ਅਬੋਹਰ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਕਾਂਗਰਸ ਨੂੰ ਸੱਤਾ ’ਚ ਲਿਆਉਣਾ ਜ਼ਰੂਰੀ-ਸੁਧੀਰ ਭਾਦੂ
ਅਬੋਹਰ, 15 ਨਵੰਬਰ (ਵਿਵੇਕ ਹੂੜੀਆ)-ਅਬੋਹਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸੁਧੀਰ ਭਾਦੂ ਮਿਸ਼ਨ 2027 ਤਹਿਤ ਆਪਣੀਆਂ ਸਰਗਰਮੀਆਂ ਤੇਜ਼ ਕਰ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਪ
ਪਿੰਡ ਪੰਨੀਵਾਲਾ ਮਾਹਲਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਕਾਂਗਰਸੀ ਆਗੂ ਸੁਧੀਰ ਭਾਦੂ ਅਤੇ ਉਨ੍ਹਾਂ ਦੇ ਨਾਲ ਮੌਜੂਦ ਸਮਰਥਕ। ਅਜੀਤ ਤਸਵੀਰ
16-11-2026
ਅਬੋਹਰ, 15 ਨਵੰਬਰ (ਵਿਵੇਕ ਹੂੜੀਆ)-ਅਬੋਹਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸੁਧੀਰ ਭਾਦੂ ਮਿਸ਼ਨ 2027 ਤਹਿਤ ਆਪਣੀਆਂ ਸਰਗਰਮੀਆਂ ਤੇਜ਼ ਕਰ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡ ਪੰਨੀਵਾਲਾ ਮਾਹਲਾ ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅਤੇ ਅਬੋਹਰ ਦੀ ਖ਼ੁਸ਼ਹਾਲੀ ਲਈ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸੁਧੀਰ ਭਾਦੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਵਿਚ ਦਿੱਲੀ ਤੋਂ ਆਏ ਆਗੂ ਰਾਜ ਕਰ ਰਹੇ ਹਨ, ਜਿਸ ਕਾਰਨ ਸੂਬੇ ਦੀ ਹਾਲਤ ਲਗਾਤਾਰ ਖ਼ਰਾਬ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਨਸ਼ਿਆਂ ਦਾ ਪਸਾਰ ਘਰ-ਘਰ ਤੱਕ ਪਹੁੰਚ ਗਿਆ ਹੈ। ਕਿਸਾਨਾਂ ਦੀਆਂ ਫ਼ਸਲਾਂ ਮੰਡੀਆਂ ਵਿਚ ਵਿਕਣ ਤੋਂ ਬਿਨਾਂ ਪਈਆਂ ਹਨ, ਜਦਕਿ ਕਿਸਾਨ ਅਤੇ ਮੁਲਾਜ਼ਮ ਵਰਗ ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਸਤੇ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਆਗੂਆਂ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ। ‘ਰੰਗਲਾ ਪੰਜਾਬ’ ਬਣਾਉਣ ਦੇ ਵਾਅਦੇ ਕਰਨ ਵਾਲੀ ਸਰਕਾਰ ਨੇ ਸੂਬੇ ਸਿਰ ਭਾਰੀ ਕਰਜ਼ਾ ਚੜ੍ਹਾ ਕੇ ਪੰਜਾਬ ਨੂੰ ਆਰਥਿਕ ਸੰਕਟ ਵੱਲ ਧੱਕ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਬੋਹਰ ਹਲਕੇ ਨਾਲ ਵੀ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਮਨਜ਼ੂਰ ਹੋਈਆਂ ਗਰਾਂਟਾਂ ਵੀ ਰੋਕ ਦਿੱਤੀਆਂ ਗਈਆਂ ਹਨ। ਸੁਧੀਰ ਭਾਦੂ ਨੇ ਕਿਹਾ ਕਿ ਅਬੋਹਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਅਬੋਹਰ ਹਲਕੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਲਾਕੇ ਵਿਚੋਂ ਅਪਰਾਧ ਅਤੇ ਨਸ਼ਿਆਂ ਦੇ ਖ਼ਾਤਮੇ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਕਾਂਗਰਸ ਪਾਰਟੀ ਦਾ ਸਾਥ ਦੇਣ।