ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੀਆਂ ਅੰਤਿਮ ਰਸਮਾਂ ਲਈ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ’ਚ ਜਥਾ ਜੱਲੂਪੁਰ ਖੇੜਾ ਲਈ ਹੋਇਆ ਰਵਾਨਾ
ਪਟਿਆਲਾ, 21 ਨਵੰਬਰ (ਗੁਰਵਿੰਦਰ ਸਿੰਘ ਔਲਖ)-ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਅੱਜ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਵੱਡਾ ਜਥਾ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਜੱਲੂਪੁਰ ਖੇੜਾ ਵਾਸਤੇ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸਰਕਾਰਾਂ ਵਲੋਂ ਮੁਕੱਦਮੇ ਦਰਜ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।
ਪਟਿਆਲਾ, 21 ਨਵੰਬਰ (ਗੁਰਵਿੰਦਰ ਸਿੰਘ ਔਲਖ)-ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਅੱਜ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਵੱਡਾ ਜਥਾ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਜੱਲੂਪੁਰ ਖੇੜਾ ਵਾਸਤੇ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸਰਕਾਰਾਂ ਵਲੋਂ ਮੁਕੱਦਮੇ ਦਰਜ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਲੋਕਾਂ ਨੂੰ ਆਪਣੇ ਹੱਕਾਂ ਦੀ ਗੱਲ ਕਰਨ ਅਤੇ ਆਪਣੇ ਵਿਚਾਰ ਪ੍ਰਗਟਾਉਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਉਨ੍ਹਾਂ ਵਲੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਭਵਿੱਖ ਪ੍ਰਤੀ ਸੁਚੇਤ ਹੋਣ ਦਾ ਸੁਨੇਹਾ ਦਿੱਤਾ ਗਿਆ ਹੈ। ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਅਤੇ ਸਮਾਜਿਕ ਮਸਲਿਆਂ ਦੀ ਗੱਲ ਕਰਨ ਵਾਲਿਆਂ ਦੀ ਆਵਾਜ਼ ਨੂੰ ਮੁਕੱਦਮਿਆਂ ਦੇ ਡਰ ਨਾਲ ਦਬਾਇਆ ਨਹੀਂ ਜਾ ਸਕਦਾ। ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸਰਕਾਰਾਂ ਨੂੰ ਲੋਕਾਂ ਦੀਆਂ ਭਾਵਨਾਵਾਂ ਅਤੇ ਵਿਚਾਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਲੋਕਤੰਤਰੀ ਪ੍ਰਣਾਲੀ ਵਿਚ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅੱਜ ਮਾਤਾ ਦੀਆਂ ਅੰਤਿਮ ਰਸਮਾਂ ਮੌਕੇ ਪੂਰੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਜੱਲੂਪੁਰ ਖੇੜਾ ਵਿਖੇ ਪਹੁੰਚ ਕੇ ਸ਼ਰਧਾਂਜਲੀ ਭੇਟ ਕਰਨਗੀਆਂ। ਉਨ੍ਹਾਂ ਦੱਸਿਆ ਕਿ ਪਟਿਆਲਾ ਦਿਹਾਤੀ ਹਲਕੇ ਤੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਪਾਰਟੀ ਵਰਕਰ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਥੇ ਦੇ ਰੂਪ ਵਿਚ ਰਵਾਨਾ ਹੋਏ ਹਨ।