ਪੰਜਾਬ ਸਰਕਾਰ ਨੇ ਅੰਤਰਜਾਤੀ ਵਿਆਹੇ ਜੋੜਿਆਂ ਨੂੰ 4 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ - ਡਾ. ਬਲਜੀਤ ਕੌਰ
ਚੰਡੀਗੜ੍ਹ, 26 ਅਕਤੂਬਰ (ਅਜੀਤ ਬਿਊਰੋ)- ਸਮਾਜਿਕ ਬਰਾਬਰੀ, ਆਪਸੀ ਸਤਿਕਾਰ ਅਤੇ ਜਾਤ-ਪਾਤ ਆਧਾਰਿਤ ਭੇਦਭਾਵ ਤੋਂ ਮੁਕਤ ਸਮਾਜ ਦੀ ਸਿਰਜਣਾ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4. 06 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
ਚੰਡੀਗੜ੍ਹ, 26 ਅਕਤੂਬਰ (ਅਜੀਤ ਬਿਊਰੋ)- ਸਮਾਜਿਕ ਬਰਾਬਰੀ, ਆਪਸੀ ਸਤਿਕਾਰ ਅਤੇ ਜਾਤ-ਪਾਤ ਆਧਾਰਿਤ ਭੇਦਭਾਵ ਤੋਂ ਮੁਕਤ ਸਮਾਜ ਦੀ ਸਿਰਜਣਾ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਤਹਿਤ ਲਾਗੂ ਕੀਤੀ ਜਾ ਰਹੀ ਇਸ ਯੋਜਨਾ ਦਾ ਉਦੇਸ਼ ਅੰਤਰਜਾਤੀ ਵਿਆਹਾਂ ਨੂੰ ਉਤਸ਼ਾਹਿਤ ਕਰਨਾ, ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸੰਵਿਧਾਨ ਵਿਚ ਦਰਜ ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਅਮਲੀ ਰੂਪ ਦੇਣਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਯੋਗ ਅੰਤਰਜਾਤੀ ਵਿਆਹੇ ਜੋੜੇ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਵਿੱਚੋਂ 30,000 ਰੁਪਏ ਲਾਭਪਾਤਰੀ ਦੇ ਆਧਾਰ ਸੀਡਿਡ ਬੈਂਕ ਖਾਤੇ ਵਿੱਚ ਸਿੱਧੇ ਜਮ੍ਹਾਂ ਕਰਵਾਏ ਜਾਂਦੇ ਹਨ, ਜਦਕਿ 20,000 ਰੁਪਏ ਨੈਸ਼ਨਲ ਸੇਵਿੰਗ ਸਰਟੀਫਿਕੇਟ (ਐਨ.ਐੱਸ.ਸੀ.) ਰਾਹੀਂ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਵਿਆਹੇ ਜੋੜੇ ਵਿੱਚੋਂ ਇੱਕ ਜੀਵਨ ਸਾਥੀ ਦਾ ਅਨੁਸੂਚਿਤ ਜਾਤੀ (ਐੱਸ.ਸੀ.) ਅਤੇ ਦੂਜੇ ਦਾ ਗੈਰ-ਅਨੁਸੂਚਿਤ ਜਾਤੀ (ਨਾਨ-ਐੱਸ.ਸੀ.) ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਲੜਕੇ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ। ਯੋਗ ਜੋੜੇ ਵਿਆਹ ਦੀ ਮਿਤੀ ਤੋਂ ਤਿੰਨ ਸਾਲਾਂ ਦੇ ਅੰਦਰ ਇਸ ਸਹਾਇਤਾ ਲਈ ਅਰਜ਼ੀ ਦੇ ਸਕਦੇ ਹਨ।