11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਮੁਕੰਮਲ ਤੌਰ ’ਤੇ ਕੰਮ ਦਾ ਬਾਈਕਾਟ

ਪਠਾਨਕੋਟ, 10 ਨਵੰਬਰ (ਵਿਨੋਦ)-ਐਨ. ਐਚ.

ਸਿਵਲ ਸਰਜਨ ਨੂੰ ਮੰਗ ਪੱਤਰ ਦਿੰਦੇ ਹੋਏ ਐਨ.ਐਚ.ਐਮ. ਦੇ ਕਰਮਚਾਰੀ । ਤਸਵੀਰ: ਵਿਨੋਦ 11-11-2026
ਪਠਾਨਕੋਟ, 10 ਨਵੰਬਰ (ਵਿਨੋਦ)-ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬੇ ਭਰ ਦੇ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਮੁਕੰਮਲ ਤੌਰ ’ਤੇ ਕੰਮ ਦਾ ਬਾਈਕਾਟ ਕੀਤਾ ਜਾ ਰਿਹਾ ਹੈ । ਇਸ ਸੰਘਰਸ਼ ਤਹਿਤ ਅੱਜ 11 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੈਕਟਰ-38 ਸਥਿਤ ਐਨ.ਐਚ.ਐਮ. ਦੇ ਮੁੱਖ ਦਫ਼ਤਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਐਨ.ਐਚ.ਐਮ. ਮੁਲਾਜ਼ਮ ਸ਼ਮੂਲੀਅਤ ਕਰਨਗੇ । ਇਸ ਸਬੰਧੀ ਯੂਨੀਅਨ ਦੇ ਆਗੂਆਂ ਦੱਸਿਆ ਕਿ ਐਨ.ਐਚ.ਐਮ. ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਦੇ ਆ ਰਹੇ ਹਨ । ਮੁਲਾਜ਼ਮਾਂ ਵਲੋਂ ਸਮੇਂ-ਸਮੇਂ ’ਤੇ ਲਗਪਗ 54 ਮੀਟਿੰਗਾਂ, ਰੋਸ ਪ੍ਰਦਰਸ਼ਨਾਂ, ਧਰਨਿਆਂ ਅਤੇ ਮੰਗ ਪੱਤਰਾਂ ਰਾਹੀਂ ਆਪਣੀਆਂ ਸਮੱਸਿਆਵਾਂ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ । ਇਸ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਸਥਾਈ ਅਤੇ ਠੋਸ ਹੱਲ ਨਾ ਨਿਕਲਣ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ । ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਬਣਾਈ ਗਈ ਭਲਾਈ ਕਮੇਟੀ ਦੀ ਇਕ ਵੀ ਮੀਟਿੰਗ ਅਜੇ ਤੱਕ ਸਰਕਾਰ ਵਲੋਂ ਨਹੀਂ ਕੀਤੀ ਗਈ ਜਿਸ ਤੋਂ ਸਰਕਾਰ ਦੀ ਮਨਸ਼ਾ ਸਾਫ ਜ਼ਾਹਿਰ ਹੁੰਦੀ ਹੈ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ । ਆਗੂਆਂ ਦੱਸਿਆ ਕਿ ਇਹ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਉਨ੍ਹਾਂ ਧਰਨਿਆਂ ਵਿਚ ਦਰੀਆਂ ’ਤੇ ਬੈਠ ਕੇ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਇਕ ਰੁਪਏ ਦਾ ਵੀ ਵਾਧਾ ਨਹੀਂ ਦਿੱਤਾ ਗਿਆ । ਆਗੂਆਂ ਕਿਹਾ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿਚ ਐਨ.ਐਚ.ਐਮ. ਮੁਲਾਜ਼ਮਾਂ ਲਈ ਠੋਸ ਅਤੇ ਸਥਾਈ ਨੀਤੀ ਬਣਾਉਣਾ, ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ, ਤਨਖਾਹਾਂ ਵਿਚ ਵਾਜਬ ਵਾਧਾ ਕਰਨਾ, ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਦੇ ਸਿਧਾਂਤ ਨੂੰ ਲਾਗੂ ਕਰਨਾ ਅਤੇ ਮੁਲਾਜ਼ਮਾਂ ਦੀਆਂ ਹੋਰ ਸੇਵਾ ਸ਼ਰਤਾਂ ਨਾਲ ਸਬੰਧਿਤ ਮੰਗਾਂ ਦਾ ਹੱਲ ਕਰਨਾ ਸ਼ਾਮਿਲ ਹੈ । ਯੂਨੀਅਨ ਆਗੂਆਂ ਸਰਕਾਰ ਨੂੰ ਸਾਫ ਲਫਜ਼ਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨਾਲ ਤੁਰੰਤ ਉੱਚ ਪੱਧਰੀ ਮੀਟਿੰਗ ਕਰਕੇ ਮੰਗਾਂ ਦਾ ਸਮਾਂਬੱਧ ਅਤੇ ਲਿਖਤੀ ਰੂਪ ਵਿਚ ਹੱਲ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਸਿਰਫ਼ ਮੀਟਿੰਗਾਂ ਦੇ ਭਰੋਸਿਆਂ ਨਾਲ ਹੁਣ ਮੁਲਾਜ਼ਮਾਂ ਦਾ ਸੰਤੁਸ਼ਟ ਹੋਣਾ ਸੰਭਵ ਨਹੀਂ ਹੈ । ਮੁਲਾਜ਼ਮਾਂ ਨੇ ਕਿਹਾ ਕਿ ਹੁਣ ਗੱਲਬਾਤ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਹੋਣੀ ਚਾਹੀਦੀ ਹੈ । ਆਗੂਆਂ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਤਸੱਲੀਬਖ਼ਸ਼ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ । ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ । ਉਨ੍ਹਾਂ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੋਸ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋ ਕੇ ਏਕਤਾ ਅਤੇ ਸੰਘਰਸ਼ ਦਾ ਸਬੂਤ ਦੇਣ, ਤਾਂ ਜੋ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਮਜ਼ਬੂਰ ਕੀਤਾ ਜਾ ਸਕੇ ।
ਪਿਛਲੀ ਖ਼ਬਰ ਏ.ਐਂਡ.ਐਮ. ਗਰੁੱਪ ਨੇ ਗ੍ਰੈਂਡ ਫਰੈਸ਼ਰ ਪਾਰਟੀ ਪਰਿਚੈ 2026 ਦੀ ਮੇਜ਼ਬਾਨੀ ਕੀਤੀ ਅਗਲੀ ਖ਼ਬਰ ਸਰਹੱਦੀ ਜਲਾਲੀਆ ਨਾਲੇ ’ਤੇ 16 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 150 ਮੀਟਰ ਲੰਬਾ ਪੁਲ-ਮੰਤਰੀ ਲਾਲ ਚੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।