09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਾਕਿਯੂ ਏਕਤਾ ਉਗਰਾਹਾਂ ਦੀ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ

ਪਟਿਆਲਾ, 8 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹੇ ਨਾਲ ਸੰਬੰਧਿਤ ਵੱਖ-ਵੱਖ ਮੰਗਾਂ ’ਤੇ ਮਸਲਿਆਂ ਨੂੰ ਲੈ ਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੀਟਿੰਗ ਕੀਤੀ ਗਈ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ। ਅਜੀਤ ਤਸਵੀਰ 09-10-2026
ਪਟਿਆਲਾ, 8 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹੇ ਨਾਲ ਸੰਬੰਧਿਤ ਵੱਖ-ਵੱਖ ਮੰਗਾਂ ’ਤੇ ਮਸਲਿਆਂ ਨੂੰ ਲੈ ਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਛੰਨਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੰਗਾਂ ਸੰਬੰਧੀ ਮੰਤਰੀ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫ਼ਸਲ ਨੂੰ ਬੌਣੇ ਬੂਟੇ ਦੇ ਰੋਗ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਰੱਖੀ ਗਈ। ਜਥੇਬੰਦੀ ਆਗੂਆਂ ਨੇ ਕਿਹਾ ਕਿ ਸਮੱਸਿਆ ਕਾਰਨ ਕਿਸਾਨਾਂ ਦੀ ਫ਼ਸਲ ਦਾ ਝਾੜ ਪ੍ਰਭਾਵਿਤ ਹੋਇਆ ਅਤੇ ਮਹਿੰਗੀਆਂ ਦਵਾਈਆਂ ਦੇ ਛਿੜਕਾਅ ਦਾ ਵਾਧੂ ਖ਼ਰਚ ਵੀ ਝੱਲਣਾ ਪਿਆ। ਮੰਤਰੀ ਵਲੋਂ ਇਸ ਮਾਮਲੇ ’ਤੇ ਹਾਂ-ਪੱਖੀ ਹੁੰਗਾਰਾ ਦਿੰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ। ਇਸੇ ਤਰ੍ਹਾਂ ਪਾਤੜਾਂ ਬਲਾਕ ਵਿਚ 19 ਫਰਵਰੀ 2024 ਨੂੰ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਰਹਿੰਦਾ ਮੁਆਵਜ਼ਾ ਜਾਰੀ ਕਰਨ ਦਾ ਮਾਮਲਾ ਵੀ ਉਠਾਇਆ ਗਿਆ। ਮੰਤਰੀ ਵਲੋਂ ਰਹਿੰਦੇ ਪਰਿਵਾਰਾਂ ਨੂੰ ਮੁਆਵਜ਼ਾ ਜਲਦ ਜਾਰੀ ਕਰਨ ਲਈ ਕਾਰਵਾਈ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ। ਜ਼ਿਲ੍ਹਾ ਜਨਰਲ ਸਕੱਤਰ ਸੁਖਮਿੰਦਰ ਸਿੰਘ ਬਾਰਨ ਨੇ ਦੱਸਿਆ ਕਿ ਪਿੰਡ ਬਠੋਈ ਕਲਾਂ, ਜਾਹਲਾਂ ਤੇ ਕੱਛਵਾ ਦੀਆਂ ਜ਼ਮੀਨਾਂ ਦੇ ਅਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਦਾ ਮਾਮਲਾ ਵੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ। ਇਸ ’ਤੇ ਮੰਤਰੀ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਜਲਦ ਯੋਗ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਡੀ. ਏ. ਪੀ. ਖਾਦ ਦੀ ਨਿਰੰਤਰ ਸਪਲਾਈ ਅਤੇ ਪਰਾਲੀ ਦੀ ਸਮੱਸਿਆ ਦੇ ਹੱਲ ਸੰਬੰਧੀ ਵੀ ਵਿਚਾਰ-ਵਟਾਂਦਰਾ ਹੋਇਆ। ਜ਼ਿਲ੍ਹਾ ਸੰਗਠਨ ਸਕੱਤਰ ਬਲਰਾਜ ਜੋਸ਼ੀ ਨੇ ਦੱਸਿਆ ਕਿ ਪਿੰਡ ਸੁਲਤਾਨਪੁਰ ਵਿਖੇ ਬਣੇ 20 ਬਿਸਤਰਿਆਂ ਵਾਲੇ ਹਸਪਤਾਲ ਨੂੰ ਮੁੜ ਚਾਲੂ ਕਰਨ ਦੀ ਮੰਗ ਵੀ ਰੱਖੀ ਗਈ। ਇਸ ’ਤੇ ਮੰਤਰੀ ਵਲੋਂ ਹਸਪਤਾਲ ਲਈ ਲੋੜੀਂਦੇ ਸਟਾਫ਼ ਦੀ ਵਿਵਸਥਾ ਕਰਕੇ ਇਸ ਨੂੰ ਜਲਦ ਚਾਲੂ ਕਰਨ ਦਾ ਭਰੋਸਾ ਦਿੱਤਾ ਗਿਆ। ਪਿੰਡ ਬਾਰਨ ਦੇ ਰਜਬਾਹੇ ਨੇੜਲੇ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਬਣਾਉਣ ਵਾਸਤੇ ਫੰਡ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ, ਜਿਸ ’ਤੇ ਮੰਤਰੀ ਨੇ ਨਿੱਜੀ ਦਿਲਚਸਪੀ ਲੈ ਕੇ ਫੰਡ ਮੁਹੱਈਆ ਕਰਵਾਉਣ ਦੀ ਗੱਲ ਕਹੀ। ਮੀਟਿੰਗ ਦੌਰਾਨ ਜ਼ਿਲ੍ਹਾ ਵਿੱਤ ਸਕੱਤਰ ਜਗਮੇਲ ਸਿੰਘ ਗਾਜੇਵਾਸ, ਅਵਤਾਰ ਸਿੰਘ ਬੁਰੜ, ਵਰਿੰਦਰ ਸਿੰਘ ਕਕਰਾਲਾ, ਹਰਦੀਪ ਸਿੰਘ ਡਰੌਲੀ, ਜਸਵਿੰਦਰ ਸਿੰਘ ਸਾਲੂਵਾਲ, ਗੁਰਮੀਤ ਸਿੰਘ, ਦਵਿੰਦਰ ਸਿੰਘ ਸੀਲ ਤੇ ਹਰਮਨਦੀਪ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ ਨੂੰ ਲੈ ਕੇ ਲੜੇਗੀ ਵਿਧਾਨ ਸਭਾ ਚੋਣਾਂ- ਸਾਬਕਾ ਮੰਤਰੀ ਧਰਮਸੋਤ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਦੇ ਸਾਲਾਨਾ ਰਾਸ਼ਟਰੀ ਸੈਮੀਨਾਰ ਦਾ ਬਰੌਸ਼ਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।