22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਜ਼ਿਲ੍ਹਾ ਫ਼ਾਜ਼ਿਲਕਾ ’ਚ ਨੈਸ਼ਨਲ ਮੀਨਜ਼-ਕਮ-ਮੈਰਿਟ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਸੰਪੰਨ

ਫ਼ਾਜ਼ਿਲਕਾ, 22 ਨਵੰਬਰ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਉਤਸ਼ਾਹਿਤ ਕਰਨ ਅਤੇ ਵਜ਼ੀਫ਼ੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐੱਸ. ਸੀ.

ਜ਼ਿਲ੍ਹਾ ਫ਼ਾਜ਼ਿਲਕਾ ਵਿਚ ਵਜ਼ੀਫ਼ਾ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਵਿਚ ਪੇਪਰ ਦਿੰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 23-11-2026
ਫ਼ਾਜ਼ਿਲਕਾ, 22 ਨਵੰਬਰ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਉਤਸ਼ਾਹਿਤ ਕਰਨ ਅਤੇ ਵਜ਼ੀਫ਼ੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐੱਸ.ਸੀ.ਈ.ਆਰ.ਟੀ. ਪੰਜਾਬ ਰਾਹੀਂ ਲਈ ਗਈ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ (ਐਨ.ਐੱਮ.ਐੱਮ.ਐੱਸ.) ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸੁਚੱਜੇ ਪ੍ਰਬੰਧਾਂ ਹੇਠ ਸਫਲਤਾਪੂਰਵਕ ਸੰਪੰਨ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅਜੈ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਕਸ਼ਮੀਰੀ ਲਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਪ੍ਰੀਖਿਆ ਲਈ ਕੁੱਲ 15 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਸਨ। ਇਨ੍ਹਾਂ ਵਿਚ ਤਹਿਸੀਲ ਫ਼ਾਜ਼ਿਲਕਾ ਵਿਚ 5, ਅਬੋਹਰ ਵਿਚ 7 ਅਤੇ ਜਲਾਲਾਬਾਦ ਵਿਚ 3 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਅਧਿਆਪਕਾਂ ਵਲੋਂ ਪ੍ਰੀਖਿਆ ਦੀ ਵਧੀਆ ਤਿਆਰੀ ਕਰਵਾਈ ਗਈ ਸੀ, ਜਿਸ ਸਦਕਾ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਪ੍ਰੀਖਿਆ ਵਿਚ ਭਾਗ ਲਿਆ। ਦੋਵਾਂ ਸਿੱਖਿਆ ਅਧਿਕਾਰੀਆਂ ਦੇ ਨਾਲ ਡਾਈਟ ਫ਼ਾਜ਼ਿਲਕਾ ਦੇ ਪ੍ਰਿੰਸੀਪਲ-ਕਮ-ਆਬਜ਼ਰਵਰ ਰਾਜਿੰਦਰ ਕੁਮਾਰ ਵਿਖੋਣਾ ਨੇ ਵੀ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚੋਂ ਕੁੱਲ 5727 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਲਈ ਅਪਲਾਈ ਕੀਤਾ ਸੀ, ਜਿਨ੍ਹਾਂ ਵਿਚੋਂ 5021 ਵਿਦਿਆਰਥੀ ਪ੍ਰੀਖਿਆ ਵਿਚ ਹਾਜ਼ਰ ਹੋਏ, ਜਦਕਿ 706 ਵਿਦਿਆਰਥੀ ਗੈਰ-ਹਾਜ਼ਰ ਰਹੇ। ਇਸ ਤਰ੍ਹਾਂ ਪ੍ਰੀਖਿਆ ਵਿਚ ਵਿਦਿਆਰਥੀਆਂ ਦੀ ਹਾਜ਼ਰੀ 87.67 ਫ਼ੀਸਦੀ ਰਹੀ। ਉਨ੍ਹਾਂ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਦੱਸਿਆ ਕਿ ਪ੍ਰੀਖਿਆ ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਇਸ ਪ੍ਰੀਖਿਆ ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਤੋਂ ਇਲਾਵਾ ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ, ਸਮੂਹ ਕੇਂਦਰ ਸੁਪਰਡੈਂਟਾਂ ਅਤੇ ਨਿਗਰਾਨ ਅਮਲੇ ਵੱਲੋਂ ਵੀ ਆਪਣੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਈਆਂ ਗਈਆਂ। ਸਿੱਖਿਆ ਅਧਿਕਾਰੀਆਂ ਨੇ ਪ੍ਰੀਖਿਆ ਦੇ ਸਫਲ ਸੰਚਾਲਨ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ 19 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਹਲਕਾ ਦੱਖਣੀ ਵਿਖ... ਅਗਲੀ ਖ਼ਬਰ ਬੁਰਜ ਮੁਹਾਰ ਨੇੜੇ ਚੱਲ ਰਿਹਾ ਧਰਨਾ ਸਮਾਪਤ, ਐਨ.ਐੱਚ.ਏ.ਆਈ. ਵਲੋਂ ਦੋਵੇਂ ਮੰਗਾਂ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।