇ ਆਲੇ-ਦੁਆਲੇ ਰਹਿੰਦੇ ਪਰਿਵਾਰਾਂ ਤੱਕ ਪਹੁੰਚ ਕਰਨਗੀਆਂ, ਜਦਕਿ ਟ੍ਰਾਂਜ਼ਿਟ ਟੀਮਾਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਆਵਾਜਾਈ ਵਾਲੀਆਂ ਥਾਵਾਂ ’ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਡਾ. ਹਰਪਿੰਦਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 0 ਤੋਂ 5 ਸਾਲ ਤੱਕ ਦੇ ਆਪਣੇ ਸਾਰੇ ਬੱਚਿਆਂ ਨੂੰ 22ਤੋਂ 24 ਨਵੰਬਰ ਤੱਕ ਚੱਲਣ ਵਾਲੀ ਮੁਹਿੰਮ ਦੌਰਾਨ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਭਾਵੇਂ ਬੱਚੇ ਨੂੰ ਪਹਿਲਾਂ ਵੀ ਕਈ ਵਾਰ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹੋਣ, ਫਿਰ ਵੀ ਹਰ ਮੁਹਿੰਮ ਦੌਰਾਨ ਦੁਬਾਰਾ ਬੂੰਦਾਂ ਪਿਲਾਉਣਾ ਜ਼ਰੂਰੀ ਹੈ।
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ 27 ਨੂੰ ਹੋਵੇਗੀ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ -ਅਵਨੀਤ ਕੌਰ ਕਿਹਾ, ਰਾਤ 8 ਤੋਂ 8:15 ਵਜੇ ਤੱਕ... ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਸ. ਕਰਤਾਰ ਸਿੰਘ ਸਰਾਭੇ ਦੀ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।