ਅਬੋਹਰ ਦੀ ਮਾੜੀ ਸਫ਼ਾਈ ਵਿਵਸਥਾ ਲਈ ‘ਆਪ’ ਅਤੇ ਭਾਜਪਾ ਦੀ ਆਪਸੀ ਖਿੱਚੋਤਾਣ ਜ਼ਿੰਮੇਵਾਰ-ਸੁਧੀਰ ਭਾਦੂ
ਅਬੋਹਰ, 15 ਨਵੰਬਰ (ਵਿਵੇਕ ਹੂੜੀਆ)-ਅਬੋਹਰ ਸ਼ਹਿਰ ਵਿਚ ਲਗਾਤਾਰ ਵਿਗੜ ਰਹੀ ਸਫ਼ਾਈ ਵਿਵਸਥਾ ਅਤੇ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕਾਂਗਰਸੀ ਆਗੂ ਸੁਧੀਰ ਭਾਦੂ ਨੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਚੱਲ ਰਹੀ ਸਿਆਸੀ ਖਿੱਚੋਤਾਣ ਦਾ ਖ਼ਮਿਆਜ਼ਾ ਅੱਜ ਅਬੋਹਰ ਦੀ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ।
ਅਬੋਹਰ, 15 ਨਵੰਬਰ (ਵਿਵੇਕ ਹੂੜੀਆ)-ਅਬੋਹਰ ਸ਼ਹਿਰ ਵਿਚ ਲਗਾਤਾਰ ਵਿਗੜ ਰਹੀ ਸਫ਼ਾਈ ਵਿਵਸਥਾ ਅਤੇ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕਾਂਗਰਸੀ ਆਗੂ ਸੁਧੀਰ ਭਾਦੂ ਨੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਚੱਲ ਰਹੀ ਸਿਆਸੀ ਖਿੱਚੋਤਾਣ ਦਾ ਖ਼ਮਿਆਜ਼ਾ ਅੱਜ ਅਬੋਹਰ ਦੀ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਸ਼ਹਿਰ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਿਆਸੀ ਆਗੂ ਇੱਕ-ਦੂਜੇ ਨੂੰ ਨੀਵਾਂ ਦਿਖਾਉਣ ਅਤੇ ਦੋਸ਼ ਲਗਾਉਣ ਵਿਚ ਰੁੱਝੇ ਹੋਏ ਹਨ। ਸੁਧੀਰ ਭਾਦੂ ਨੇ ਕਿਹਾ ਕਿ ਅਬੋਹਰ ਸ਼ਹਿਰ ਵਿਚ ਸਫ਼ਾਈ ਵਿਵਸਥਾ ਦੀ ਹਾਲਤ ਬੇਹੱਦ ਚਿੰਤਾਜਨਕ ਬਣੀ ਹੋਈ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਖਿੱਚੋਤਾਣ ਕਾਰਨ ਸ਼ਹਿਰ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਭਾਦੂ ਨੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਜੇ.ਸੀ.ਬੀ ਮਸ਼ੀਨਾਂ ਨਾਲ ਉਨ੍ਹਾਂ ਨੇ ਆਪਣੇ ਉੱਪਰ ਫ਼ੁਲ ਵਰ੍ਹਾਏ ਸਨ, ਜੇਕਰ ਉਨ੍ਹਾਂ ਹੀ ਮਸ਼ੀਨਾਂ ਨੂੰ ਸ਼ਹਿਰ ਵਿਚ ਲੱਗੇ ਗੰਦਗੀ ਦੇ ਢੇਰ ਚੁਕਵਾਉਣ ਲਈ ਵਰਤਿਆ ਹੁੰਦਾ ਤਾਂ ਅੱਜ ਸ਼ਹਿਰ ਦੇ ਲੋਕ ਵੀ ਉਨ੍ਹਾਂ ’ਤੇ ਫ਼ੁਲ ਵਰ੍ਹਾਉਂਦੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਗੂਆਂ ਨੂੰ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਚੁਣਿਆ ਹੈ, ਨਾ ਕਿ ਸਿਆਸੀ ਸ਼ਕਤੀ ਪ੍ਰਦਰਸ਼ਨ ਕਰਨ ਅਤੇ ਇੱਕ-ਦੂਜੇ ’ਤੇ ਦੋਸ਼ ਲਗਾਉਣ ਲਈ। ਸੁਧੀਰ ਭਾਦੂ ਨੇ ਕਿਹਾ ਕਿ ਅਬੋਹਰ ਨੂੰ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਸਾਰੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਮਤਭੇਦ ਭੁੱਲਾ ਕੇ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਸ਼ਹਿਰ ਵਾਸੀਆਂ ਨੂੰ ਸਾਫ਼ ਸੜਕਾਂ, ਬਿਹਤਰ ਸਫ਼ਾਈ ਵਿਵਸਥਾ ਅਤੇ ਬੁਨਿਆਦੀ ਸਹੂਲਤਾਂ ਦੀ ਲੋੜ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਅਤੇ ਜਨਤਕ ਨੁਮਾਇੰਦਿਆਂ ਤੋਂ ਮੰਗ ਕੀਤੀ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਧਾਰਨ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਅਬੋਹਰ ਦੇ ਲੋਕਾਂ ਨੂੰ ਸਿਆਸੀ ਤਮਾਸ਼ਾ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਅਤੇ ਆਪਣੀਆਂ ਸਮੱਸਿਆਵਾਂ ਤੋਂ ਰਾਹਤ ਚਾਹੀਦੀ ਹੈ।