25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਮੁਕਤਸਰ ਸਾਹਿਬ ਅਤੇ ਆਸਪਾਸ ਦੇ ਇਲਾਕਿਆਂ ਵਿਚ ਸੰਗਤਾਂ ਵਲੋਂ ਬੜੀ ਸ਼ਰਧਾ, ਉਤਸ਼ਾਹ ਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ, ਜਿੱਥੇ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਦਾ ਸੰਕਲਪ ਲਿਆ।

ਅਜੀਤ ਡੈਸਕ 25-11-2026
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਮੁਕਤਸਰ ਸਾਹਿਬ ਅਤੇ ਆਸਪਾਸ ਦੇ ਇਲਾਕਿਆਂ ਵਿਚ ਸੰਗਤਾਂ ਵਲੋਂ ਬੜੀ ਸ਼ਰਧਾ, ਉਤਸ਼ਾਹ ਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ, ਜਿੱਥੇ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਦਾ ਸੰਕਲਪ ਲਿਆ। ਇਸ ਸੰਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਦੇ ਮਨੋਹਰ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਹੈੱਡ ਗ੍ਰੰਥੀ ਭਾਈ ਬਲਵੰਤ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਹੁਕਮਨਾਮਾ ਲਿਆ ਗਿਆ। ਉਨ੍ਹਾਂ ਸਮੂਹ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਵਲੋਂ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਸਾਰਾ ਦਿਨ ਕੀਰਤਨ ਦਾ ਪ੍ਰਵਾਹ ਜਾਰੀ ਰਿਹਾ। ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਤੇ ਗੁਰਦੁਆਰਾ ਮਾਤਾ ਭਾਗ ਕੌਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਧਾਰਮਿਕ ਦੀਵਾਨਾਂ ਵਿਚ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਖੈਰਾਬਾਦ, ਮੀਤ ਮੈਨੇਜਰ ਸੁਖਦੇਵ ਸਿੰਘ ਮੋਹਲਾਂ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਟਾਫ਼ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹੀਰਾ ਸਿੰਘ ਚੜੇਵਾਨ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਵੀ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਮੁੱਚਾ ਜੀਵਨ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹੈ। ਗੁਰਪੁਰਬ ਦੀ ਖ਼ੁਸ਼ੀ ਵਿਚ ਸ੍ਰੀ ਦਰਬਾਰ ਸਾਹਿਬ ਨੂੰ ਸੁੰਦਰ ਬਿਜਲੀ ਦੀਆਂ ਲੜੀਆਂ ਨਾਲ ਸਜਾਇਆ ਗਿਆ, ਜਿਸ ਨਾਲ ਸਮੁੱਚੇ ਗੁਰਦੁਆਰਾ ਸਾਹਿਬ ਦਾ ਵਾਤਾਵਰਨ ਅਲੌਕਿਕ ਤੇ ਮਨਮੋਹਕ ਬਣਿਆ ਹੋਇਆ ਸੀ। ਸੰਗਤਾਂ ਸਵੇਰ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੁੰਦੀਆਂ ਰਹੀਆਂ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵੀ ਗੁਰਪੁਰਬ ਨੂੰ ਸਮਰਪਿਤ ਬੂਟਿਆਂ ਦਾ ਲੰਗਰ ਲਗਾ ਕੇ ਸੰਗਤਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੁਨੇਹਾ ਦਿੱਤਾ ਗਿਆ। ਸ਼ਾਮ ਸਮੇਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਤੇ ਸਰੋਵਰ ਦੇ ਆਲੇ-ਦੁਆਲੇ ਸੰਗਤਾਂ ਵਲੋਂ ਮਿੱਟੀ ਦੇ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਦੀਪਮਾਲਾ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਰੋਸ਼ਨੀ ਤੇ ਦੀਪਮਾਲਾ ਨੇ ਅਜਿਹਾ ਅਲੌਕਿਕ ਨਜ਼ਾਰਾ ਪੇਸ਼ ਕੀਤਾ ਕਿ ਸੰਗਤਾਂ ਇਸ ਮਨਮੋਹਕ ਦ੍ਰਿਸ਼ ਨੂੰ ਆਪਣੇ ਮਨਾਂ ਵਿਚ ਵਸਾਉਂਦੀਆਂ ਰਹੀਆਂ। ਗੁਰਪੁਰਬ ਮੌਕੇ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਤੋਂ ਇਲਾਵਾ ਸ਼ਹਿਰ ਦੇ ਲੋਕਾਂ ਵਲੋਂ ਆਪਣੇ ਘਰਾਂ, ਦੁਕਾਨਾਂ ਅਤੇ ਸ਼ੋਅਰੂਮਾਂ ਨੂੰ ਵੀ ਰੰਗ-ਬਿਰੰਗੀਆਂ ਬਿਜਲੀ ਦੀਆਂ ਲੜੀਆਂ ਅਤੇ ਦੀਵਿਆਂ ਨਾਲ ਸਜਾਇਆ ਗਿਆ। ਸ੍ਰੀ ਮੁਕਤਸਰ ਸਾਹਿਬ ਦੇ ਪੇਂਡੂ ਖੇਤਰਾਂ ਵਿਚੋਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਏ ਜਾਣ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਹਨ। ਪਿੰਡ ਸਰਾਏਨਾਗਾ ਵਿਖੇ ਗੁਰਦੁਆਰਾ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਵਿਖੇ ਵੀ ਧਾਰਮਿਕ ਸਮਾਗਮ ਕਰਵਾਏ ਗਏ, ਜਿੱਥੇ ਪਾਠਾਂ ਦੇ ਭੋਗ ਪਾਏ ਗਏ ਤੇ ਧਾਰਮਿਕ ਦੀਵਾਨ ਸਜਾਏ ਗਏ। ਇਸੇ ਤਰ੍ਹਾਂ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਨੂੰ ਰੰਗ-ਬਿਰੰਗੀਆਂ ਬਿਜਲੀ ਦੀਆਂ ਲੜੀਆਂ ਨਾਲ ਸਜਾਇਆ ਗਿਆ ਅਤੇ ਸ਼ਾਮ ਸਮੇਂ ਸੰਗਤਾਂ ਨੇ ਦੀਵੇ ਤੇ ਮੋਮਬੱਤੀਆਂ ਜਗਾ ਕੇ ਗੁਰਪੁਰਬ ਦੀ ਖ਼ੁਸ਼ੀ ਸਾਂਝੀ ਕੀਤੀ। ਪਿੰਡ ਭੁੱਟੀਵਾਲਾ ਸਥਿਤ ਟਿੱਲਾ ਬਾਬਾ ਪੂਰਨ ਭਗਤ ਵਿਖੇ ਵੀ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਤੋਂ ਇਲਾਵਾ ਗੁਰਦੁਆਰਾ ਦੂਖ ਨਿਵਾਰਨ ਤਰਨਤਾਰਨ ਸਾਹਿਬ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ, ਗੁਰਦੁਆਰਾ ਟਿੱਬੀ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਵਿਖੇ ਵੀ ਵਿਸ਼ੇਸ਼ ਰੋਸ਼ਨੀ ਕੀਤੀ ਗਈ।
ਪਿਛਲੀ ਖ਼ਬਰ ਵਿਧਾਇਕ ਸੇਖੋਂ ਤੇ ਡੀ . ਸੀ . ਵਲੋਂ ਕਿਲ੍ਹਾ ਮੁਬਾਰਕ ਦੇ ਪ੍ਰਬੰਧਾਂ ਦਾ ਜਾਇਜ਼ਾ ਆਮ ਜਨਤਾ ਲਈ ਇਕ ਹਫ਼ਤੇ ਲਈ ਖੋਲ੍ਹਣ ਦਾ ਐਲ... ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਨੇ ਵਰਕਰਾਂ ਅੰਦਰ ਨਵਾਂ ਜੋਸ਼ ਭਰਿਆ - ਬਾਦਲ , ਰੂਬੀ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।