ਪਟਿਆਲਾ, 11 ਅਕਤੂਬਰ (ਅ.ਸ. ਆਹਲੂਵਾਲੀਆ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਥਾਪਰ ਯੂਨੀਵਰਸਿਟੀ ਪਟਿਆਲਾ ਵਿਖੇ ਨੌਜਵਾਨ ਵਿਦਿਆਰਥੀਆਂ ਲਈ ਕਰਵਾਏ ਜਾ ਰਹੇ ਦੋ ਦਿਨਾਂ ‘ਯੰਗ ਮਾਈਂਡ ਫੈਸਟੀਵਲ 2026’ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਵਿਚ ਸਿਰਜਣਾਤਮਕ ਸੋਚ ਵਿਕਸਿਤ ਕਰਨ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵੱਖ-ਵੱਖ ਪਿਛੋਕੜਾਂ ਤੋਂ ਆਏ ਵਿਦਿਆਰਥੀਆਂ ਨੂੰ ਇਕ ਮੰਚ ’ਤੇ ਇਕੱਠੇ ਹੋ ਕੇ ਸਿੱਖਣ, ਨਵੇਂ ਹੁਨਰ ਹਾਸਲ ਕਰਨ ਅਤੇ ਇਕ-ਦੂਜੇ ਦੇ ਤਜਰਬਿਆਂ ਤੋਂ ਸਿੱਖਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਵਿਗਿਆਨ, ਗਣਿਤ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣਾ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਟੀਮ ਭਾਵਨਾ, ਸਹਿਯੋਗ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਰੁਚੀ ਨੂੰ ਉਤਸ਼ਾਹਿਤ ਕਰਦੇ ਹਨ। ਵੱਖ-ਵੱਖ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਆਪਣੀਆਂ ਸਮਰੱਥਾਵਾਂ ਨੂੰ ਪਛਾਣਨ ਦਾ ਮੌਕਾ ਮਿਲਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਬੌਧਿਕ, ਸਰੀਰਕ ਅਤੇ ਸਮਾਜਿਕ ਵਿਕਾਸ ਲਈ ਅਜਿਹੇ ਮੰਚਾਂ ਦੀ ਅਹਿਮ ਭੂਮਿਕਾ ਹੈ। ਇਹ ਪ੍ਰੋਗਰਾਮ ਬੱਚਿਆਂ ਵਿਚ ਆਪਸੀ ਸਤਿਕਾਰ, ਮਿਲਵਰਤਣ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵੀ ਤਿਆਰ ਕਰਦੇ ਹਨ।