26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੁਲਿਸ ਪ੍ਰਸ਼ਾਸਨ ਨੇ ਆਪਣੀ ਨਾਕਾਮੀ ਛੁਪਾਉਣ ਲਈ ਕਿਸਾਨ ਆਗੂਆਂ ’ਤੇ ਦਰਜ ਕੀਤੇ ਝੂਠੇ ਪਰਚੇ : ਹੈਪੀ, ਰੰਧਾਵਾ

ਭੈਣੀ ਮੀਆਂ ਖਾਂ, 26 ਨਵੰਬਰ (ਜਸਬੀਰ ਸਿੰਘ ਬਾਜਵਾ)- ਬੀਤੇ ਦਿਨੀਂ ਮੁਕੇਰੀਆਂ ਗੰਨਾ ਮਿੱਲ ਦੇ ਸਾਹਮਣੇ ਗੰਨਾ ਕਾਸ਼ਤਕਾਰਾਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ, ਮਿੱਲ ਨੂੰ ਸਮੇਂ ਸਿਰ ਚਲਾਉਣ ਅਤੇ ਗੰਨੇ ਦੇ ਸਹੀ ਭਾਅ ਸਮੇਤ ਹੋਰ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਬੀਤੀ ਦੇਰ ਰਾਤ ਕਰੀਬ 11 ਵਜੇ ਇਕ ਟਰਾਲੀ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ।

ਪਿੰਡ ਬਾਗੜੀਆਂ ਵਿਖੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ। ਤਸਵੀਰ : ਜਸਬੀਰ ਸਿੰਘ ਬਾਜਵਾ 27-11-2026
ਭੈਣੀ ਮੀਆਂ ਖਾਂ, 26 ਨਵੰਬਰ (ਜਸਬੀਰ ਸਿੰਘ ਬਾਜਵਾ)- ਬੀਤੇ ਦਿਨੀਂ ਮੁਕੇਰੀਆਂ ਗੰਨਾ ਮਿੱਲ ਦੇ ਸਾਹਮਣੇ ਗੰਨਾ ਕਾਸ਼ਤਕਾਰਾਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ, ਮਿੱਲ ਨੂੰ ਸਮੇਂ ਸਿਰ ਚਲਾਉਣ ਅਤੇ ਗੰਨੇ ਦੇ ਸਹੀ ਭਾਅ ਸਮੇਤ ਹੋਰ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਬੀਤੀ ਦੇਰ ਰਾਤ ਕਰੀਬ 11 ਵਜੇ ਇਕ ਟਰਾਲੀ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਮੁਕੇਰੀਆਂ ਪੁਲਿਸ ਵਲੋਂ ਵੱਖ-ਵੱਖ ਕਿਸਾਨ ਆਗੂਆਂ, ਕਿਸਾਨਾਂ ਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਕਿਸਾਨ ਜਥੇਬੰਦੀਆਂ ਵਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਇਸ ਸਬੰਧੀ ਪੱਗੜੀ ਸੰਭਾਲ ਲਹਿਰ ਦੇ ਕਿਸਾਨ ਆਗੂ ਦਲਜੀਤ ਸਿੰਘ ਹੈਪੀ ਤੇ ਦਿਲਬਾਗ ਸਿੰਘ ਰੰਧਾਵਾ ਨੇ ਕਿਹਾ ਕਿ ਬੀਤੀ ਰਾਤ ਸੜਕ ਹਾਦਸੇ ਵਿਚ ਨੌਜਵਾਨ ਦੀ ਹੋਈ ਮੌਤ ਦਾ ਸਾਨੂੰ ਡੂੰਘਾ ਅਫ਼ਸੋਸ ਹੈ ਤੇ ਅਸੀਂ ਪੀੜਤ ਪਰਿਵਾਰ ਨਾਲ ਪੂਰੀ ਹਮਦਰਦੀ ਰੱਖਦੇ ਹਾਂ। ਕਿਸਾਨ ਆਗੂਆਂ ਨੇ ਪੁਲਿਸ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਦਿਨ ਵੇਲੇ ਤਾਂ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਸੀ ਪਰ ਰਾਤ ਸਮੇਂ ਪੁਲਿਸ ਦਾ ਕੋਈ ਵੀ ਮੁਲਾਜ਼ਮ ਉੱਥੇ ਤਾਇਨਾਤ ਨਹੀਂ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਹਾਦਸੇ ਲਈ ਸਿੱਧੇ ਤੌਰ ’ਤੇ ਪੁਲਿਸ ਪ੍ਰਸ਼ਾਸਨ ਦੀ ਲਾਪ੍ਰਵਾਹੀ ਜ਼ਿੰਮੇਵਾਰ ਹੈ ਪਰ ਪ੍ਰਸ਼ਾਸਨ ਨੇ ਆਪਣੀ ਨਾਕਾਮੀ ਛੁਪਾਉਣ ਲਈ ਉਲਟਾ ਕਿਸਾਨ ਆਗੂਆਂ ’ਤੇ ਹੀ ਪਰਚੇ ਦਰਜ ਕਰ ਦਿੱਤੇ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਪੁਲਿਸ ਨੇ ਪੱਗੜੀ ਸੰਭਾਲ ਲਹਿਰ ਦੇ ਆਗੂ ਸਤਨਾਮ ਸਿੰਘ ਬਾਗੜੀਆਂ, ਗੁਰਨਾਮ ਸਿੰਘ ਸਹਾਰਨਪੁਰ ਤੇ ਉਂਕਾਰ ਸਿੰਘ ਭੰਗਾਲਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਸਰਕਾਰਾਂ ਦੀਆਂ ਨੀਤੀਆਂ ਦੀ ਮਾਰ ਝੱਲ ਰਹੇ ਹਨ ਤੇ ਹੁਣ ਆਪਣੇ ਹੱਕ ਮੰਗਣ ਬਦਲੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ, ਜੋ ਕਿ ਸਰਾਸਰ ਧੱਕੇਸ਼ਾਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤੇ ਦਰਜ ਕੀਤੇ ਝੂਠੇ ਪਰਚੇ ਰੱਦ ਨਾ ਕੀਤੇ ਗਏ ਤਾਂ ਪੱਗੜੀ ਸੰਭਾਲ ਲਹਿਰ ਵੱਲੋਂ ਤਿੱਖਾ ਅਤੇ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਸ਼ਮਸ਼ੇਰ ਸਿੰਘ, ਮਨਜੀਤ ਸਿੰਘ, ਇਕਬਾਲ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ ਗੋਪਾ, ਰਸ਼ਪਾਲ ਸਿੰਘ, ਸੇਵਾ ਸਿੰਘ , ਰਵਿੰਦਰ ਸਿੰਘ ਤੇ ਬਲਕਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਮਹਿਮਾ ਸਾਹਿਬ ਗੁਰਦੁਆਰਾ ਮਹਿਮੇ ਚੱਕ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਰਮਨਦੀਪ ਕੌਰ ਬਣੇ ਸਟੇਟ ਖੇਡਾਂ ਦੇ ਕੋਚਿੰਗ ਇੰਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।