ਐੱਸ. ਏ. ਐੱਸ. ਨਗਰ, 1 ਸਤੰਬਰ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ‘ਚ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.)-2026 ਦਾ ਕੰਮ ਜਾਰੀ ਹੈ। ਇਸ ਤਹਿਤ ਬੀਤੀ 13 ਅਗਸਤ ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ ਅਤੇ ਵੋਟਰਾਂ ਵਲੋਂ ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ ਤੱਕ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਰ ਫਾਰਮ ਨੰ. 6, 6-ਏ, 7 ਅਤੇ 8 ਆਨਲਾਈਨ ਅਤੇ ਰਾਹੀਂ ਭਰ ਸਕਦੇ ਹਨ। ਇਸ ਤੋਂ ਇਲਾਵਾ ਇਹ ਫਾਰਮ ਆਫਲਾਈਨ ਵੀ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ. ਐਲ. ਓਜ਼ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 6 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਜ਼ਿਲ੍ਹੇ ਦੇ ਸਮੂਹ 936 ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀ. ਐਲ. ਓਜ਼ ਆਪੋ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ, ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਸੰਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਮੁਹੱਈਆ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਵਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ ਵੀ ਬੀ. ਐਲ. ਓਜ਼. ਨੂੰ ਦਾਅਵਿਆਂ ਅਤੇ ਇਤਰਾਜ਼ਾਂ ਦੇ ਕੰਮ ‘ਚ ਸਹਿਯੋਗ ਦੇਣਗੇ। ਇਸ ਦੇ ਨਾਲ ਹੀ ਉਹ ਆਪਣੇ ਪਾਰਟੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਉਪਰਾਲੇ ਵੀ ਕਰਨਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ‘ਤੇ ਜਿਹੜੇ ਨਾਗਰਿਕ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋ ਚੁੱਕੇ ਹਨ, ਉਹ ਆਪਣਾ ਨਾਂਅ ਵੋਟਰ ਸੂਚੀ ‘ਚ ਦਰਜ ਕਰਵਾਉਣ ਲਈ ਫਾਰਮ ਨੰ. 6 ਭਰ ਕੇ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈਣ। ਇਸੇ ਤਰ੍ਹਾਂ ਵੋਟਰ ਕਾਰਡ ‘ਚ ਦਰਜ ਵੇਰਵਿਆਂ ‘ਚ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਕਰਵਾਉਣ ਅਤੇ ਪਤਾ ਬਦਲਾਉਣ ਲਈ ਫਾਰਮ ਨੰ. 8 ਭਰ ਕੇ ਸੰਬੰਧਿਤ ਬੀ. ਐਲ. ਓ. ਨੂੰ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ‘ਚ ਆਪਣਾ ਨਾਂਅ ਦਰਜ ਕਰਵਾਉਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਯੋਗ ਵਿਅਕਤੀਆਂ ਨੂੰ ਵੀ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸੋਧ, ਰਜਿਸਟ੍ਰੇਸ਼ਨ ਅਤੇ ਦਾਅਵਿਆਂ-ਇਤਰਾਜ਼ਾਂ ਸੰਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 (ਟੋਲ ਫ੍ਰੀ) ‘ਤੇ ਸੰਪਰਕ ਕੀਤਾ ਜਾ ਸਕਦਾ ਹੈ।