07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਿਜਲੀ ਨਿਗਮ ਦੇ ਸੀ. ਐਮ. ਡੀ. ਹੋਏ ਪੱਤਰਕਾਰਾਂ ਦੇ ਰੂ-ਬਰੂ

ਪਟਿਆਲਾ, 6 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਨਿਗਮ ਦੇ ਸੀ. ਐਮ.

ਬਿਜਲੀ ਨਿਗਮ ਦੇ ਸੀ.ਐਮ.ਡੀ. ਗੁਰਕਿਰਤ ਕਿਰਪਾਲ ਸਿੰਘ ਜ਼ਿਲ੍ਹੇ ਦੇ ਮੀਡੀਆ ਕਰਮੀਆਂ ਨਾਲ ਮੁਲਾਕਾਤ ਕਰਦੇ ਹੋਏ। ਅਜੀਤ ਤਸਵੀਰ 07-10-2026
ਪਟਿਆਲਾ, 6 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਨਿਗਮ ਦੇ ਸੀ. ਐਮ. ਡੀ. ਗੁਰਕਿਰਤ ਕਿਰਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਮੀਡੀਆ ਕਰਮੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਇਕ ਮਜ਼ਬੂਤ ਥੰਮ੍ਹ ਹੈ ਤੇ ਪੱਤਰਕਾਰ ਆਪਣੀ ਮਿਹਨਤ ਤੇ ਜ਼ਿੰਮੇਵਾਰੀ ਨਾਲ ਲੋਕਾਂ ਦੀ ਆਵਾਜ਼ ਨੂੰ ਸੰਬੰਧਿਤ ਅਦਾਰਿਆਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਅੱਜ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਹੋਈ ਪ੍ਰੈਸ ਮਿਲਣੀ ਵਿਚ ਵੱਖ-ਵੱਖ ਅਖਬਾਰਾਂ, ਪ੍ਰਿੰਟ ਮੀਡੀਆ ਤੇ ਨਿਊਜ਼ ਚੈਨਲਾਂ ਨਾਲ ਸੰਬੰਧਿਤ ਜ਼ਿਲ੍ਹਾ ਇੰਚਾਰਜਾਂ, ਸੀਨੀਅਰ ਪੱਤਰਕਾਰਾਂ ਅਤੇ ਮੀਡੀਆ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਪੱਤਰਕਾਰਾਂ ਵਲੋਂ ਵੱਖ-ਵੱਖ ਇਲਾਕਿਆਂ ਵਿਚ ਬਿਜਲੀ ਖਪਤਕਾਰਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਬਿਜਲੀ ਸੇਵਾਵਾਂ ਨਾਲ ਸੰਬੰਧਿਤ ਮੁੱਦੇ ਸੀ. ਐਮ. ਡੀ. ਦੇ ਧਿਆਨ ਵਿਚ ਲਿਆਂਦੇ ਗਏ। ਮੀਡੀਆ ਨੁਮਾਇੰਦਿਆਂ ਨੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਪੱਤਰਕਾਰਾਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਸੀ. ਐਮ. ਡੀ. ਗੁਰਕਿਰਤ ਕਿਰਪਾਲ ਸਿੰਘ ਨੇ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਬਿਜਲੀ ਨਿਗਮ ਦੀ ਪਹਿਲੀ ਤਰਜੀਹ ਹੈ। ਸੀ. ਐਮ. ਡੀ. ਨੇ ਕਿਹਾ ਕਿ ਬਿਜਲੀ ਨਿਗਮ ਲਈ ਹਰ ਖਪਤਕਾਰ ਮਹੱਤਵਪੂਰਨ ਹੈ ਤੇ ਮੀਡੀਆ ਵੀ ਨਿਗਮ ਦਾ ਇਕ ਅਹਿਮ ਸਾਥੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਵਲੋਂ ਲੋਕਹਿਤ ਵਿਚ ਉਠਾਏ ਜਾਣ ਵਾਲੇ ਮੁੱਦੇ ਨਿਗਮ ਲਈ ਫੀਡਬੈਕ ਦਾ ਕੰਮ ਕਰਦੇ ਹਨ, ਜਿਸ ਨਾਲ ਜ਼ਮੀਨੀ ਪੱਧਰ ’ਤੇ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿਚ ਮਦਦ ਮਿਲਦੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਬਿਜਲੀ ਨਿਗਮ ਵਲੋਂ ਖਪਤਕਾਰਾਂ ਨੂੰ ਬਿਹਤਰ, ਸੁਚਾਰੂ ਤੇ ਭਰੋਸੇਮੰਦ ਬਿਜਲੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੀਡੀਆ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੰਬੰਧੀ ਧਿਆਨ ਵਿਚ ਲਿਆਂਦੇ ਜਾਣ ਵਾਲੇ ਮਾਮਲਿਆਂ ਨੂੰ ਵੀ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਭਵਿੱਖ ਵਿਚ ਕਿਸੇ ਵੀ ਪੱਧਰ ’ਤੇ ਕਮੀ ਨਾ ਰਹਿਣ ਦੇਣ ਲਈ ਯਤਨ ਕੀਤੇ ਜਾਣਗੇ। ਮੀਡੀਆ ਤੇ ਬਿਜਲੀ ਨਿਗਮ ਵਿਚਕਾਰ ਬਿਹਤਰ ਤਾਲਮੇਲ ’ਤੇ ਜ਼ੋਰ- ਸੀ. ਐਮ. ਡੀ. ਗੁਰਕਿਰਤ ਕਿਰਪਾਲ ਸਿੰਘ ਨੇ ਕਿਹਾ ਕਿ ਲੋਕਤੰਤਰ ਵਿਚ ਮੀਡੀਆ ਦੀ ਭੂਮਿਕਾ ਸਿਰਫ਼ ਖ਼ਬਰਾਂ ਪਹੁੰਚਾਉਣ ਤੱਕ ਸੀਮਤ ਨਹੀਂ, ਸਗੋਂ ਇਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੰਬੰਧਿਤ ਵਿਭਾਗਾਂ ਤੱਕ ਪਹੁੰਚਾਉਣ ਦਾ ਵੀ ਮਹੱਤਵਪੂਰਨ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਅਤੇ ਮੀਡੀਆ ਵਿਚਕਾਰ ਬਿਹਤਰ ਤਾਲਮੇਲ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਤੇਜ਼ੀ ਨਾਲ ਹੱਲ ਕਰਨ ਵਿਚ ਸਹਾਇਤਾ ਮਿਲੇਗੀ। ਅੰਤ ਵਿਚ ਸੀ. ਐਮ. ਡੀ. ਵਲੋਂ ਸਮੂਹ ਆਏ ਪੱਤਰਕਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨਾਲ ਸਿੱਧਾ ਤਾਲਮੇਲ ਕਰਕੇ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਲਈ ਵੀ ਕਿਹਾ।
ਪਿਛਲੀ ਖ਼ਬਰ ਮਹਿੰਦਰ ਸਿੰਘ ਲਾਲਵਾ ਤੇ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਡੋਰ-ਟੂ-ਡੋਰ ਪ੍ਰਚਾਰ ਸ਼ੁਰੂ ਅਗਲੀ ਖ਼ਬਰ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡਾ. ਗੁਰਪ੍ਰੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।