ਪਿੰਡ ਕਿੱਲ੍ਹਿਆਂਵਾਲੀ ’ਚ ਵਿਕਾਸ ਕਾਰਜਾਂ ਦੀ ਲੱਗੀ ਝੜੀ, ਕੈਬਨਿਟ ਮੰਤਰੀ ਸੌਂਦ ਨੇ ਕਈ ਪ੍ਰੋਜੈਕਟ ਲੋਕਾਂ ਨੂੰ ਕੀਤੇ ਸਮਰਪਿਤ
ਅਬੋਹਰ, 3 ਨਵੰਬਰ (ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਕਿੱਲ੍ਹਿਆਂਵਾਲੀ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਵਿਚ ਨਵੇਂ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ।
ਅਬੋਹਰ, 3 ਨਵੰਬਰ (ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਕਿੱਲ੍ਹਿਆਂਵਾਲੀ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਵਿਚ ਨਵੇਂ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਕਈ ਹੋਰ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨਵੇਂ ਕੰਮਾਂ ਦੇ ਨੀਂਹ ਪੱਥਰ ਵੀ ਰੱਖੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਉਸਾਰੇ ਜਾ ਰਹੇ 3100 ਪੇਂਡੂ ਖੇਡ ਮੈਦਾਨਾਂ ਦੇ ਤੀਜੇ ਪੜਾਅ ਤਹਿਤ ਬਲਾਕ ਖੂਈਆਂ ਸਰਵਰ ਦੇ ਪਿੰਡ ਕਿੱਲ੍ਹਿਆਂਵਾਲੀ ਵਿਚ ਇਹ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਵਿਚ ਗਊਸ਼ਾਲਾ ਦੇ ਸ਼ੈੱਡ ਦਾ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਇਲਾਵਾ ਬਲਾਕ ਖੂਈਆਂ ਸਰਵਰ ਵਿਖੇ ਨਵੇਂ ਬਣੇ ਪੰਚਾਇਤ ਘਰ, ਸਰਕਾਰੀ ਪ੍ਰਾਇਮਰੀ ਸਕੂਲ ਦੇ ਕਮਰਿਆਂ, ਚਾਰਦੀਵਾਰੀ ਅਤੇ ਕਿਚਨ ਸ਼ੈੱਡ ਦੇ ਨਾਲ-ਨਾਲ ਕਮਿਊਨਿਟੀ ਸੈਂਟਰ ਕਮ ਮੈਰਿਜ ਪੈਲੇਸ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਵਲੋਂ ਅਪਗ੍ਰੇਡ ਕੀਤੇ ਸਰਕਾਰੀ ਹਾਈ ਸਕੂਲ ਦੀ ਵੀ ਸ਼ੁਰੂਆਤ ਕੀਤੀ ਗਈ। ਪਿੰਡ ਵਿਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਵਿਛਾਉਣ ਅਤੇ ਇੰਟਰਲਾਕ ਗਲੀਆਂ ਤੇ ਨਾਲੀਆਂ ਦੇ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਗਏ। ਇਸ ਸਮਾਗਮ ਵਿਚ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਡਾ.ਸੁਹਾਨੀ ਡੋਡਾ ਨੇ ਕਿਹਾ ਕਿ ਪਿੰਡ ਵਿਚ ਖੇਡ ਮੈਦਾਨ ਬਣਨ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿਚ ਮਦਦ ਮਿਲੇਗੀ ਅਤੇ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਬਤੀਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਮੈਦਾਨ ਪੁਲਿਸ ਅਤੇ ਫ਼ੌਜ ਵਿਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੀ ਬੇਹੱਦ ਲਾਹੇਵੰਦ ਸਾਬਤ ਹੋਵੇਗਾ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੂੰ ਸਵੇਰੇ-ਸ਼ਾਮ ਸੈਰ ਕਰਨ ਅਤੇ ਸਰੀਰਕ ਕਸਰਤ ਕਰਨ ਲਈ ਵੀ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੀ ਉਸਾਰੀ ਨਾਲ ਪਿੰਡਾਂ ਵਿਚ ਖੇਡ ਸਭਿਆਚਾਰ ਨੂੰ ਹੁਲਾਰਾ ਮਿਲੇਗਾ ਅਤੇ ਨੌਜਵਾਨ ਪੀੜ੍ਹੀ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾ ਸਕੇਗਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀ, ਇਲਾਕੇ ਦੇ ਪਤਵੰਤੇ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।