ਏਸ਼ਿਆਈ ਖੇਡਾਂ ਦੀ ਸੋਨ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਸਵਾਗਤ ਲਈ ਸਰਕਾਰ ਦਾ ਕੋਈ ਨੁਮਾਇੰਦਾ ਨਾ ਪੁੱਜਣ ’ਤੇ ਸੰਸਦ ਮੈਂਬਰ ਔਜਲਾ ਨੇ ਚੁੱਕੇ ਸਵਾਲ
ਅਜਨਾਲਾ/ਰਾਜਾਸਾਂਸੀ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਏਸ਼ੀਆਈ ਖੇਡਾਂ ਵਿੱਚ ਲਗਾਤਾਰ ਦੂਜੀ ਵਾਰ ਸੋਨ ਤਗਮਾ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸੰਬੰਧਿਤ ਖਿਡਾਰੀਆਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਜਾਂ ਪ੍ਰਸ਼ਾਸਨਿਕ ਅਧਿਕਾਰੀ ਦੇ ਮੌਜੂਦ ਨਾ ਹੋਣ ’ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਰਾਜਾਸਾਂਸੀ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਣ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਵਾਈ ਅੱਡੇ ’ਤੇ ਸਰਕਾਰ ਵੱਲੋਂ ਖਿਡਾਰੀਆਂ ਦੇ ਸਵਾਗਤ ਲਈ ਕੋਈ ਹੋਰਡਿੰਗ ਤੱਕ ਨਾ ਲੱਗਿਆ ਹੋਣਾ ਵੀ ਸਰਕਾਰ ਦੀ ਗੰਭੀਰਤਾ ’ਤੇ ਸਵਾਲ ਖੜ੍ਹੇ ਕਰਦਾ ਹੈ।