01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਮਾਮਲੇ ਦੀ ਜਾਂਚ ਸੀ.ਬੀ.ਆਈ. ਹਵਾਲੇ ਕਰੇ ਪੰਜਾਬ ਸਰਕਾਰ- ਧਾਮੀ

ਅੰਮ੍ਰਿਤਸਰ, 30 ਸਤੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਇਕੱਤਰਤਾ ਉਪਰੰਤ ਗੱਲਬਾਤ ਕਰਦੇ ਹੋਏ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਮਾਮਲੇ ਵਿਚ ਇਕ ਬੀਬੀ ਵਲੋਂ ਲਗਾਏ ਗਏ ਦੋਸ਼ਾਂ ਦੇ ਮਾਮਲੇ ਵਿਚ ਪਰਚਾ ਦਰਜ ਹੋਣ ਦੇ ਬਾਅਦ ਉਸ ਦੀ ਜਾਂਚ ਨਿਰਪੱਖ ਜਾਂਚ ਏਜੰਸੀ ਤੋਂ ਹੋਣੀ ਚਾਹੀਦੀ ਹੈ।

ਅਜੀਤ ਡੈਸਕ 01-10-2026
ਅੰਮ੍ਰਿਤਸਰ, 30 ਸਤੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਇਕੱਤਰਤਾ ਉਪਰੰਤ ਗੱਲਬਾਤ ਕਰਦੇ ਹੋਏ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਮਾਮਲੇ ਵਿਚ ਇਕ ਬੀਬੀ ਵਲੋਂ ਲਗਾਏ ਗਏ ਦੋਸ਼ਾਂ ਦੇ ਮਾਮਲੇ ਵਿਚ ਪਰਚਾ ਦਰਜ ਹੋਣ ਦੇ ਬਾਅਦ ਉਸ ਦੀ ਜਾਂਚ ਨਿਰਪੱਖ ਜਾਂਚ ਏਜੰਸੀ ਤੋਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਧਿਰਾਂ ਵਲੋਂ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ’ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ, ਜਦਕਿ ਪੰਜਾਬ ਸਰਕਾਰ ਵਲੋਂ ਪੁਲਿਸ ਦੁਆਰਾ ਕਰਵਾਈ ਜਾ ਰਹੀ ਜਾਂਚ ’ਤੇ ਵੀ ਲੋਕਾਂ ਦਾ ਭਰੋਸਾ ਨਹੀਂ ਹੈ। ਇਸ ਲਈ ਪੰਜਾਬ ਸਰਕਾਰ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਪ੍ਰਬੰਧਕੀ ਤੌਰ ’ਤੇ ਆਪਣੀ ਜਾਂਚ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤਿੰਨ ਦਿਨਾਂ ਵਿਚ ਜਾਂਚ ਸੀ. ਬੀ. ਆਈ. ਨੂੰ ਨਹੀਂ ਦਿੰਦੀ ਤਾਂ ਅਗਲੇ ਦਿਨਾਂ ’ਚ ਰਾਜਪਾਲ ਨੂੰ ਮਿਲ ਕੇ ਇਸ ਸੰਬੰਧੀ ਮੰਗ ਕੀਤੀ ਜਾਵੇਗੀ। ਧਾਮੀ ਨੇ ਅੱਗੇ ਦੱਸਿਆ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੇ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਭਾਈ ਰਾਜੋਆਣਾ ਨੇ ਉਨ੍ਹਾਂ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਪਾਈ ਗਈ ਪਟੀਸ਼ਨ ਵਾਪਸ ਲੈਣ ਬਾਰੇ ਗੁਰਮਤਿ ਅਨੁਸਾਰ ਪ੍ਰਗਟਾਈ ਭਾਵਨਾ ਨੂੰ ਇਕੱਤਰਤਾ ਵਿਚ ਗੰਭੀਰਤਾ ਨਾਲ ਵਿਚਾਰਿਆ ਗਿਆ ਅਤੇ ਉਪਰੋਕਤ ਪਟੀਸ਼ਨ ਸੰਬੰਧੀ ਅੰਤ੍ਰਿੰਗ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਮਤਿ ਦੇ ਫਲਸਫੇ ਅਤੇ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਆਦੇਸ਼ ਭੇਜਣ ਦੀ ਅਪੀਲ ਕੀਤੀ ਗਈ। ਇਸ ਮੌਕੇ ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਵੀ ਸਰਕਾਰ ਤੋਂ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ ਅਤੇ 2 ਅਕਤੂਬਰ ਨੂੰ ਕੌਮੀ ਇਨਸਾਫ਼ ਮੋਰਚੇ ਵਲੋਂ ਕੱਢੇ ਜਾ ਰਹੇ ਖ਼ਾਲਸਾ ਮਾਰਚ ਨੂੰ ਵੀ ਪੂਰਨ ਤੌਰ ’ਤੇ ਹਮਾਇਤ ਦਾ ਐਲਾਨ ਕੀਤਾ। ਧਾਮੀ ਨੇ ਕੁਝ ਲੋਕਾਂ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਸੰਬੰਧੀ ਪੰਜਾਬ ਐਕਟ ਬਣਾਉਣ ਦੀ ਉਠਾਈ ਜਾ ਰਹੀ ਮੰਗ ’ਤੇ ਇਤਰਾਜ ਪ੍ਰਗਟ ਕਰਦੇ ਹੋਏ ਕਿਹਾ ਕਿ ਸਿੱਖ ਵਿਰੋਧੀ ਸ਼ਕਤੀਆਂ ਦੇ ਏਜੰਡੇ ਤਹਿਤ ਕੁਝ ਲੋਕ ਇਸ ਦੀ ਸੰਵਿਧਾਨਕ ਹਸਤੀ ਅਤੇ ਵਿਸ਼ਾਲਤਾ ਨੂੰ ਢਾਹ ਲਗਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਦੇਰੀ ਦਾ ਮਾਮਲਾ ਸਰਕਾਰ ਨਾਲ ਸੰਬੰਧਿਤ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ ਦੇ ਮੁੱਦਿਆਂ, ਸਮੱਸਿਆਵਾਂ ਅਤੇ ਚੁਣੌਤੀਆਂ ਦੇ ਟਾਕਰੇ ਅਤੇ ਪੰਥਕ ਚੇਤਨਾ ਲਈ ਮੀਰੀ ਪੀਰੀ ਖਾਲਸਾ ਮਾਰਚ ’ਚ ਭਰਵੀਂ ਸ਼ਮੂਲੀਅਤ ਅਤੇ ਸਹਿਯੋਗ ਲਈ ਸਿੱਖ ਸੰਸਥਾਵਾਂ, ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ । ਇਕੱਤਰਤਾ ’ਚ ਸੈਕਸ਼ਨ 85, ਸੈਕਸ਼ਨ 87, ਟਰੱਸਟ, ਵਿੱਦਿਆ ਨਾਲ ਸੰਬੰਧਿਤ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ। ਇਕੱਤਰਤਾ ’ਚ ਮੈਂਬਰ ਕਾਹਨਕੇ ਨੂੰ ਸ਼ਾਮਿਲ ਹੋਣ ਤੋਂ ਰੋਕਿਆ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਤੋਂ ਪਹਿਲਾਂ ਪਹੁੰਚੇ ਆਦੇਸ਼ ਦਾ ਹਵਾਲਾ ਦਿੰਦੇ ਹੋਏ ਸ਼੍ਰੋਮਣੀ ਕਮੇਟੀ ’ਚ ਵਿਰੋਧੀ ਧਿਰ ਦੇ ਮੈਂਬਰ ਮਿੱਠੂ ਸਿੰਘ ਕਾਹਨਕੇ ਨੂੰ ਇਕੱਤਰਤਾ ’ਚ ਸ਼ਾਮਿਲ ਹੋਣ ਤੋਂ ਰੋਕ ਦਿੱਤਾ ਗਿਆ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਅਦੇਸ਼ ’ਚ ਕਿਹਾ ਗਿਆ ਕਿ ਮਿੱਠੂ ਸਿੰਘ ਕਾਹਨਕੇ ਤੇ ਜਸਵੰਤ ਸਿੰਘ ਪੁੜੈਣ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਐਲਾਨੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਸਨ। ਇਸ ਸੰਬੰਧ ਵਿਚ ਦੋਵੇਂ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ 10 ਦਿਨਾਂ ਵਿਚ ਨਿੱਜੀ ਰੂਪ ’ਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਸੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਅਵਗਿਆ ਕਰਨ ਕਾਰਨ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ ਦੀ ਕਿਸੇ ਵੀ ਇਕੱਤਰਤਾ ’ਚ ਹਿੱਸਾ ਨਹੀਂ ਲੈ ਸਕਦੇ। ਸਾਡਾ ਪੱਖ ਨਹੀਂ ਸੁਣਿਆ ਗਿਆ : ਮਿੱਠੂ ਸਿੰਘ ਕਾਹਨਕੇ ਜਦੋਂ ਕਿ ਦੂਸਰੇ ਪਾਸੇ ਮਿੱਠੂ ਸਿੰਘ ਕਾਹਨਕੇ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਦਾ ਪੱਖ ਸੁਣੇ ਬਿਨ੍ਹਾਂ ਹੀ ਫੈਸਲਾ ਸੁਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਅਮਰਜੀਤ ਸਿੰਘ ਚਾਵਲਾ ਦਾ ਪੱਖ ਸੁਣੇ ਤੋਂ ਬਿਨਾਂ ਹੀ ਉਸ ਦੇ ਖਿਲਾਫ਼ ਫੈਸਲਾ ਸੁਣਾਇਆ ਗਿਆ ਹੈ। ਉਨ੍ਹਾ ਕਿਹਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਤਹਿਤ ਮੁੱਖ ਮੰਤਰੀ ਨੂੰ ਮਿਲੇ ਸਨ। ਕੌਣ ਕੌਣ ਸ਼ਾਮਿਲ ਹੋਏ : ਇਸ ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਓਐੱਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਅਜ਼ਾਦਦੀਪ ਸਿੰਘ, ਮੈਨੇਜਰ ਮੇਜਰ ਸਿੰਘ, ਐਕਸੀਅਨ ਜਤਿੰਦਰਪਾਲ ਸਿੰਘ, ਇੰਚਾਰਜ ਪਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਕਾਰਜ ਸਿੰਘ, ਗੁਰਪਤਾਪ ਸਿੰਘ, ਤਰਸੇਮ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਚਾਵਲਾ ਮਾਮਲੇ ’ਚ ਪੁਲਿਸ ਨੇ ਤਫ਼ਤੀਸ਼ ਦਾਇਰਾ ਅੱਗੇ ਵਧਾਇਆ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ 2 ਨੂੰ ਕੱਢੇ ਜਾਣ ਵਾਲੇ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਸੰਗਤਾਂ ਸ਼ਮੂਲੀਅਤ ਕਰਨ- ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।