ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ‘ਖੇਡਾਂ ਵਤਨ ਪੰਜਾਬ ਦੀਆਂ ’ ਵਿਚ ਅੰਡਰ 14 ਵਾਲੀਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜੇ ਸਥਾਨ ਨਾਲ ਚਾਂਦੀ ਦਾ ਤਗਮਾ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਛੋਟੀ ਉਮਰ ਦੇ ਇਨ੍ਹਾਂ ਖਿਡਾਰੀਆਂ ਨੇ ਆਪਣੀ ਸਖ਼ਤ ਮਿਹਨਤ, ਸ਼ਾਨਦਾਰ ਤਾਲਮੇਲ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ ਸਖ਼ਤ ਮੁਕਾਬਲਿਆਂ ਵਿਚ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ, “ਸਾਡੇ ਸਕੂਲ ਦੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੋਹਰੀ ਭੂਮਿਕਾ ਨਿਭਾ ਰਹੇ ਹਨ। ਇਹ ਪ੍ਰਾਪਤੀ ਬੱਚਿਆਂ ਦੀ ਲਗਨ ਅਤੇ ਅਧਿਆਪਕਾਂ ਦੀ ਸਹੀ ਅਗਵਾਈ ਦਾ ਨਤੀਜਾ ਹੈ।” ਉਨ੍ਹਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ, “ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਤਿ ਜ਼ਰੂਰੀ ਹਨ। ਸਕੂਲ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਹਮੇਸ਼ਾ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਅਸੀਂ ਇਨ੍ਹਾਂ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹਾਂ।” ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਖਿਡਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਾਡੀ ਵਾਲੀਬਾਲ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਬੇਮਿਸਾਲ ਖੇਡ ਦਾ ਮੁਜ਼ਾਹਰਾ ਕੀਤਾ ਹੈ। ਅਸੀਂ ਬੱਚਿਆਂ ਦੇ ਮਾਪਿਆਂ ਅਤੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ.ਪੀ.ਈ. ਜਸਵੰਤ ਸਿੰਘ ਨੂੰ ਵੀ ਇਸ ਸਫ਼ਲਤਾ ਲਈ ਮੁਬਾਰਕਬਾਦ ਦਿੰਦੇ ਹਾਂ।”