ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਾਂਝੇ ਫ਼ਰੰਟ ਵਲੋਂ ਉਲੀਕੇ ਗਏ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਾਂਝੇ ਫ਼ਰੰਟ ਵਲੋਂ ਉਲੀਕੇ ਗਏ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸੰਬੰਧਿਤ ਮਸਲਿਆਂ ਤੋਂ ਇਲਾਵਾ ਸੂਬੇ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ ਨਸ਼ਾ ਵਿਰੋਧੀ ਸੰਘਰਸ਼ ਕਰ ਰਹੇ ਨੌਜਵਾਨਾਂ ਦੀ ਸੁਰੱਖਿਆ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਮੁੱਖ ਸਕੱਤਰ ਨੂੰ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਇਕ ਲੱਖ ਰੁਪਏ ਜੁਰਮਾਨਾ ਕੀਤੇ ਜਾਣ ਸੰਬੰਧੀ ਵੀ ਵਿਚਾਰ ਪੇਸ਼ ਕੀਤੇ ਗਏ। ਐਸੋਸੀਏਸ਼ਨ ਦੇ ਆਗੂਆਂ ਨੇ ਅਦਾਲਤ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਮਾਣਯੋਗ ਜੱਜ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਦਾਲਤੀ ਹੁਕਮਾਂ ਦੀ ਪਾਲਣਾ ਕਰਨਾ ਸੰਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਦਾ ਦਿਨ-ਦਿਹਾੜੇ ਕਤਲ ਹੋਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਸਮੇਂ ਸਿਰ ਇਸ ਮਾਮਲੇ ਵੱਲ ਧਿਆਨ ਦਿੱਤਾ ਹੁੰਦਾ ਤਾਂ ਸ਼ਾਇਦ ਇਸ ਹੋਣਹਾਰ ਨੌਜਵਾਨ ਦੀ ਜਾਨ ਬਚਾਈ ਜਾ ਸਕਦੀ ਸੀ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਲਈ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਚੇਅਰਮੈਨ ਮੁਕੰਦ ਸਿੰਘ, ਭੰਵਰ ਲਾਲ ਸ਼ਰਮਾ, ਸਰਪ੍ਰਸਤ ਬਲਵੀਰ ਸਿੰਘ, ਜੋਗਿੰਦਰ ਸਿੰਘ, ਸਮਾਗ, ਕਸ਼ਮੀਰ ਸਿੰਘ ਸੁਖਨਾ, ਦਲਬੀਰ ਸਿੰਘ, ਗੁਰਸ਼ਿੰਦਰ ਸਿੰਘ ਤਰਖਾਣਵਾਲਾ, ਬਲਵੀਰ ਸਿੰਘ ਖ਼ਜ਼ਾਨਚੀ, ਇਕੱਤਰ ਸਿੰਘ ਚਹਿਲ, ਦਰਸ਼ਨ ਸਿੰਘ ਇੰਸਪੈਕਟਰ ਹਾਜ਼ਰ ਸਨ।