21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਰਤਾਰਪੁਰ ਲਾਂਘੇ ਤੋਂ ਲੈ ਕੇ ਦਰਿਆਈ ਪਾਣੀਆਂ ਤੱਕ ਪੰਜਾਬ ਦੇ ਹੱਕਾਂ ਲਈ ਸਿਆਸੀ ਏਕਤਾ ਜ਼ਰੂਰੀ-ਭੱਟੀ

ਪਟਿਆਲਾ, 21 ਨਵੰਬਰ (ਅ. ਸ.

ਅਜੀਤ ਡੈਸਕ 22-11-2026
ਪਟਿਆਲਾ, 21 ਨਵੰਬਰ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਥਾਈ ਤੌਰ ’ਤੇ ਖੁੱਲ੍ਹਵਾਉਣ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕਾਂ ਦੀ ਰਾਖੀ ਲਈ ਸੂਬੇ ਦੀਆਂ ਸਮੂਹ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਝਾਅ ਦਿੱਤਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਤੁਰੰਤ ਸਰਬ-ਪਾਰਟੀ ਮੀਟਿੰਗ ਬੁਲਾਉਣ ਅਤੇ ਪੰਜਾਬ ਦੇ ਸਾਂਝੇ ਮੁੱਦਿਆਂ ’ਤੇ ਕੇਂਦਰ ਸਰਕਾਰ ਕੋਲ ਇਕਜੁੱਟ ਰਣਨੀਤੀ ਨਾਲ ਪੈਰਵੀ ਕਰਨ। ਜਥੇ. ਭੱਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਾਲ ਭਰ ਲਈ ਸਥਾਈ ਤੌਰ ’ਤੇ ਖੋਲ੍ਹਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੁਝ ਦਿਨਾਂ ਲਈ ਲਾਂਘਾ ਖੋਲ੍ਹਣਾ ਕਾਫ਼ੀ ਨਹੀਂ; ਸੰਗਤ ਨੂੰ ਸਾਲ ਦੇ ਹਰ ਸਮੇਂ ਗੁਰਧਾਮ ਦੇ ਦਰਸ਼ਨ ਕਰਨ ਦੀ ਸਹੂਲਤ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਡੂੰਘਾ ਜੁੜਿਆ ਹੋਇਆ ਹੈ । ਇਸ ਲਈ ਲਾਂਘੇ ਦਾ ਮਾਮਲਾ ਕਿਸੇ ਇਕ ਪਾਰਟੀ ਜਾਂ ਸਰਕਾਰ ਦਾ ਨਹੀਂ, ਸਗੋਂ ਸਮੁੱਚੇ ਪੰਜਾਬ ਅਤੇ ਸੰਗਤ ਦੀਆਂ ਭਾਵਨਾਵਾਂ ਦਾ ਸਾਂਝਾ ਮਸਲਾ ਹੈ। ਹਰਸਿਮਰਤ ਕੌਰ ਬਾਦਲ ਨੂੰ ਸੰਸਦ ਵਿਚ ਅਤੇ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਸਿਆਸੀ ਸੰਪਰਕਾਂ ਰਾਹੀਂ ਇਸ ਮੰਗ ਨੂੰ ਕੇਂਦਰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਚਾਹੀਦਾ ਹੈ। ਜਥੇ. ਭੱਟੀ ਨੇ ਕਿਹਾ ਕਿ ਸਰਬ-ਪਾਰਟੀ ਮੀਟਿੰਗ ਵਿਚ ਸਿਰਫ਼ ਕਰਤਾਰਪੁਰ ਲਾਂਘੇ ਦਾ ਮਸਲਾ ਹੀ ਨਹੀਂ, ਸਗੋਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ, ਰਿਪੇਰੀਅਨ ਸਿਧਾਂਤ ਅਨੁਸਾਰ ਸੂਬੇ ਦੇ ਹੱਕ ਅਤੇ ਗੈਰ-ਰਿਪੇਰੀਅਨ ਸੂਬਿਆਂ ਵਲੋਂ ਵਰਤੇ ਜਾ ਰਹੇ ਪਾਣੀ ਦੇ ਬਦਲੇ ਰਾਇਲਟੀ ਜਾਂ ਉਚਿਤ ਮੁਆਵਜ਼ੇ ਦੀ ਮੰਗ ਵੀ ਵਿਚਾਰੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਪੰਜਾਬ ਦੇ ਪੱਖ ਨੂੰ ਕਾਨੂੰਨੀ ਅਤੇ ਤੱਥਾਂ ਦੇ ਆਧਾਰ ’ਤੇ ਮਜ਼ਬੂਤੀ ਨਾਲ ਰੱਖਣ ਲਈ ਸਾਂਝਾ ਵਫ਼ਦ ਭੇਜਿਆ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਐਨ.ਟੀ.ਪੀ.ਸੀ. ਸੀਨੀਅਰ ਨੈਸ਼ਨਲ ਤੀਰਅੰਦਾਜ਼ੀ ਚੈਂਪੀਅਨਸ਼ਿਪ ’ਚ ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ ਕੰਪਾਊਂਡ ਪੁਰਸ਼ ਅਤੇ ਮਹ... ਅਗਲੀ ਖ਼ਬਰ ਮਾਨ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਲਈ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨਾ ਇਤਿਹਾਸਕ ਕਦਮ- ਸੁਰਜੀਤ ਸਿੰਘ ਰੱਖੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।