ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ ਲਹਿਰ ਬਣੀ, ਨਸ਼ਾ ਮੁਕਤੀ ਕੇਂਦਰਾਂ ਵਿਖੇ ਮਰੀਜ਼ਾਂ ਦੀ ਆਮਦ 250 ਗੁਣਾ ਵਧੀ- ਡਾ. ਬਲਬੀਰ ਸਿੰਘ
ਪਟਿਆਲਾ, 1 ਸਤੰਬਰ (ਮਨਦੀਪ ਸਿੰਘ ਖਰੌੜ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਲੋਕ ਲਹਿਰ ਬਣ ਚੁੱਕੀ ਹੈ ਤੇ ਲੋਕ ਖ਼ੁਦ ਸੂਚਨਾ ਦੇ ਕੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਪਟਿਆਲਾ, 1 ਸਤੰਬਰ (ਮਨਦੀਪ ਸਿੰਘ ਖਰੌੜ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਲੋਕ ਲਹਿਰ ਬਣ ਚੁੱਕੀ ਹੈ ਤੇ ਲੋਕ ਖ਼ੁਦ ਸੂਚਨਾ ਦੇ ਕੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਲਤ ਦੇ ਸ਼ਿਕਾਰ ਲੋਕ ਹੁਣ ਨਸ਼ਾ ਮੁਕਤੀ ਲਈ ਖੁੱਲ੍ਹ ਕੇ ਅੱਗੇ ਆ ਰਹੇ ਹਨ ਤੇ ਤਾਜ਼ਾ ਅੰਕੜਿਆਂ ਮੁਤਾਬਕ ਨਸ਼ਾ ਮੁਕਤੀ ਕੇਂਦਰਾਂ, ਓਟ ਸੈਂਟਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿਖੇ ਮਰੀਜ਼ਾਂ ਦੀ ਆਮਦ ਵਿਚ 250 ਗੁਣਾ ਇਜ਼ਾਫ਼ਾ ਹੋਇਆ ਹੈ। ਸਿਹਤ ਮੰਤਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਬੈਠਕ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ ਲੈ ਰਹੇ ਸਨ। ਬੈਠਕ ਮੌਕੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਕੁਲਵੰਤ ਸਿੰਘ ਬਾਜੀਗਰ, ਨਸ਼ਾ ਮੁਕਤੀ ਮੋਰਚੇ ਦੇ ਸੂਬਾ ਆਬਜ਼ਰਵਰ ਆਸਿਤ ਕੁਮਾਰ, ਜ਼ੋਨ ਇੰਚਾਰਜ ਅਨੂ ਬੱਬਰ, ਜ਼ਿਲ੍ਹਾ ਦਿਹਾਤੀ ਪ੍ਰਧਾਨ ਯਾਦਵਿੰਦਰ ਸਿੰਘ ਗੋਲਡੀ ਸੰਧੂ ਅਤੇ ਸ਼ਹਿਰੀ ਪ੍ਰਧਾਨ ਬਲਜਿੰਦਰ ਸਿੰਘ ਸਰਾਓ, ਮੀਤ ਪ੍ਰਧਾਨ ਪਵਨ ਕੁਮਾਰ ਅਤੇ ਰਣਜੀਤ ਸਿੰਘ ਸਮੇਤ ਜ਼ਿਲ੍ਹੇ ਦੇ ਸਾਰੇ 8 ਵਿਧਾਨ ਸਭਾ ਹਲਕਿਆਂ ਦੇ ਹਲਕਾ ਅਤੇ ਬਲਾਕ ਕੋਆਰਡੀਨੇਟਰਾਂ ਤੋਂ ਇਲਾਵਾ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ੇ ਬੇਸ਼ੱਕ ਇਕੱਲੇ ਪੰਜਾਬ ਹੀ ਨਹੀਂ, ਸਗੋਂ ਦੇਸ਼ ਅਤੇ ਪੂਰੀ ਦੁਨੀਆਂ ਦੀ ਇਕ ਗੰਭੀਰ ਸਮੱਸਿਆ ਹਨ, ਪਰ ਜਿਸ ਵਿਧੀਵਤ ਢੰਗ ਨਾਲ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਹੈ ਤੇ ਨਸ਼ਾ ਮੁਕਤੀ ਮੋਰਚੇ ਦੇ ਗਠਨ ਸਮੇਤ ਨਸ਼ਿਆਂ ਦੀ ਸਪਲਾਈ ਅਤੇ ਮੰਗ ਨੂੰ ਰੋਕਣ ਲਈ ਉਪਰਾਲੇ ਕੀਤੇ ਹਨ, ਉਨ੍ਹਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਪਟਿਆਲਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 1 ਮਾਰਚ 2025 ਤੋਂ 30 ਅਗਸਤ 2026 ਤੱਕ ਨਸ਼ਾ ਤਸਕਰੀ ਦੇ ਗ਼ੈਰ-ਵਪਾਰਕ ਮਾਮਲਿਆਂ ਵਿਚ 2254 ਮੁਕੱਦਮੇ ਦਰਜ ਕਰਕੇ 2701 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਨਸ਼ਿਆਂ ਦੀ ਵਪਾਰਕ ਤਸਕਰੀ ਦੇ 88 ਮਾਮਲਿਆਂ ਵਿਚ ਐਫ਼.ਆਈ.ਆਰਜ਼ ਦਰਜ ਕਰਕੇ 148 ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ 1254 ਵਿਅਕਤੀਆਂ ਨੂੰ ਨਸ਼ਾ ਮੁਕਤੀ ਲਈ ਡੀ-ਅਡਿਕਸ਼ਨ ਸੈਂਟਰਾਂ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ 3065 ਵਿਅਕਤੀਆਂ ਦਾ ਓਟ ਸੈਂਟਰਾਂ ਵਿਖੇ ਇਲਾਜ ਕਰਵਾਇਆ ਗਿਆ ਹੈ। ਇਸ ਮੌਕੇ ਐਸ.ਪੀ. (ਐਚ) ਵੈਭਵ ਚੌਧਰੀ ਨੇ ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਭਰੋਸਾ ਦਿੱਤਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਬੈਠਕ ਦੌਰਾਨ ਐਸ.ਪੀ. (ਸਿਟੀ) ਮੋਹਿਤ ਅਗਰਵਾਲ, ਐਸ.ਪੀ. (ਡੀ) ਦੇਵਿੰਦਰ ਅੱਤਰੀ, ਸਮੂਹ ਐਸ.ਡੀ.ਐਮਜ਼, ਡੀ.ਐਸ.ਪੀਜ਼, ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਮੈਡੀਕਲ ਸੁਪਰਡੈਂਟ, ਰਜਿੰਦਰਾ ਹਸਪਤਾਲ ਡਾ. ਵਿਸ਼ਾਲ ਚੋਪੜਾ, ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਰਾਜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।