ਚੰਡੀਗੜ੍ਹ, 1 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਪਹਿਲੇ ਪੜਾਅ ਦੀ ਸਮੀਖਿਆ ਲਈ ਯੂ.ਟੀ. ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੈਕਟਰ-9 ਸਥਿਤ ਪੁਲਿਸ ਹੈੱਡਕੁਆਰਟਰ ਵਿਖੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ 11 ਸਤੰਬਰ ਤੋਂ 30 ਸਤੰਬਰ ਤੱਕ ਮੁਹਿੰਮ ਤਹਿਤ ਕੀਤੀ ਗਈ ਕਾਰਵਾਈ ਅਤੇ ਅਗਲੇ ਪੜਾਅ ਦੀ ਰਣਨੀਤੀ ਬਾਰੇ ਸਮੀਖਿਆ ਕੀਤੀ ਗਈ। ਮੁਹਿੰਮ ਦੌਰਾਨ 163 ਐੱਫ.ਆਈ.ਆਰਜ਼ ਦਰਜ ਕਰਕੇ 173 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 525 ਵਿਅਕਤੀਆਂ ਨੂੰ ਰੋਕਥਾਮੀ ਕਾਰਵਾਈ ਤਹਿਤ ਹਿਰਾਸਤ ਵਿਚ ਲਿਆ ਗਿਆ।ਪੁਲਿਸ ਵਲੋਂ ਇਸ ਦੌਰਾਨ 2.638 ਕਿਲੋ ਹੈਰੋਇਨ, 9.46 ਗ੍ਰਾਮ ਆਈਸ, 50.72 ਗ੍ਰਾਮ ਕੋਕੀਨ, 1.191 ਕਿਲੋ ਗਾਂਜਾ, 49 ਨਸ਼ੀਲੇ ਟੀਕੇ, 24 ਚਾਕੂ, 3 ਪਿਸਤੌਲ, 9 ਕਾਰਤੂਸ ਅਤੇ 20 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਪੁਲਿਸ ਵਲੋਂ ਚੰਡੀਗੜ੍ਹ ਵਿਚ ਨਸ਼ਿਆਂ ਦੀ ਸਪਲਾਈ ਨੂੰ ਤੋੜਨ ਲਈ 65 ਨਸ਼ਾ ਪ੍ਰਭਾਵਿਤ ਹੌਟਸਪੌਟਸ ਦੀ ਪਛਾਣ ਕਰਕੇ ਉਥੇ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਨ੍ਹਾਂ ਥਾਵਾਂ ’ਤੇ 97 ਐੱਫ.ਆਈ.ਆਰਜ਼ ਦਰਜ ਕਰਕੇ 99 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਅਤੇ 195 ਵਿਅਕਤੀਆਂ ਨੂੰ ਰੋਕਥਾਮੀ ਕਾਰਵਾਈ ਤਹਿਤ ਹਿਰਾਸਤ ਵਿਚ ਲਿਆ ਗਿਆ। ਇਨ੍ਹਾਂ ਵਿਚੋਂ 61 ਮੁਲਜ਼ਮ ਪਹਿਲਾਂ ਐੱਨ.ਡੀ.ਪੀ.ਐੱਸ. ਮਾਮਲਿਆਂ ਵਿਚ ਸ਼ਾਮਲ ਰਹੇ ਸਨ। 83 ਨਸ਼ਾ ਪੀੜਤਾਂ ਦੀ ਪਛਾਣ , 37 ਮੁੜ ਵਸੇਬਾ ਕੇਂਦਰਾਂ ਵਿਚ ਦਾਖ਼ਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਮੁਹਿੰਮ ਦੇ ਅਗਲੇ ਪੜਾਅ ਵਿਚ ਨਸ਼ੇ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।ਪੁਲਿਸ ਅਨੁਸਾਰ ਮੁਹਿੰਮ ਦੌਰਾਨ ਹੁਣ ਤੱਕ 83 ਨਸ਼ਾ ਪੀੜਤਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 37 ਨੂੰ ਮੁੜ ਵਸੇਬਾ ਕੇਂਦਰਾਂ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪ੍ਰਸ਼ਾਸਕ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਲਈ ਪੰਜਾਬ ਤੇ ਹਰਿਆਣਾ ਦੇ ਡੀ.ਜੀ.ਪੀਜ਼ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਵੀ ਮੁਲਾਕਾਤ ਕਰਕੇ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਦੀ ਪਛਾਣ ਅਤੇ ਉਨ੍ਹਾਂ ਦੇ ਇਲਾਜ ਲਈ ਸਾਂਝੇ ਯਤਨ ਕੀਤੇ ਜਾਣਗੇ। ਯੂ.