ਐੱਸ. ਏ. ਐੱਸ. ਨਗਰ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਥਕ ਆਗੂ ਅਤੇ ਨਗਰ ਨਿਗਮ ਮੁਹਾਲੀ ਦੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਲਾਤਕਾਰੀਆਂ ਅਤੇ ਕਾਤਲਾਂ ਨੂੰ ਪੈਰੋਲ ਅਤੇ ਸਜ਼ਾ ਮੁਆਫ਼ੀ ਦੇ ਸਕਦੀ ਹੈ, ਫਿਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਅਤੇ ਝੂਠੇ ਪੁਲਿਸ ਮੁਕਾਬਲਿਆਂ ਤੋਂ ਦੁਖੀ ਹੋ ਕੇ ਸਰਕਾਰ ਖ਼ਿਲਾਫ਼ ਬਗਾਵਤ ਕਰਦਿਆਂ ਕਤਲ ਕਰਨ ਵਾਲੇ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਤਬਦੀਲ ਕਿਉਂ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਭਾਜਪਾ ਧਰਮ ਨਿਰਪੱਖਤਾ ਨਾਲ ਵਿਵਹਾਰ ਕਰਨ ਦੀ ਥਾਂ ਫਿਰਕੂ ਭੇਦਭਾਵ ਵਾਲੀ ਨੀਤੀ ‘ਤੇ ਚਲਦੀ ਹੈ, ਜੋ ਕਿ ਦੇਸ਼ ਦੇ ਹਿੱਤ ‘ਚ ਨਹੀਂ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਅਜਿਹੀਆਂ ਕਰਵਾਈਆਂ ਨਾਲ ਉਸ ਦਾ ਦੋਗਲਾ ਚਰਿੱਤਰ ਜੱਗ ਜ਼ਾਹਿਰ ਹੁੰਦਾ ਹੈ। ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕਰਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨ।