11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੀ.ਐਸ.ਯੂ. ਵਲੋਂ ਕੈਬਨਿਟ ਮੰਤਰੀ ਖੁੱਡੀਆਂ ਦੇ ਘਰ ਅੱਗੇ 20 ਨੂੰ ਧਰਨਾ ਲਾਉਣ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਆਈ. ਟੀ.

ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਟੂਡੈਂਟ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਜਾਣਕਾਰੀ ਦਿੰਦੇ ਹੋਏ, ਨਾਲ ਜਨਰਲ ਸਕੱਤਰ ਨੌਨਿਹਾਲ ਸਿੰਘ ਤੇ ਹੋਰ। 11-11-2026
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਕਰਨ ਦਾ ਭਰੋਸਾ ਦੇਣ ਦੇ ਬਾਵਜੂਦ ਚਾਰ ਮਹੀਨੇ ਬੀਤ ਜਾਣ ’ਤੇ ਵੀ ਕੋਈ ਠੋਸ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ.) ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ਵਿਚ ਲਾਮਬੰਦੀ ਕਰਕੇ 20 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਪੀ.ਐਸ.ਯੂ. ਦੀ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਤੇ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਨੇ ਕਿਹਾ ਕਿ ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਖਿਓਵਾਲੀ ਆਈ.ਟੀ.ਆਈ. ਵਿਚ ਤਬਦੀਲ ਕਰਨ ਦੇ ਫ਼ੈਸਲੇ ਖ਼ਿਲਾਫ਼ ਯੂਨੀਅਨ ਵਲੋਂ ਪਿੰਡ ਬਾਦਲ ਦੇ ਲੋਕਾਂ ਤੇ ਸਿਖਿਆਰਥੀਆਂ ਦੇ ਸਹਿਯੋਗ ਨਾਲ ਲੰਮਾ ਸੰਘਰਸ਼ ਕੀਤਾ ਗਿਆ ਸੀ। ਇਸ ਸੰਘਰਸ਼ ਦੇ ਦਬਾਅ ਸਦਕਾ 29 ਜੁਲਾਈ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਇਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਹੋਈ ਸੀ। ਇਸ ਦੌਰਾਨ ਆਈ.ਟੀ.ਆਈ. ਬਾਦਲ ਨੂੰ ਜਲਦ ਮੁੜ ਚਾਲੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਜ਼ਿਲ੍ਹਾ ਸਕੱਤਰ ਨੌਨਿਹਾਲ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਸਰਕਾਰੀ ਵਿਦਿਅਕ ਸੰਸਥਾਵਾਂ ਨੂੰ ਇਕ-ਦੂਜੇ ਵਿੱਚ ਸਮੇਟਣ ਅਤੇ ਬੰਦ ਕਰਨ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ। ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਬੰਦ ਕਰਕੇ ਖਿਓਵਾਲੀ ਆਈ.ਟੀ.ਆਈ. ਵਿਚ ਤਬਦੀਲ ਕਰਨਾ ਵੀ ਇਸੇ ਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ਨੂੰ ਬੰਦ ਜਾਂ ਇਕ-ਦੂਜੇ ਵਿਚ ਸਮੇਟਣ ਦੀ ਬਜਾਏ, ਇਨ੍ਹਾਂ ਵਿਚ ਲੋੜੀਂਦਾ ਸਟਾਫ਼, ਨਵੇਂ ਕੋਰਸ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਬਿਨਾਂ ਕਿਸੇ ਹੋਰ ਦੇਰੀ ਤੋਂ ਮੁੜ ਚਾਲੂ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ 20 ਨਵੰਬਰ ਨੂੰ ਆਈ.ਟੀ.ਆਈ. ਦੇ ਸਿਖਿਆਰਥੀਆਂ ਨੂੰ ਨਾਲ ਲੈ ਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪਿੰਡਾਂ ਵਿਚ ਲੋਕਾਂ ਨੂੰ ਲਾਮਬੰਦ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਕਰਵਾਉਣ ਤੱਕ ਯੂਨੀਅਨ ਦਾ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ 12 ਪਿੰਡਾਂ ਦੀਆਂ 145 ਸਖੀਆਂ ਦਾ ਸਨਮਾਨ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ- ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।