ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਵਿਰੁੱਧ ਦਰਜ ਪਰਚੇ ਖ਼ਿਲਾਫ਼ ਸਰਪੰਚ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
ਫ਼ਾਜ਼ਿਲਕਾ, 6 ਸਤੰਬਰ (ਅਮਰਜੀਤ ਸ਼ਰਮਾ)-ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਫਾਜ਼ਿਲਕਾ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਦੇ ਵਿਰੁੱਧ ਦਰਜ ਕੀਤੇ ਗਏ ਕਥਿਤ ਨਾਜਾਇਜ਼ ਪਰਚੇ ਦੇ ਵਿਰੋਧ ਵਿਚ ਸਰਪੰਚ ਯੂਨੀਅਨ ਵਲੋਂ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਪੁਲਿਸ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਅਤੇ ਸਰਪੰਚਾਂ ਨੇ ਸੰਦੀਪ ਸਿੰਘ ਭੱਟੀ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਥਿਤ ਪਰਚਾ ਜਲਦ ਰੱਦ ਕਰਨ ਦੀ ਮੰਗ ਕੀਤੀ।
ਸ
ਸੰਦੀਪ ਸਿੰਘ ਭੱਟੀ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਪੰਚ ਯੂਨੀਅਨ ਦੇ ਆਗੂ। ਅਜੀਤ ਤਸਵੀਰ
07-09-2026
ਫ਼ਾਜ਼ਿਲਕਾ, 6 ਸਤੰਬਰ (ਅਮਰਜੀਤ ਸ਼ਰਮਾ)-ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਫਾਜ਼ਿਲਕਾ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਦੇ ਵਿਰੁੱਧ ਦਰਜ ਕੀਤੇ ਗਏ ਕਥਿਤ ਨਾਜਾਇਜ਼ ਪਰਚੇ ਦੇ ਵਿਰੋਧ ਵਿਚ ਸਰਪੰਚ ਯੂਨੀਅਨ ਵਲੋਂ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਪੁਲਿਸ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਅਤੇ ਸਰਪੰਚਾਂ ਨੇ ਸੰਦੀਪ ਸਿੰਘ ਭੱਟੀ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਥਿਤ ਪਰਚਾ ਜਲਦ ਰੱਦ ਕਰਨ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਐਸ.ਸੀ. ਵਿੰਗ ਦੇ ਹਲਕਾ ਕੋਆਰਡੀਨੇਟਰ ਅਤੇ ਸਰਪੰਚ ਬਲਜਿੰਦਰ ਸਿੰਘ, ਰਾਏ ਸਿੱਖ ਭਲਾਈ ਬੋਰਡ ਦੇ ਚੇਅਰਮੈਨ ਤੇ ਸਰਪੰਚ ਰਜਿੰਦਰ ਸਿੰਘ, ਸਰਪੰਚ ਹਰਜੀਤ ਸਿੰਘ, ਸੁਖਦੇਵ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਸੰਦੀਪ ਸਿੰਘ ਭੱਟੀ ਕਰੀਬ ਚਾਰ ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤ ਕੇ ਕਰਨੀਖੇੜਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਹਨ। ਇਸ ਤੋਂ ਇਲਾਵਾ ਪਿੰਡ ਮੰਡੀ ਹਜੂਰ ਸਿੰਘ ਤੋਂ ਉਹ ਅਤੇ ਉਨ੍ਹਾਂ ਦੀ ਪਤਨੀ ਲਗਾਤਾਰ ਤਿੰਨ ਵਾਰ ਸਰਪੰਚ ਚੁਣੇ ਜਾਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਉਨ੍ਹਾਂ ਦੀ ਮਜ਼ਬੂਤ ਪਕੜ ਹੋਣ ਕਾਰਨ ਹੀ ਉਨ੍ਹਾਂ ਨੂੰ ਸਿਆਸੀ ਤੌਰ ’ਤੇ ਨਿਸ਼ਾਨਾ ਬਣਾਏ ਜਾਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੰਦੀਪ ਸਿੰਘ ਭੱਟੀ ਵਿਰੁੱਧ ਕਥਿਤ ਤੌਰ ’ਤੇ ਝੂਠਾ ਮੁਕੱਦਮਾ ਦਰਜ ਹੋਣ ਸਬੰਧੀ ਫੋਨ ਆ ਰਹੇ ਸਨ ਜਿਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਵੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਭੱਟੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਫਾਜ਼ਿਲਕਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਪਿੰਡ-ਪਿੰਡ ਜਾ ਕੇ ਪਾਰਟੀ ਲਈ ਸਰਗਰਮੀ ਨਾਲ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਲੜਨ ਦੀ ਇੱਛਾ ਰੱਖਣਾ ਹਰ ਵਿਅਕਤੀ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਆਮ ਆਦਮੀ ਪਾਰਟੀ ਵਲੋਂ ਜਿਸ ਵੀ ਆਗੂ ਜਾਂ ਵਰਕਰ ਨੂੰ ਟਿਕਟ ਦਿੱਤੀ ਜਾਵੇਗੀ, ਉਹ ਉਸ ਦਾ ਪੂਰਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਦੇ ਸਰਗਰਮ ਵਰਕਰਾਂ ’ਤੇ ਹੀ ਕਥਿਤ ਤੌਰ ’ਤੇ ਪਰਚੇ ਦਰਜ ਹੋਣ ਲੱਗ ਪਏ ਤਾਂ ਇਸ ਨਾਲ ਵਰਕਰਾਂ ਵਿਚ ਨਿਰਾਸ਼ਾ ਪੈਦਾ ਹੋਵੇਗੀ। ਉਨ੍ਹਾਂ ਦੱਸਿਆ ਕਿ ਉਹ ਜਲਦ ਹੀ ਫਾਜ਼ਿਲਕਾ ਦੇ ਐੱਸ.ਐੱਸ.ਪੀ. ਗਗਨਜੀਤ ਸਿੰਘ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਮਾਮਲਾ ਬੇਬੁਨਿਆਦ ਪਾਇਆ ਜਾਂਦਾ ਹੈ ਤਾਂ ਮੁਕੱਦਮਾ ਰੱਦ ਕਰਨ ਦੇ ਨਾਲ-ਨਾਲ ਕਥਿਤ ਤੌਰ ’ਤੇ ਝੂਠਾ ਪਰਚਾ ਦਰਜ ਕਰਵਾ ਕੇ ਸੰਦੀਪ ਸਿੰਘ ਭੱਟੀ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਉਣਗੇ।