ਮਾਨਸਾ, 27 ਨਵੰਬਰ (ਸ.ਰਿ.)- ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦੀ ਸਖ਼ਤ ਆਲੋਚਨਾ ਕੀਤੀ ਹੈ। ਆਰ.ਐਮ.ਪੀ.ਆਈ. ਸੂਬਾ ਕਮੇਟੀ ਦੇ ਸਕੱਤਰ ਪਰਗਟ ਸਿੰਘ ਜਾਮਾਰਾਏ, ਲਿਬਰੇਸ਼ਨ ਦੇ ਸੂਬਾਈ ਸਕੱਤਰ ਕਾ. ਗੁਰਮੀਤ ਸਿੰਘ ਬਖਤਪੁਰ ਅਤੇ ਲਿਬਰੇਸ਼ਨ ਦੇ ਸੂਬਾਈ ਬੁਲਾਰੇ ਕਾ. ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਅਕਾਲੀ-ਭਾਜਪਾ ਦੀ ਐਨ.ਡੀ.ਏ. ਸਰਕਾਰ ਦੌਰਾਨ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ ਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ’ਚ ਕੋਈ ਸੁਧਾਰ ਨਹੀਂ ਹੋਇਆ ਸੀ ਬਲਕਿ ਖੇਤੀ ਸਕੰਟ, ਬੇਰੁਜ਼ਗਾਰੀ, ਨਸ਼ਿਆਂ, ਅਪਰਾਧ ਦਾ ਫੈਲਾਅ, ਆਰਥਿਕ ਨਾ-ਬਰਾਬਰੀ ਆਦਿ ਵਰਗੀਆਂ ਸਮੱਸਿਆਵਾਂ ਗੰਭੀਰ ਹੁੰਦੀਆਂ ਗਈਆਂ। ਆਗੂਆਂ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ 12 ਸਾਲਾਂ ਦੀ ਕਾਰਗੁਜ਼ਾਰੀ ਤੋਂ ਇਹ ਸਿੱਧ ਹੋ ਗਿਆ ਹੈ ਕਿ ਭਾਜਪਾ ਨਾ ਕੇਵਲ ਸੂਬਿਆਂ ਦੇ ਫੈਡਰਲ ਅਧਿਕਾਰਾਂ ਦੀ ਜਨਮ-ਜਾਤ ਵਿਰੋਧੀ ਹੈ ਬਲਕਿ ਫਿਰਕੂ ਇਕਸੁਰਤਾ ਅਤੇ ਭਾਈਚਾਰਕ ਸਾਂਝ ਦੀ ਵੀ ਵੈਰੀ ਹੈ। ਬਿਆਨ ’ਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਚੋਣਾਂ ’ਚ ਅਕਾਲੀ-ਭਾਜਪਾ ਗੱਠਜੋੜ ਤੇ ‘ਆਪ’ ਨੂੰ ਹਾਰ ਦੇਣ ਲਈ ਖੱਬੀਆਂ ਪਾਰਟੀਆਂ ਸਮੇਤ ‘ਇੰਡੀਆ’ ਗੱਠਜੋੜ ’ਚ ਸ਼ਾਮਲ ਸਾਰੀਆਂ ਧਿਰਾਂ ਦਾ ਮਿਲ ਕੇ ਚੋਣ ਮੈਦਾਨ ’ਚ ਉਤਰਨਾ ਸਮੇਂ ਦੀ ਲੋੜ ਹੈ।