ਬੁਰਜ ਮੁਹਾਰ ਨੇੜੇ ਚੱਲ ਰਿਹਾ ਧਰਨਾ ਸਮਾਪਤ, ਐਨ.ਐੱਚ.ਏ.ਆਈ. ਵਲੋਂ ਦੋਵੇਂ ਮੰਗਾਂ ਮਨਜ਼ੂਰ
ਅਬੋਹਰ, 22 ਨਵੰਬਰ(ਵਿਵੇਕ ਹੂੜੀਆ)-ਪਿੰਡ ਬੁਰਜ ਮੁਹਾਰ ਨੇੜੇ ਫ਼ਾਜ਼ਿਲਕਾ ਰੋਡ ਸਥਿਤ ਗੁਰੂ ਨਾਨਕ ਪਬਲਿਕ ਸਕੂਲ ਦੇ ਕੋਲ ਆਪਣੀਆਂ ਮੰਗਾਂ ਨੂੰ ਲੈ ਕੇ 13 ਅਕਤੂਬਰ ਤੋਂ ਚੱਲ ਰਿਹਾ ਧਰਨਾ ਅੱਜ ਸਮਾਪਤ ਹੋ ਗਿਆ। ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ ਵਲੋਂ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਦੋਵੇਂ ਮੰਗਾਂ ਨੂੰ ਪ੍ਰਵਾਨਗੀ ਮਿਲਣ ਅਤੇ ਕੰਮ ਸ਼ੁਰੂ ਹੋਣ ਦੀ ਪੁਸ਼ਟੀ ਕਰਨ ਤੋਂ ਬਾਅਦ ਸੰਘਰਸ਼ ਕਮੇਟੀ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।
ਅਬੋਹਰ, 22 ਨਵੰਬਰ(ਵਿਵੇਕ ਹੂੜੀਆ)-ਪਿੰਡ ਬੁਰਜ ਮੁਹਾਰ ਨੇੜੇ ਫ਼ਾਜ਼ਿਲਕਾ ਰੋਡ ਸਥਿਤ ਗੁਰੂ ਨਾਨਕ ਪਬਲਿਕ ਸਕੂਲ ਦੇ ਕੋਲ ਆਪਣੀਆਂ ਮੰਗਾਂ ਨੂੰ ਲੈ ਕੇ 13 ਅਕਤੂਬਰ ਤੋਂ ਚੱਲ ਰਿਹਾ ਧਰਨਾ ਅੱਜ ਸਮਾਪਤ ਹੋ ਗਿਆ। ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ ਵਲੋਂ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਦੋਵੇਂ ਮੰਗਾਂ ਨੂੰ ਪ੍ਰਵਾਨਗੀ ਮਿਲਣ ਅਤੇ ਕੰਮ ਸ਼ੁਰੂ ਹੋਣ ਦੀ ਪੁਸ਼ਟੀ ਕਰਨ ਤੋਂ ਬਾਅਦ ਸੰਘਰਸ਼ ਕਮੇਟੀ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ। ਜਾਣਕਾਰੀ ਅਨੁਸਾਰ, ਫ਼ਾਜ਼ਿਲਕਾ ਰੋਡ ’ਤੇ ਸੜਕ ਦੇ ਇੱਕ ਪਾਸੇ ਨੂੰ ਕਰੀਬ 20 ਫੁੱਟ ਉੱਚਾ ਕੀਤੇ ਜਾਣ ਅਤੇ ਫਲਾਈਓਵਰ ਦੀ ਉਸਾਰੀ ਕਾਰਨ ਰਸਤਾ ਬੰਦ ਹੋਣ ਦੀ ਸਮੱਸਿਆ ਨੂੰ ਲੈ ਕੇ ਇਲਾਕਾ ਵਾਸੀਆਂ ਅਤੇ ਕਿਸਾਨਾਂ ਵਲੋਂ ਇਹ ਧਰਨਾ ਲਗਾਇਆ ਗਿਆ ਸੀ। ਧਰਨਾਕਾਰੀ ਦੋਵੇਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕਰ ਰਹੇ ਸਨ। ਬੀਤੇ ਦਿਨ ਐਨ.ਐੱਚ.ਏ.