ਮੱਲਾਂਵਾਲਾ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਨਗਰ ਪੰਚਾਇਤ ਨੇ ਵਿੱਢੀ ਵਿਸ਼ੇਸ਼ ਮੁਹਿੰਮ
ਦੁਕਾਨਦਾਰਾਂ ਅਤੇ ਰੇਹੜੀ-ਫ਼ੜ੍ਹੀ ਵਾਲਿਆਂ ਨੂੰ ਪੋਲੀਥੀਨ ਨਾ ਵਰਤਣ ਦੀ ਕੀਤੀ ਅਪੀਲ
ਮੱਲਾਂਵਾਲਾ, 10 ਸਤੰਬਰ (ਬਲਬੀਰ ਸਿੰਘ ਜੋਸਨ)-ਮੱਲਾਂਵਾਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਨਗਰ ਪੰਚਾਇਤ ਮੱਲਾਂਵਾਲਾ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਨਗਰ ਪੰਚਾਇਤ ਮੱਲਾਂਵਾਲਾ ਦੇ ਪ੍ਰਧਾਨ ਦੇ ਸਪੁੱਤਰ ਪ੍ਰਧਾਨ ਮਹਾਂਬੀਰ ਸਿੰਘ ਵਲੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਮੂਹ ਨਗਰ ਨਿਵਾਸੀਆਂ, ਦੁਕਾਨਦਾਰਾਂ, ਰੇਹੜੀ-ਫ਼ੜ੍ਹੀ ਵਾਲਿਆਂ ਅਤੇ ਵਪਾਰਕ ਅਦਾਰਿਆਂ ਨੂੰ ਸਫ਼ਾਈ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
ਮੱਲਾਂਵਾਲਾ, 10 ਸਤੰਬਰ (ਬਲਬੀਰ ਸਿੰਘ ਜੋਸਨ)-ਮੱਲਾਂਵਾਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਨਗਰ ਪੰਚਾਇਤ ਮੱਲਾਂਵਾਲਾ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਨਗਰ ਪੰਚਾਇਤ ਮੱਲਾਂਵਾਲਾ ਦੇ ਪ੍ਰਧਾਨ ਦੇ ਸਪੁੱਤਰ ਪ੍ਰਧਾਨ ਮਹਾਂਬੀਰ ਸਿੰਘ ਵਲੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਮੂਹ ਨਗਰ ਨਿਵਾਸੀਆਂ, ਦੁਕਾਨਦਾਰਾਂ, ਰੇਹੜੀ-ਫ਼ੜ੍ਹੀ ਵਾਲਿਆਂ ਅਤੇ ਵਪਾਰਕ ਅਦਾਰਿਆਂ ਨੂੰ ਸਫ਼ਾਈ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਨਗਰ ਪੰਚਾਇਤ ਵਲੋਂ ਜਾਰੀ ਕੀਤੀ ਅਪੀਲ ਵਿਚ ਕਿਹਾ ਗਿਆ ਹੈ ਕਿ ਪਲਾਸਟਿਕ ਦੇ ਲਿਫ਼ਾਫ਼ੇ ਵਾਤਾਵਰਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਚੁਨੌਤੀ ਬਣ ਰਹੇ ਹਨ। ਆਮ ਤੌਰ ’ਤੇ ਸੁੱਟੇ ਜਾਂਦੇ ਪਲਾਸਟਿਕ ਦੇ ਲਿਫ਼ਾਫ਼ੇ ਨਾਲੀਆਂ ਤੇ ਸੀਵਰੇਜ ਵਿਚ ਫਸ ਕੇ ਨਿਕਾਸੀ ਪ੍ਰਬੰਧ ਨੂੰ ਪ੍ਰਭਾਵਿਤ ਕਰਦੇ ਹਨ ਜਿਸ ਕਾਰਨ ਗੰਦਾ ਪਾਣੀ ਗਲੀਆਂ ਵਿਚ ਖੜ੍ਹਾ ਹੋਣ ਦੀ ਸਮੱਸਿਆ ਪੈਦਾ ਹੁੰਦੀ ਹੈ ਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵਧ ਜਾਂਦਾ ਹੈ। ਪੰਚਾਇਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਜ਼ਾਰ ਜਾਂਦੇ ਸਮੇਂ ਘਰੋਂ ਹੀ ਕੱਪੜੇ ਜਾਂ ਜੂਟ ਦੇ ਥੈਲੇ ਨਾਲ ਲੈ ਕੇ ਜਾਣ ਨੂੰ ਆਪਣੀ ਰੋਜ਼ਾਨਾ ਦੀ ਆਦਤ ਬਣਾਇਆ ਜਾਵੇ। ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਗਾਹਕਾਂ ਨੂੰ ਸਾਮਾਨ ਦੇਣ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕੀਤੀ ਜਾਵੇ ਤੇ ਇਸ ਦੀ ਥਾਂ ਕਾਗ਼ਜ਼ ਜਾਂ ਕੱਪੜੇ ਦੇ ਥੈਲਿਆਂ ਨੂੰ ਤਰਜੀਹ ਦਿੱਤੀ ਜਾਵੇ। ਇਸ ਤੋਂ ਇਲਾਵਾ ਕਸਬੇ ਦੇ ਲੋਕਾਂ ਨੂੰ ਘਰਾਂ ਦੇ ਬਾਹਰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ ਹੈ। ਨਗਰ ਪੰਚਾਇਤ ਨੇ ਸਪਸ਼ਟ ਕੀਤਾ ਕਿ ਕੂੜੇ ਨੂੰ ਖੁੱਲ੍ਹੇ ਵਿਚ ਸਾੜਨ ਤੋਂ ਵੀ ਗੁਰੇਜ਼ ਕੀਤਾ ਜਾਵੇ ਕਿਉਂਕਿ ਖ਼ਾਸ ਕਰਕੇ ਪਲਾਸਟਿਕ ਸਾੜਨ ਨਾਲ ਵਾਤਾਵਰਣ ਵਿਚ ਹਾਨੀਕਾਰਕ ਤੇ ਜ਼ਹਿਰੀਲੀਆਂ ਗੈਸਾਂ ਪੈਦਾ ਹੋ ਸਕਦੀਆਂ ਹਨ। ਨਗਰ ਪੰਚਾਇਤ ਵਲੋਂ ਲੋਕਾਂ ਨੂੰ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਸਿੰਗਲ-ਯੂਜ਼ ਪਲਾਸਟਿਕ ਤੇ ਪਲਾਸਟਿਕ ਲਿਫ਼ਾਫ਼ਿਆਂ ਦੀ ਵਿੱਕਰੀ, ਸਟੋਰੇਜ ਤੇ ਵਰਤੋਂ ਸਬੰਧੀ ਲਾਗੂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਤੇ ਜੁਰਮਾਨਾ ਲਗਾਉਣ ਦੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਪ੍ਰਧਾਨ ਤੇ ਸਮੂਹ ਐਮ.ਸੀ. ਮੈਂਬਰਾਂ ਨੇ ਕਿਹਾ ਕਿ ਸਿਰਫ਼ ਨਗਰ ਪੰਚਾਇਤ ਦੀਆਂ ਕੋਸ਼ਿਸ਼ਾਂ ਨਾਲ ਮੱਲਾਂਵਾਲਾ ਨੂੰ ਪਲਾਸਟਿਕ ਮੁਕਤ ਤੇ ਸਾਫ਼-ਸੁਥਰਾ ਬਣਾਉਣਾ ਸੰਭਵ ਨਹੀਂ, ਸਗੋਂ ਇਸ ਲਈ ਹਰੇਕ ਨਾਗਰਿਕ, ਦੁਕਾਨਦਾਰ ਤੇ ਵਪਾਰੀ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਲਾਸਟਿਕ ਦੀ ਵਰਤੋਂ ਨੂੰ ਨਕਾਰਨ ਤੇ ਕੱਪੜੇ, ਜੂਟ ਜਾਂ ਹੋਰ ਵਾਤਾਵਰਣ ਪੱਖੀ ਥੈਲਿਆਂ ਦੀ ਵਰਤੋਂ ਕਰਨ। ਨਗਰ ਪੰਚਾਇਤ ਵਲੋਂ ਲੋਕਾਂ ਨੂੰ ਸਾਂਝੇ ਤੌਰ ’ਤੇ ਮੱਲਾਂਵਾਲਾ ਖ਼ਾਸ ਨੂੰ ਪਲਾਸਟਿਕ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਤੇ ਸੁੰਦਰ ਕਸਬਾ ਬਣਾਉਣ ਦਾ ਸੱਦਾ ਦਿੱਤਾ ਗਿਆ ਹੈ।