ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਵਿਚ ਤੇਜ਼ੀ ਲਿਆਉਣ ਅਧਿਕਾਰੀ-ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖ਼ਰੀਦ ਪ੍ਰਕਿਰਿਆ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖ਼ਰੀਦ ਪ੍ਰਕਿਰਿਆ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਸਟੋਰੇਜ ਲਈ ਲੋੜੀਂਦੀ ਜਗ੍ਹਾ, ਬਾਰਦਾਨੇ ਅਤੇ ਹੋਰ ਜ਼ਰੂਰੀ ਸਾਮਾਨ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਦੇ ਕੰਮ ਵਿਚ ਵੀ ਤੇਜ਼ੀ ਲਿਆਂਦੀ ਜਾਵੇ ਅਤੇ ਮੰਡੀਆਂ ਵਿਚ ਫ਼ਸਲ ਦੇ ਢੇਰ ਨਾ ਲੱਗਣ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਬਾਹਰਲੇ ਸੂਬਿਆਂ ਤੇ ਜ਼ਿਲਿ੍ਹਆਂ ਤੋਂ ਝੋਨਾ ਲਿਆ ਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਵੇਚਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਅਜਿਹਾ ਕਰਨਾ ਗ਼ੈਰ-ਕਾਨੂੰਨੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਹਰਲੇ ਸੂਬਿਆਂ ਦੀ ਫ਼ਸਲ ਪੰਜਾਬ ਦੀਆਂ ਮੰਡੀਆਂ ਵਿਚ ਨਹੀਂ ਆਉਣੀ ਚਾਹੀਦੀ। ਜੇਕਰ ਕੋਈ ਵਿਅਕਤੀ ਬਾਹਰਲੇ ਸੂਬੇ ਤੋਂ ਝੋਨਾ ਲਿਆ ਕੇ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿਚ ਵੇਚਣ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਅਤੇ ਸਾਫ਼ ਕਰਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਖ਼ਰੀਦ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਤੇ ਸਮੇਂ ਦੀ ਬੱਚਤ ਨੂੰ ਮੁੱਖ ਰੱਖਦਿਆਂ ਮੰਡੀਆਂ ਵਿਚ ਸਾਰੇ ਲੋੜੀਂਦੇ ਪ੍ਰਬੰਧ ਸੁਚਾਰੂ ਢੰਗ ਨਾਲ ਜਾਰੀ ਰੱਖੇ ਜਾਣ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਖ਼ਰੀਦ ਦੇ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 3 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 6,48, 405.99 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਇਸ ਵਿਚੋਂ 6,00,272.31 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਦਕਿ 3,49,457.93 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਐਸ.ਪੀ. ਗੁਰਿੰਦਰਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।