ਆਈ ਦੇ ਅਧਿਕਾਰੀਆਂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਦੱਸਿਆ ਕਿ ਦੋਵੇਂ ਮੰਗਾਂ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਇਨ੍ਹਾਂ ’ਤੇ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਭਰੋਸੇ ਤੋਂ ਬਾਅਦ ਸੰਘਰਸ਼ ਕਮੇਟੀ ਨੇ ਧਰਨਾ ਸਮਾਪਤ ਕਰਨ ਦਾ ਫ਼ੈਸਲਾ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਬੱਲੂਆਣਾ ਦੇ ਵਿਧਾਇਕ ਗੋਲਡੀ ਮੁਸਾਫਿਰ ਵੀ ਧਰਨੇ ਵਿਚ ਸ਼ਾਮਲ ਹੋ ਕੇ ਸੰਘਰਸ਼ ਕਰ ਰਹੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦੇ ਚੁੱਕੇ ਸਨ। ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਵੀ ਧਰਨੇ ਵਿਚ ਸ਼ਮੂਲੀਅਤ ਕਰਦਿਆਂ ਇਸ ਨੂੰ ਪੂਰਨ ਸਮਰਥਨ ਦਿੱਤਾ ਸੀ। ਇਸ ਸੰਘਰਸ਼ ਨੂੰ ਹੋਰ ਮਜ਼ਬੂਤੀ ਦੇਣ ਲਈ ਪਿੰਡ ਬੁਰਜ ਮੁਹਾਰ ਦੀ ਸਰਪੰਚ ਵੀਰਪਾਲ ਕੌਰ ਅਤੇ ਬੁਰਜ ਮੁਹਾਰ ਕਾਲੋਨੀ ਦੇ ਸਰਪੰਚ ਅਮਨਦੀਪ ਸਿੰਘ ਵਲੋਂ ਵੀ ਮਤੇ ਪਾਸ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੇ ਗਏ ਸਨ। ਕਿਸਾਨ ਆਗੂ ਜਗਤਾਰ ਸਿੰਘ, ਬੀ.ਕੇ.ਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਬਿੱਟੂ ਅਤੇ ਬੀ.ਕੇ.ਯੂ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਤੇ ਜਗਮੇਲ ਸਿੰਘ ਨੇ ਕਿਸਾਨ ਜਥੇਬੰਦੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ। ਧਰਨਾ ਸਮਾਪਤ ਕਰਨ ਦਾ ਐਲਾਨ ਪਲਵਿੰਦਰ ਸਿੰਘ, ਹਰਜਿੰਦਰ ਸਿੰਘ, ਰਾਕੇਸ਼ ਕੁਮਾਰ, ਮਨੋਜ ਕੁਮਾਰ ਅਤੇ ਹਰਜਿੰਦਰ ਸਿੰਘ ਖ਼ਾਲਸਾ ਸਮੇਤ ਸੰਘਰਸ਼ ਕਮੇਟੀ ਦੇ ਹੋਰ ਮੈਂਬਰਾਂ ਵੱਲੋਂ ਕੀਤਾ ਗਿਆ। ਉਨ੍ਹਾਂ ਸੰਘਰਸ਼ ਦੌਰਾਨ ਸਹਿਯੋਗ ਦੇਣ ਵਾਲੀਆਂ ਸਾਰੀਆਂ ਕਿਸਾਨ ਜਥੇਬੰਦੀਆਂ, ਪਿੰਡਾਂ ਦੀਆਂ ਪੰਚਾਇਤਾਂ, ਰਾਜਨੀਤਿਕ ਆਗੂਆਂ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਸੀਰ ਸਿੰਘ, ਜਗਜੀਤ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਗੁਰਬਚਨ ਸਿੰਘ, ਬਲਕਰਨ ਸਿੰਘ, ਹੈਪੀ, ਜਗਮੀਤ ਸਿੰਘ, ਇਕਬਾਲ ਸਿੰਘ, ਜਗਤਾਰ ਸਿੰਘ ਤਾਰਾ, ਸੁਖਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਇਲਾਕਾ ਵਾਸੀ ਮੌਜੂਦ ਸਨ।