ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਲੈ ਕੇ ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਫ਼ਾਜ਼ਿਲਕਾ ਵਿਖੇ ਸ਼ਬਦ ਕੀਰਤਨ ਸਮਾਗਮ ਕਰਵਾਇਆ ਗਿਆ।
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਲੈ ਕੇ ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਫ਼ਾਜ਼ਿਲਕਾ ਵਿਖੇ ਸ਼ਬਦ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਸ਼ਬਦ ਕੀਰਤਨ ਸਰਵਣ ਕੀਤਾ। ਸਮਾਗਮ ਦੌਰਾਨ ਰਾਗੀ ਜਥੇ ਨੇ ਗੁਰਬਾਣੀ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਫ਼ਾਜ਼ਿਲਕਾ ਸ਼ਹਿਰ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਤੇ ਤਰੱਕੀ ਦੇ ਨਾਲ-ਨਾਲ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਜਸਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ਼ਬਦ ਕੀਰਤਨ ਰਾਹੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਉਨ੍ਹਾਂ ਦੇ ਜੀਵਨ ਦਰਸ਼ਨ ਅਤੇ ਮਾਨਵਤਾ ਪ੍ਰਤੀ ਦਿੱਤੇ ਸੰਦੇਸ਼ਾਂ ਤੋਂ ਸੰਗਤ ਨੂੰ ਜਾਣੂ ਕਰਵਾਇਆ ਗਿਆ। ਗੁਰੂ ਸਾਹਿਬ ਦੀ ਬਾਣੀ ਵਿਚ ਦਰਜ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਸਿਧਾਂਤਾਂ ’ਤੇ ਚਾਨਣਾ ਪਾਉਂਦਿਆਂ ਸੰਗਤ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਸਮੁੱਚਾ ਗੁਰਦੁਆਰਾ ਕੰਪਲੈਕਸ ਭਗਤੀ ਮਈ ਰੰਗ ਵਿਚ ਰੰਗਿਆ ਨਜ਼ਰ ਆਇਆ।ਇਸ ਮੌਕੇ ਕੇ.ਜੀ.ਐੱਫ਼. ਦੇ ਸੰਚਾਲਕ ਕਰਨ ਗਿਲਹੋਤਰਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਨੂੰ ਕੇਵਲ ਧਾਰਮਿਕ ਸਮਾਗਮਾਂ ਤੱਕ ਸੀਮਤ ਰਹਿਣ ਦੀ ਬਜਾਏ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਬਰਾਬਰੀ, ਪ੍ਰੇਮ, ਸੇਵਾ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਇੱਕਜੁੱਟ ਰੱਖਣ ਤੇ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਪ੍ਰੇਰਦੀਆਂ ਹਨ। ਉਨ੍ਹਾਂ ਦੱਸਿਆ ਕਿ ਕੇ.ਜੀ.ਐੱਫ਼. ਦਾ ਮੰਤਵ ਵੀ ਸਮਾਜ ਵਿਚ ਸੇਵਾ, ਸਦਭਾਵਨਾ ਅਤੇ ਲੋਕ ਭਲਾਈ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ ਅਤੇ ਅਜਿਹੇ ਸਮਾਗਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਧਾਰਮਿਕ ਤੇ ਸਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮਾਗਮ ਵਿਚ ਪਹੁੰਚੀ ਸੰਗਤ ਅਤੇ ਸਹਿਯੋਗ ਦੇਣ ਵਾਲੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ।ਸਮਾਗਮ ਦੀ ਸਮਾਪਤੀ ’ਤੇ ਸਰਬੱਤ ਦੇ ਭਲੇ ਅਤੇ ਫ਼ਾਜ਼ਿਲਕਾ ਸ਼ਹਿਰ ਦੀ ਸੁੱਖ-ਸਮ੍ਰਿਧੀ, ਖ਼ੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ ਗਈ, ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਦਵਿੰਦਰਪਾਲ ਸਿੰਘ ਅਤੇ ਪ੍ਰਬੰਧਕ ਕਮੇਟੀ ਵੱਲੋਂ ਕਰਨ ਗਿਲਹੋਤਰਾ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਧੀਰਾ ਬਰਾੜ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ, ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਗੁਲਬੱਧਰ, ਸਾਬਕਾ ਚੇਅਰਮੈਨ ਅਸ਼ੋਕ ਜੈਰਥ, ਨਗਰ ਕੌਂਸਲ ਦੇ ਮੀਤ ਪ੍ਰਧਾਨ ਭਗਵਾਨ ਦਾਸ, ਐਡਵੋਕੇਟ ਸਵੀ ਕਾਠਪਾਲ, ਪ੍ਰੈੱਸ ਕਲੱਬ ਦੇ ਪ੍ਰਧਾਨ ਦਵਿੰਦਰ ਪਾਲ ਸਿੰਘ, ਬਖ਼ਸ਼ੀਸ਼ ਸਿੰਘ, ਲੱਕੀ ਠਠਈ, ਅਸ਼ੋਕ ਕਾਮਰਾ, ਪ੍ਰਫੁੱਲ ਨਾਗਪਾਲ, ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ, ਖ਼ਜ਼ਾਨਚੀ ਨਰੇਸ਼ ਮਿੱਤਲ, ਮਦਨ ਲਾਲ ਵਢੇਰਾ, ਬੱਬੂ ਲਾਧੂਕਾ, ਮਹਿੰਦਰ ਚੰਦ ਵਢੇਰਾ ਲਾਧੂਕਾ, ਡਾ. ਵਿਜੇ ਸਚਦੇਵਾ, ਡਾ. ਯਸ਼ਪਾਲ ਜੱਸੀ, ਵਿਜੇ ਛਾਬੜਾ, ਸਵਰਨ ਸਿੰਘ, ਸਰਪੰਚ ਵੀਰ ਸਿੰਘ, ਗੁਲਸ਼ੇਰ ਸਿੰਘ (, ਦਾਰਾ ਸਿੰਘ, ਹਰਮਿੰਦਰ ਸਿੰਘ, ਪਿੰਡ ਰਾਣਾ ਦੇ ਸਾਬਕਾ ਸਰਪੰਚ ਰਮੇਸ਼ ਬੱਬਰ, ਵਿਸ਼ਾਲ ਕਾਮਰਾ ਅਤੇ ਟੀਮ ਕੇ.ਜੀ.ਐੱਫ਼. ਸਮੇਤ ਹੋਰ ਪਤਵੰਤੇ ਤੇ ਸ਼ਰਧਾਲੂ ਹਾਜ਼ਰ ਸਨ।