ਟੀ. ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਵਾਲੀ ਮੀਟਿੰਗ ਵਿਚ ਪ੍ਰਮੁੱਖ ਸਕੱਤਰ ਵੀ. ਪੀ. ਸਿੰਘ, ਚੰਡੀਗੜ੍ਹ ਦੇ ਗ੍ਰਹਿ ਸਕੱਤਰ ਮੰਦੀਪ ਸਿੰਘ ਬਰਾੜ, ਡੀ.ਜੀ.ਪੀ. ਡਾ. ਸਗਰਪ੍ਰੀਰ ਹੁੱਡਾ, ਆਈ.ਜੀ.ਪੀ. ਪੁਸ਼ਪਿੰਦਰ ਕੁਮਾਰ ਸਮੇਤ ਐਸ.ਐਸ.ਪੀ. ਸਕਿਓਰਿਟੀ ਅਤੇ ਟ੍ਰੈਫਿਕ, ਐਸ.ਐਸ.ਪੀ. ਆਪਰੇਸ਼ਨਜ਼, ਐਸ.ਪੀ. ਹੈੱਡਕੁਆਰਟਰ ਅਤੇ ਚੰਡੀਗੜ੍ਹ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਡੀ . ਜੀ . ਪੀ . ਚੰਡੀਗੜ੍ਹ ਦਾ ਦਾਅਵਾ ਹੁਣ ਨਸ਼ਾ ਪੀੜਤਾਂ ਨੂੰ ਨਹੀਂ ਕੀਤਾ ਜਾਵੇਗਾ ਗਿਰਫ਼ਤਾਰ ਚੰਡੀਗੜ੍ਹ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੀ ਸਮੀਖਿਆ ਲਈ ਯੂ.ਟੀ. ਦੇ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਹੋਈ ਮੀਟਿੰਗ ਉਪਰੰਤ ਪ੍ਰੈੱਸ ਕਾਨਫਰੰਸ ਦੌਰਾਨ ਡੀ.ਜੀ.ਪੀ. ਚੰਡੀਗੜ੍ਹ ਡਾ. ਸਾਗਰਪ੍ਰੀਤ ਹੁੱਡਾ ਨੇ ਮੁਹਿੰਮ ਦੌਰਾਨ ਪੁਲਿਸ ਵਲੋਂ ਕੀਤੀ ਕਾਰਵਾਈ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਸੁਚੇਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਪੱਤਰਕਾਰਾਂ ਵਲੋਂ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਡੀ.ਜੀ.ਪੀ. ਨੇ ਕਿਹਾ ਕਿ ਹੁਣ ਨਸ਼ਾ ਪੀੜਤਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਉਨ੍ਹਾਂ ਦੇ ਪਰਿਵਾਰ ਦੀ ਸਹਿਮਤੀ ਨਾਲ ਮੁੜ ਵਸੇਬਾ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਥੇ ਇਲਾਜ ਕਰਵਾਉਣ ਤੋਂ ਬਾਅਦ ਨਸ਼ਾ ਪੀੜਤ ਮੁੜ ਆਮ ਜੀਵਨ ਵਿਚ ਪਰਤ ਕੇ ਸਮਾਜ ਵਿਚ ਵਿਚਰ ਸਕਣਗੇ।ਡੀ.ਜੀ.ਪੀ. ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਉਦੇਸ਼ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਰਾਹੀਂ ਸਮਾਜ ਦੀ ਮੁਖ ਧਾਰਾ ਵਿਚ ਲਿਆਉਣਾ ਵੀ ਹੈ।
ਯੂ.ਟੀ. ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੁਲਿਸ ਹੈੱਡਕੁਆਰਟਰ ਵਿਖੇ ਨਸ਼ਾ ਵਿਰੋਧੀ ਮੁਹਿੰਮ ਸੰਬੰਧੀ ਕੀਤੀ ਸਮੀਖਿਆ ਮੀਟਿੰਗ
ਚੰਡੀਗੜ੍ਹ, 1 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਪਹਿਲੇ ਪੜਾਅ ਦੀ ਸਮੀਖਿਆ ਲਈ ਯੂ. ਟੀ.
ਸਮੀਖਿਆ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ.ਜੀ.ਪੀ ਚੰਡੀਗੜ੍ਹ ਡਾ. ਸਾਗਰਪ੍ਰੀਤ ਹੁੱਡਾ
02-10-2026