ਐੱਸ. ਏ. ਐੱਸ. ਨਗਰ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਵਿਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ, ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਤੇ ਨਸ਼ਾਖੋਰੀ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ ਕੀਤੀ ਹੈ। ਇਹ ਪਹਿਲਕਦਮੀ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ (ਏ.ਬੀ.ਈ.ਟੀ.) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ । ਮੋਹਾਲੀ ਸਥਿਤ ਪਲਾਕਸ਼ਾ ਯੂਨੀਵਰਸਿਟੀ ਵਿਖੇ ਕਰਵਾਏ ਉਦਘਾਟਨੀ ਸਮਾਗਮ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਨੌਜਵਾਨਾਂ ਦੇ ਸਸ਼ਕਤੀਕਰਨ ਵਿਚ ਵਿੱਦਿਅਕ ਸੰਸਥਾਵਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਸੰਗਤ’ ਨੌਜਵਾਨਾਂ ਨੂੰ ਜਾਗਰੂਕਤਾ, ਆਪਸੀ ਸਹਿਯੋਗ ਅਤੇ ਸਮੂਹਿਕ ਯਤਨਾਂ ਰਾਹੀਂ ਮਾਨਸਿਕ ਸਿਹਤ ਦੀਆਂ ਚੁਣੌਤੀਆਂ ਤੇ ਨਸ਼ਾਖੋਰੀ ਨਾਲ ਨਜਿੱਠਣ ਦੇ ਸਮਰੱਥ ਬਣਾਉਣ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਨੂੰ ਗਲਤ ਸੰਗਤ ਤੋਂ ਬਾਹਰ ਨਿਕਲਣ ਵਿਚ ਮਦਦ ਕਰਨਾ ਬਹੁਤ ਨੇਕ ਕਾਰਜ ਹੈ। ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ ਤੇ ਐਂਪਾਵਰ ਦੀ ਸੰਸਥਾਪਕ ਤੇ ਚੇਅਰਪਰਸਨ ਨੀਰਜਾ ਬਿਰਲਾ ਨੇ ਮਾਨਸਿਕ ਸਿਹਤ ਸਮੱਸਿਆਵਾਂ ਅਤੇ ਨਸ਼ਾਖੋਰੀ ਦੀ ਰੋਕਥਾਮ ਲਈ ਨਿਰੰਤਰ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ । ਅਦਾਕਾਰ ਅਪਾਰਸ਼ਕਤੀ ਖੁਰਾਣਾ ਨੇ ਵੀ ਨੌਜਵਾਨਾਂ ਲਈ ਅਜਿਹਾ ਮਾਹੌਲ ਸਿਰਜਣ ਦੀ ਮਹੱਤਤਾ ਦੱਸੀ, ਜਿੱਥੇ ਉਹ ਆਪਣੀਆਂ ਮੁਸ਼ਕਿਲਾਂ ਖੁੱਲ੍ਹ ਕੇ ਸਾਂਝੀਆਂ ਕਰ ਸਕਣ। ਇਸ ਪ੍ਰੋਗਰਾਮ ਤਹਿਤ ਹਰੇਕ ਭਾਗੀਦਾਰ ਕਾਲਜ ਦੇ 25 ਵਿਦਿਆਰਥੀਆਂ ਨੂੰ 14 ਘੰਟਿਆਂ ਦੀ ‘ਯੂਥ ਮੈਂਟਲ ਹੈਲਥ ਫਸਟ ਏਡ’ ਸਿਖਲਾਈ ਦਿੱਤੀ ਜਾਵੇਗੀ ਤੇ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਇਸ ਪ੍ਰੋਗਰਾਮ ’ਚ ‘ਯੁਵਾ’ ਦੇ ਸਹਿ-ਸੰਸਥਾਪਕ ਅਤੇ ਮੁਖੀ ਨਿਖਿਲ ਤਨੇਜਾ ਅਤੇ ਕੌਮਿਕ ਸਿੰਘ ਵਜੋਂ ਜਾਣੇ ਜਾਂਦੇ ਪੰਜਾਬੀ ਕਾਮੇਡੀਅਨ ਮਨਪ੍ਰੀਤ ਸਿੰਘ ਸਮੇਤ ਸਿੱਖਿਆ ਅਧਿਕਾਰੀ, ਭਾਗ ਲੈਣ ਵਾਲੇ ਕਾਲਜਾਂ ਦੇ ਨੋਡਲ ਪ੍ਰੋਫੈਸਰ, ‘ਸੰਗਤ’ ਵਿਦਿਆਰਥੀ ਮੈਂਬਰ ਅਤੇ ਏ. ਬੀ. ਈ. ਟੀ. ਦੇ ਨੁਮਾਇੰਦੇ ਵੀ ਹਾਜ਼ਰ ਸਨ।