23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ ਦੋ ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਕਾਰਵਾਈ

ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੰਮ੍ਰਿਤਸਰ ਵਿਕਾਸ ਅਥਾਰਟੀ (ਏ. ਡੀ.

ਅਣ- ਅਧਿਕਾਰਤ ਕਾਲੋਨੀ ਵਿਚ ਕੀਤੀ ਗਈ ਉਸਾਰੀ ਨੂੰ ਤੋੜਦੇ ਹੋਏ ਪੁੱਡਾ ਦੀ ਟੀਮ ਦੇ ਮੈਂਬਰ। ਅਜੀਤ ਤਸਵੀਰ 23-10-2026
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.), ਪੁੱਡਾ ਦੇ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਵਿੰਗ ਵਲੋਂ ਅੱਜ ਜ਼ਿਲ੍ਹੇ ਵਿਚ ਦੋ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐੱਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ ਇਨਾਯਤ, ਪੀ.ਸੀ.ਐੱਸ. ਵਲੋਂ ਜਾਰੀ ਹਦਾਇਤਾਂ ਅਨੁਸਾਰ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੈਗੂਲੇਟਰੀ ਵਿੰਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭਵਿੱਖੀ ਵਿਕਾਸ ਨੂੰ ਨਿਯਮਬੱਧ ਕਰਨ ਅਤੇ ਗ਼ੈਰ-ਕਾਨੂੰਨੀ ਕਲੋਨੀਆਂ ਦੇ ਵਿਕਾਸ ਨੂੰ ਰੋਕਣ ਲਈ ਪਿੰਡ ਪਾਖਰਪੁਰਾ ਅਤੇ ਪਿੰਡ ਦਿਆਲਪੁਰ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਉਪਰੋਕਤ ਕਲੋਨੀਆਂ ਦੇ ਸਬੰਧ ’ਚ ਪਾਪਰਾ ਐਕਟ-1995 ਤਹਿਤ ਨੋਟਿਸ ਜਾਰੀ ਕਰਕੇ ਉਸਾਰੀ ਅਤੇ ਵਿਕਾਸ ਕਾਰਜ ਬੰਦ ਕਰਵਾਏ ਗਏ ਸਨ। ਇਸ ਦੇ ਬਾਵਜੂਦ ਕਲੋਨੀਆਂ ਦੇ ਮਾਲਕਾਂ ਵਲੋਂ ਕੋਈ ਤਸੱਲੀਬਖ਼ਸ਼ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ’ਤੇ ਵਿਕਾਸ ਕਾਰਜ ਜਾਰੀ ਰੱਖੇ ਗਏ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਦੋਵਾਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਢਾਹੁਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪਾਪਰਾ ਐਕਟ-1995 ਵਿਚ ਸਾਲ 2024 ਦੌਰਾਨ ਕੀਤੀ ਸੋਧ ਅਨੁਸਾਰ ਅਣ-ਅਧਿਕਾਰਤ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ 5 ਤੋਂ 10 ਸਾਲ ਤੱਕ ਦੀ ਕੈਦ ਅਤੇ 25 ਲੱਖ ਰੁਪਏ ਤੋਂ 5 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ। ਇਨ੍ਹਾਂ ਕਲੋਨੀਆਂ ਨਾਲ ਸਬੰਧਤ ਜ਼ਮੀਨ ਦੇ ਮਾਲਕਾਂ ਅਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਲਈ ਰੈਵੇਨਿਊ ਰਿਕਾਰਡ ਦੇ ਆਧਾਰ ’ਤੇ ਪੁਲਿਸ ਵਿਭਾਗ ਨੂੰ ਵੀ ਲਿਖਿਆ ਜਾ ਰਿਹਾ ਹੈ। ਏ.ਡੀ.ਏ. ਦੇ ਰੈਗੂਲੇਟਰੀ ਵਿੰਗ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਿਹਨਤ ਦੀ ਕਮਾਈ ਨਿਵੇਸ਼ ਕਰਨ ਤੋਂ ਪਹਿਲਾਂ ਪਲਾਟ ਜਾਂ ਜ਼ਮੀਨ ਦੀ ਕਾਨੂੰਨੀ ਸਥਿਤੀ ਦੀ ਪੂਰੀ ਜਾਂਚ ਜ਼ਰੂਰ ਕਰਨ। ਕਿਸੇ ਵੀ ਕਲੋਨੀ ਵਿਚ ਪਲਾਟ ਖਰੀਦਣ ਤੋਂ ਪਹਿਲਾਂ ਪੁੱਡਾ ਵਿਭਾਗ ਵਲੋਂ ਜਾਰੀ ਕੀਤੀ ਗਈ ਮਨਜ਼ੂਰੀ ਦੀ ਜਾਂਚ ਕੀਤੀ ਜਾਵੇ ਅਤੇ ਸਬੰਧਤ ਕਲੋਨੀ ਦੇ ਮਨਜ਼ੂਰਸ਼ੁਦਾ ਹੋਣ ਦੀ ਪੁਸ਼ਟੀ ਕੀਤੀ ਜਾਵੇ।
ਪਿਛਲੀ ਖ਼ਬਰ ਹੋਟਲਾਂ, ਬਾਰਾਂ ਤੇ ਸ਼ਰਾਬ ਪੀਣ ਦੇ ਅੱਡਿਆਂ ’ਤੇ ਦੜਾ ਸੱਟਾ ਲਾਉਣ ਵਾਲੇ ਸਾਵਧਾਨ ਰਹਿਣ : ਐਸ.ਐਚ.ਓ ਅਗਲੀ ਖ਼ਬਰ ਯੂ. ਕੇ. ਦੇ ਸਤੰਬਰ ਅਤੇ ਨਵੰਬਰ ਇੰਟੇਕ ’ਚ ਪੰਜਾਬ ਇਮੀਗ੍ਰੇਸ਼ਨ ਦੀ ਸ਼ਾਨਦਾਰ ਕਾਮਯਾਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।