ਕਿਸਾਨਾਂ ਨੂੰ ‘ਆਪ’ ਸਰਕਾਰ ਵਲੋਂ ਵੱਡੀ ਰਾਹਤ-ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ’ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀ.ਡੀ.ਐਸ) ਵਿਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸ ਨੂੰ 29 ਦਸੰਬਰ, 2026 ਤੱਕ ਵਧਾ ਦਿੱਤਾ ਹੈ। ਇਸ ਦੇ ਨਾਲ ਹੀ, ਸਰਵਿਸ ਕੁਨੈਕਸ਼ਨ ਚਾਰਜਿਜ਼ ਨੂੰ 6,572 ਰੁਪਏ ਤੋਂ ਘਟਾ ਕੇ ਸਿਰਫ਼ 2,500 ਰੁਪਏ ਪ੍ਰਤੀ ਬੀ.ਐਚ.ਪੀ ਅਤੇ ਸਕਿਓਰਿਟੀ ਡਿਪਾਜ਼ਿਟ ਨੂੰ 400 ਰੁਪਏ ਤੋਂ ਘਟਾ ਕੇ 200 ਰੁਪਏ ਪ੍ਰਤੀ ਬੀ.ਐਚ.ਪੀ. ਕਰ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਵਾਧੂ ਲੋਡ ਬਾਰੇ ਖ਼ੁਦ ਜਾਣਕਾਰੀ ਦੇਣ ਜਾਂ ਨਿਰੀਖਣ ਦੌਰਾਨ ਫੜੇ ਗਏ ਵਾਧੂ ਲੋਡ ’ਤੇ ਕੋਈ ਜੁਰਮਾਨਾ ਜਾਂ ਲੋਡ ਸਰਚਾਰਜ ਨਹੀਂ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਉਦੇਸ਼ ਕਿਸਾਨਾਂ ਨੂੰ ਨਿਰਧਾਰਿਤ ਨਿਯਮਾਂ ਅਨੁਸਾਰ ਆਪਣੇ ਖੇਤੀਬਾੜੀ ਟਿਊਬਵੈੱਲਾਂ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਇਕ ਸਰਲ ਅਤੇ ਕਿਫ਼ਾਇਤੀ ਮੌਕਾ ਪ੍ਰਦਾਨ ਕਰਨਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਮੁੱਖ ਵਿਸ਼ੇਸ਼ਤਾ ਕਿਸਾਨਾਂ ਨੂੰ ਦਿੱਤੀ ਗਈ ਵਿੱਤੀ ਰਾਹਤ ਹੈ। ਪਹਿਲਾਂ, ਵਾਧੂ ਲੋਡ ਨੂੰ ਨਿਯਮਤ ਕਰਨ ਲਈ ਕਿਸਾਨਾਂ ਨੂੰ 6,572 ਰੁਪਏ ਪ੍ਰਤੀ ਬੀ.ਐਚ.ਪੀ ਦੇ ਹਿਸਾਬ ਨਾਲ ਸਰਵਿਸ ਕੁਨੈਕਸ਼ਨ ਚਾਰਜਿਜ਼ ਦੇਣੇ ਪੈਂਦੇ ਸਨ। ਹੁਣ ਇਸ ਰਕਮ ਨੂੰ ਘਟਾ ਕੇ ਸਿਰਫ਼ 2,500 ਰੁਪਏ ਪ੍ਰਤੀ ਬੀ.ਐਚ.ਪੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ, ਸਕਿਓਰਿਟੀ ਡਿਪਾਜ਼ਿਟ ਨੂੰ ਵੀ 400 ਰੁਪਏ ਤੋਂ ਘਟਾ ਕੇ 200 ਰੁਪਏ ਪ੍ਰਤੀ ਬੀ.ਐਚ.ਪੀ ਕਰ ਦਿੱਤਾ ਗਿਆ ਹੈ।