ਅਧਿਆਪਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਡਾਂਗਾਂ ਨਾਲ ਨਿਵਾਜ ਰਹੀ ਹੈ ‘ਆਪ’ ਸਰਕਾਰ-ਐਡਵੋਕੇਟ ਅਮਰਦੀਪ ਧਾਰਨੀ
ਬਸੀ ਪਠਾਣਾਂ, 29 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹੱਕਾਂ ਤੇ ਇਨਸਾਫ਼ ਦੀ ਮੰਗ ਕਰ ਰਹੇ ਅਧਿਆਪਕਾਂ ਨੂੰ ਸੁਣਨ ਦੀ ਬਜਾਏ ਪੁਲਿਸ ਦੀਆਂ ਡਾਂਗਾਂ ਤੇ ਬੈਰੀਕੇਡਾਂ ਨਾਲ ਰੋਕਣਾ ਸਰਕਾਰ ਦੀ ਅਸਲੀ ਕਾਰਗੁਜ਼ਾਰੀ ਨੂੰ ਬੇਨਕਾਬ ਕਰਦਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਤੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕੀਤਾ।
ਬਸੀ ਪਠਾਣਾਂ, 29 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹੱਕਾਂ ਤੇ ਇਨਸਾਫ਼ ਦੀ ਮੰਗ ਕਰ ਰਹੇ ਅਧਿਆਪਕਾਂ ਨੂੰ ਸੁਣਨ ਦੀ ਬਜਾਏ ਪੁਲਿਸ ਦੀਆਂ ਡਾਂਗਾਂ ਤੇ ਬੈਰੀਕੇਡਾਂ ਨਾਲ ਰੋਕਣਾ ਸਰਕਾਰ ਦੀ ਅਸਲੀ ਕਾਰਗੁਜ਼ਾਰੀ ਨੂੰ ਬੇਨਕਾਬ ਕਰਦਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਤੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ-39 ਵਿਚ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਦੇ ਬਾਹਰ 180 ਈ. ਟੀ. ਟੀ. ਅਧਿਆਪਕ ਕਥਿਤ ਭਰਤੀ ਧੋਖਾਧੜੀ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਕਰਨ ਪਹੁੰਚੇ ਸਨ, ਪਰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਰਸਤਾ ਰੋਕ ਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਧਿਆਪਕਾਂ ਨੂੰ ਹੱਕ ਮੰਗਣ ਤੋਂ ਰੋਕਣਾ ਹੀ ‘ਆਪ’ ਦਾ ਸਿੱਖਿਆ ਮਾਡਲ ਹੈ? ਐਡਵੋਕੇਟ ਧਾਰਨੀ ਨੇ ਕਿਹਾ ਕਿ ਅਧਿਆਪਕ ਪੰਜਾਬ ਦੇ ਭਵਿੱਖ ਦੇ ਨਿਰਮਾਤਾ ਹਨ, ਪਰ ਜੇਕਰ ਸਰਕਾਰ ਉਨ੍ਹਾਂ ਨਾਲ ਹੀ ਇਨਸਾਫ਼ ਨਹੀਂ ਕਰ ਸਕਦੀ ਤਾਂ ਸਿੱਖਿਆ ਸੁਧਾਰਾਂ ਦੇ ਦਾਅਵਿਆਂ ’ਤੇ ਭਰੋਸਾ ਕਿਵੇਂ ਕੀਤਾ ਜਾਵੇ। ਉਨ੍ਹਾਂ ਮਾਮਲੇ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ’ਚ ਰੁੱਝੀ ਹੋਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਧਿਆਪਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹਾ ਹੈ।